ਨਵਾਂਸ਼ਹਿਰ, 24 ਫਰਵਰੀ (ਦੀਦਾਰ ਸਿੰਘ ਸ਼ੇਤਰਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਹਾੜ੍ਹੀ ਦੇ ਕਿਸਾਨ ਮੇਲਿਆਂ ਦੀ ਲੜੀ 'ਚ ਜਾਰੀ ਬਿਆਨ ਅਨੁਸਾਰ ਖੇਤਰੀ ਖੋਜ ਕੇਂਦਰ, ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਦਿਨ ਸਨਿਚਰਵਾਰ ਨੂੰ ਲਗਾਇਆ ਜਾ ਰਿਹਾ ਹੈ | ਇਸ ਮੇਲੇ ਸੰਬੰਧੀ ਕੰਢੀ ਇਲਾਕੇ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪ੍ਰਚਾਰ ਵੈਨ ਖੇਤਰੀ ਖੋਜ ਕੇਂਦਰ ਵਲੋਂ ਰਵਾਨਾ ਕੀਤੀ ਗਈ | ਇਸ ਮੌਕੇ ਪਬਲੀਸਿਟੀ ਕਮੇਟੀ ਦੇ ਕਨਵੀਨਰ ਡਾ. ਵਰੁਣ ਅੱਤਰੀ ਨੇ ਦੱਸਿਆ ਕਿ ਇਹ ਪ੍ਰਚਾਰ ਵੈਨ ਰਾਹੀਂ ਨਵਾਂਸ਼ਹਿਰ, ਹੁਸ਼ਿਆਰਪੁਰ ਅਤੇ ਰੋਪੜ ਦੇ ਵੱਖ-ਵੱਖ ਇਲਾਕਿਆਂ ਵਿੱਚ ਜਾ ਕੇ ਮੇਲੇ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ | ਖੇਤਰੀ ਖੋਜ ਕੇਂਦਰ ਦੇ ਨਿਰਦੇਸ਼ਕ ਡਾ. ਮਨਮੋਹਨਜੀਤ ਸਿੰਘ ਦੱਸਿਆ ਕਿ ਇਸ ਮੌਕੇ ਵੱਖ-ਵੱਖ ਵਿਸ਼ਿਆਂ ਦੇ ਮਾਹਿਰ ਤਕਨੀਕੀ ਜਾਣਕਾਰੀ ਸਾਂਝੀ ਕਰਨ ਦੇ ਨਾਲ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਜਵਾਬ ਵੀ ਦੇਣਗੇ | ਇਸ ਮੇਲੇ ਦੌਰਾਨ ਸਾਉਣੀ ਰੁੱਤ ਵਿੱਚ ਬੀਜੀਆਂ ਜਾਣ ਵਾਲੀਆਂ ਫ਼ਸਲਾਂ ਦੀਆਂ ਸੁਧਰੀਆਂ ਕਿਸਮਾਂ ਦੇ ਬੀਜ, ਫਲਦਾਰ ਬੂਟੇ ਅਤੇ ਸਬਜ਼ੀਆਂ ਦੇ ਬੀਜਾਂ ਦੀਆਂ ਕਿੱਟਾਂ ਵੀ ਮੇਲੇ ਵਿੱਚ ਦਿੱਤੀਆਂ ਜਾਣਗੀਆਂ |