ਨਵਾਂਸ਼ਹਿਰ, 25 ਫਰਵਰੀ (ਦੀਦਾਰ ਸਿੰਘ ਸ਼ੇਤਰਾ)-ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਜ਼ਿਲ੍ਹਾ ਪੀ.ਸੀ.ਪੀ.ਐੱਨ.ਡੀ.ਟੀ. ਸਲਾਹਕਾਰ ਕਮੇਟੀ ਦੀ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ | ਮੀਟਿੰਗ ਦਾ ਮੁੱਖ ਉਦੇਸ਼ ਪੀ.ਸੀ.ਪੀ.ਐੱਨ.ਡੀ.ਟੀ. ਨੂੰ ਜ਼ਿਲ੍ਹੇ ਵਿੱਚ ਸਖ਼ਤੀ ਅਤੇ ਪਾਰਦਰਸ਼ਤਾ ਨਾਲ ਲਾਗੂ ਕਰਨਾ ਹੈ, ਤਾਂ ਜੋ ਲਿੰਗ ਚੋਣ ਸਬੰਧੀ ਗੈਰ-ਕਾਨੂੰਨੀ ਗਤੀਵਿਧੀਆਂ 'ਤੇ ਪੂਰੀ ਤਰ੍ਹਾਂ ਰੋਕ ਲਗਾਈ ਜਾ ਸਕੇ | ਮੀਟਿੰਗ ਦੀ ਸ਼ੁਰੂਆਤ ਕਰਦੇ ਹੋਏ ਕਾਰਜਕਾਰੀ ਪੀ.ਐਨ.ਡੀ.ਟੀ. ਕੋਆਰਡੀਨੇਟਰ ਡਾ. ਹਰਨੇਕ ਸਿੰਘ ਵੱਲੋਂ ਕਮੇਟੀ ਮੈਂਬਰਾਂ ਨੂੰ ਵੱਖ-ਵੱਖ ਏਜੰਡਾ ਮੁੱਦਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਜ਼ਿਲ੍ਹੇ ਅੰਦਰ ਚੱਲ ਰਹੇ ਅਲਟਰਾਸਾਊਾਡ ਕੇਂਦਰਾਂ ਦੀ ਨਿਗਰਾਨੀ ਕਰਨ ਤੇ ਰਿਕਾਰਡ ਦਾ ਰੱਖ-ਰਖਾਅ ਕਰਨ ਦੀ ਪ੍ਰਕਿਰਿਆ ਦੀ ਸਮੀਖਿਆ ਕੀਤੀ | ਉਨ੍ਹਾਂ ਨੇ ਫਾਰਮ ਸਹੀ ਤਰੀਕੇ ਨਾਲ ਭਰਨ ਅਤੇ ਨਿਯਮਾਂ ਅਨੁਸਾਰ ਡਿਸਪਲੇ ਬੋਰਡ ਲਗਾਉਣ ਸਬੰਧੀ ਵੀ ਦਿਸ਼ਾ-ਨਿਰਦੇਸ਼ ਦਿੱਤੇ | ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਗੈਰ-ਕਾਨੂੰਨੀ ਲਿੰਗ ਜਾਂਚ 'ਤੇ ਪੂਰੀ ਪਾਬੰਦੀ ਹੈ ਤੇ ਪੀ.ਸੀ.ਪੀ.ਐੱਨ.ਡੀ.ਟੀ. ਐਕਟ ਦੀ ਉਲੰਘਣਾ ਕਰਨ ਵਾਲਿਆਂ ਨਾਲ ਕਿਸੇ ਵੀ ਤਰ੍ਹਾਂ ਦੀ ਰਿਆਇਤ ਨਹੀਂ ਵਰਤੀ ਜਾਵੇਗੀ | ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ, ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ, ਡਾ. ਹਰਕੇਸ਼ ਕੁਮਾਰ, ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਪ੍ਰਤੀਨਿਧ ਅਜੇਵੀਰ ਸਿੰਘ ਰਾਣਾ, ਕਮੇਟੀ ਮੈਂਬਰ ਡਾ. ਹਰਕੇਸ਼ ਕੁਮਾਰ, ਜ਼ਿਲ੍ਹਾ ਡਿਪਟੀ ਅਟਾਰਨੀ ਤੇਜਵੀਰ ਸਿੰਘ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਦਲਜੀਤ ਸਿੰਘ, ਸਮਾਜ ਸੇਵੀ ਰਤਨ ਜੈਨ, ਬੀਰਬਲ ਤੱਖੀ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੇ ਪ੍ਰਤੀਨਿਧੀ ਸੁਰਜੀਤ ਸਿੰਘ ਤੇ ਹੋਰ ਕਮੇਟੀ ਮੈਂਬਰ ਹਾਜ਼ਰ ਸਨ |