ਨਵਾਂਸ਼ਹਿਰ, 5 ਫਰਵਰੀ (ਜਸਬੀਰ ਸਿੰਘ ਨੂਰਪੁਰ) -12 ਫਰਵਰੀ ਦੀ ਦੇਸ਼ ਵਿਆਪੀ ਹੜਤਾਲ ਦੀ ਸਫ਼ਲਤਾ ਲਈ ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨਾਂ ਦੀ ਸਾਂਝੀ ਮੀਟਿੰਗ ਸਥਾਨਕ ਬਾਰਾਦਰੀ ਬਾਗ਼ ਵਿਖੇ ਹੋਈ | ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਇਫ਼ਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਸੀਟੂ ਦੇ ਸੂਬਾ ਸਕੱਤਰ ਮਹਾਂ ਸਿੰਘ ਰੌੜੀ, ਕੁਲ ਹਿੰਦ ਕਿਸਾਨ ਸਭਾ ਦੇ ਆਗੂ ਬਲਵੀਰ ਸਿੰਘ ਜਾਡਲਾ, ਜਸਵਿੰਦਰ ਸਿੰਘ ਭੰਗਲ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ, ਭੁਪਿੰਦਰ ਸਿੰਘ ਵੜੈਚ, ਜਮਹੂਰੀ ਕਿਸਾਨ ਸਭਾ ਦੇ ਆਗੂ ਕੁਲਦੀਪ ਸਿੰਘ ਦੌੜਕਾ ਨੇ ਕਿਹਾ ਕਿ ਹੜਤਾਲ ਨੂੰ ਸਫ਼ਲ ਬਣਾਉਣ ਲਈ ਪੂਰੀ ਤਿਆਰੀ ਵਿੱਚ ਜੁਟ ਜਾਣਾ ਚਾਹੀਦਾ ਹੈ | ਉਹਨਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ 'ਤੇ ਦੇਸ਼ੀ ਵਿਦੇਸ਼ੀ ਸਰਮਾਏਦਾਰਾਂ ਨੂੰ ਖੁਸ਼ ਕਰਨ ਲਈ ਮਜ਼ਦੂਰਾਂ ਤੋਂ ਯੂਨੀਅਨ ਬਣਾਉਣ ਤੇ ਸੰਘਰਸ਼ ਕਰਨ ਵਰਗੇ ਬੁਨੀਆਦੀ ਹੱਕ ਖੋਹਣ ਲਈ ਕੇਂਦਰ ਸਰਕਾਰ ਮਜ਼ਦੂਰ ਪੱਖੀ 29 ਲੇਬਰ ਕਾਨੂੰਨਾਂ ਨੂੰ ਖ਼ਤਮ ਕਰਕੇ 4 ਲੇਬਰ ਕੋਡ ਲੈ ਕੇ ਆਈ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਨ੍ਹਾਂ ਚਾਰ ਲੇਬਰ ਕੋਡਾਂ ਨੂੰ 1 ਅਪ੍ਰੈਲ ਤੋਂ ਲਾਗੂ ਕਰਨ ਦਾ ਐਲਾਨ ਕੀਤਾ ਹੈ | ਉਨ੍ਹਾਂ ਕਿਹਾ ਕਿ ਇਹ ਕੋਡ ਲਾਗੂ ਹੋਣ ਨਾਲ ਮਜ਼ਦੂਰਾਂ ਕੋਲ ਆਪਣੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਅਤੇ ਪ੍ਰਾਪਤ ਕਰਨ ਲਈ ਯੂਨੀਅਨ ਬਣਾਉਣ ਅਤੇ ਸੰਘਰਸ਼ ਕਰਨ ਦਾ ਜਮਹੂਰੀ ਅਧਿਕਾਰ ਖ਼ਤਮ ਹੋ ਜਾਵੇਗਾ | ਕੰਮ ਦਾ ਮਿਹਨਤਾਨਾ ਵਧਾਉਣ ਦੀ ਥਾਂ ਕੰਮ ਘੰਟੇ 8 ਤੋਂ 12 ਘੰਟੇ ਦੀ ਦਿਹਾੜੀ ਹੋਵੇਗੀ | ਇਸ ਮੀਟਿੰਗ ਵਿੱਚ ਤਰਸੇਮ ਸਿੰਘ ਬੈਂਸ, ਸੁਰਿੰਦਰ ਸਿੰਘ ਮਹਿਰਮਪੁਰ, ਸੁਖਦੇਵ ਸਿੰਘ ਗਰਚਾ, ਜਰਨੈਲ ਸਿੰਘ ਰਾਣੇਵਾਲ ਅਤੇ ਰਾਮਜੀ ਦਾਸ ਸਨਾਵਾ ਆਗੂ ਵੀ ਹਾਜ਼ਰ ਸਨ |