ਔੜ/ਝਿੰਗੜਾਂ, 22 ਫਰਵਰੀ (ਕੁਲਦੀਪ ਸਿੰਘ ਝਿੰਗੜ)-ਰਾਜਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਿੰਗੜਾਂ ਵਿਖੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਦੌਰਾਨ ਪ੍ਰੋਫੈਸਰ ਕਮਲਜੀਤ ਕੌਰ ਪੂਨੀ ਨੇ ਮਨੁੱਖੀ ਜੀਵਨ ਵਿੱਚ ਮਾਂ ਬੋਲੀ ਦੀ ਅਹਿਮੀਅਤ ਸਬੰਧੀ ਵਿਸਥਾਰਪੂਰਵਕ ਪਰਚਾ ਪੜ੍ਹਦਿਆਂ ਕਿਹਾ ਕਿ ਮਾਂ ਬੋਲੀ ਸਿਰਫ਼ ਸੰਚਾਰ ਦਾ ਸਾਧਨ ਹੀ ਨਹੀਂ ਸਗੋਂ ਸਾਡੀ ਸਭਿਆਚਾਰਕ ਪਰੰਪਰਾਵਾਂ ਅਤੇ ਪਛਾਣ ਦੀ ਧੁਰੀ ਹੈ | ਇਸੇ ਤਰ੍ਹਾਂ ਨਰਿੰਦਰ ਪਾਲ ਸਿੰਘ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿਚ ਮਾਂ ਬੋਲੀ ਨੂੰ ਬਚਾਉਣ, ਬੋਲਣ ਅਤੇ ਲਿਖਣ ਦੀ ਵੱਡੀ ਲੋੜ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਰੋਜ਼ਾਨਾ ਜੀਵਨ ਵਿੱਚ ਪੰਜਾਬੀ ਭਾਸ਼ਾ ਦੀ ਵਰਤੋਂ ਨੂੰ ਤਰਜੀਹ ਦੇਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਵਿਦਿਆਰਥੀਆਂ ਵੱਲੋਂ ਪੋਸਟਰ ਬਣਾਉਣ, ਕਵਿਤਾ ਪਾਠ, ਗੀਤ ਗਾਇਨ ਅਤੇ ਲੇਖ ਲਿਖਣ ਵਰਗੀਆਂ ਗਤੀਵਿਧੀਆਂ ਰਾਹੀਂ ਆਪਣੀ ਰਚਨਾਤਮਿਕ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਪੰਜਾਬੀ ਭਾਸ਼ਾ ਪ੍ਰਤੀ ਆਪਣੇ ਪਿਆਰ ਨੂੰ ਪ੍ਰਗਟ ਕੀਤਾ | ਇਸ ਤਰ੍ਹਾਂ ਸਕੂਲ ਦੇ ਮੈਨੇਜਰ ਕਮਲਜੀਤ ਸਿੰਘ ਗਰਚਾ ਨੇ ਕਿਹਾ ਕਿ ਪੰਜਾਬੀ ਭਾਸ਼ਾ ਦੀ ਤਰੱਕੀ ਲਈ ਹਰ ਪੱਧਰ 'ਤੇ ਯਤਨ ਕਰਨੇ ਲਾਜ਼ਮੀ ਹਨ | ਉਹਨਾਂ ਵਿਦਿਆਰਥੀਆਂ ਨੂੰ ਮਾਂ ਬੋਲੀ ਦੇ ਪ੍ਰਚਾਰ ਪ੍ਰਸਾਰ ਵਿਚ ਆਪਣਾ ਯੋਗਦਾਨ ਪਾਉਣ ਲਈ ਕਿਹਾ | ਜਸਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਮਾਂ ਬੋਲੀ 'ਚ ਅਖ਼ਬਾਰਾਂ ਤੇ ਕਿਤਾਬਾਂ ਪੜ੍ਹਨ ਲਈ ਪ੍ਰੇਰਨਾ ਦਾਇਕ ਪੇਪਰ ਪੜਿ੍ਹਆ ਤੇ ਉਨ੍ਹਾਂ ਵਲੋਂ ਸਮਾਗਮ ਵਿਚ ਹਿੱਸਾ ਲੈ ਰਹੇ ਅਧਿਆਪਕਾਂ ਦਾ ਧੰਨਵਾਦ ਕੀਤਾ ਗਿਆ | ਪਿ੍ੰਸੀਪਲ ਤਰਜੀਵਨ ਸਿੰਘ ਗਰਚਾ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਮਾਂ ਬੋਲੀ ਹਰ ਇਨਸਾਨ ਦੀ ਰੂਹ ਨਾਲ ਜੁੜੀ ਹੋਈ ਹੁੰਦੀ ਹੈ ਅਤੇ ਇਸ ਦੀ ਸੰਭਾਲ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ | ਉਨ੍ਹਾਂ ਕਿਹਾ ਕਿ ਸਿੱਖਿਆ ਸੰਸਥਾਵਾਂ ਦਾ ਮੁੱਢਲਾ ਫ਼ਰਜ਼ ਹੈ ਕਿ ਉਹ ਬੱਚਿਆਂ ਵਿੱਚ ਮਾਂ ਬੋਲੀ ਪ੍ਰਤੀ ਸਤਿਕਾਰ ਅਤੇ ਜਾਗਰੂਕਤਾ ਪੈਦਾ ਕਰਨ | ਇਸ ਮੌਕੇ ਉਨ੍ਹਾਂ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਜਸਕਰਨ ਸਿੰਘ, ਨਿਰਮਲ ਸੈਣੀ, ਇਕਬਾਲ ਕੌਰ, ਅਜੈ ਕੁਮਾਰ, ਮਨਪ੍ਰੀਤ ਕੌਰ, ਸੁਖਵਿੰਦਰ ਕੌਰ, ਗੁਰਪ੍ਰੀਤ ਕੌਰ, ਸੀਮਾ ਰਾਣੀ, ਮਮਤਾ ਰਾਣੀ ਆਦਿ ਹਾਜ਼ਰ ਸਨ |