ਨਵਾਂਸ਼ਹਿਰ, 6 ਮਾਰਚ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਰਕਾਰ ਵਲੋਂ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਖਟਕੜ ਕਲਾਂ ਵਿਖੇ ਰਾਜ ਪੱਧਰੀ ਸਮਾਗਮ ਦੇ ਤੌਰ 'ਤੇ ਮਨਾਉਣ ਦਾ ਫ਼ੈਸਲਾ ਲਿਆ ਗਿਆ ਹੈ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਇਸ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਦਿੱਤੀ | ਵੱਖ-ਵੱਖ ਅਧਿਕਾਰੀਆਂ ਨੂੰ ਡਿਊਟੀਆਂ ਸੌਂਪਦਿਆਂ ਉਨ੍ਹਾਂ ਹਦਾਇਤ ਕੀਤੀ ਕਿ ਹੁਣ ਤੋਂ ਹੀ ਸਮਾਗਮ ਦੀਆਂ ਤਿਆਰੀਆਂ ਆਰੰਭ ਕਰ ਦਿੱਤੀਆਂ ਜਾਣ | ਇਸ ਦੌਰਾਨ ਉਨ੍ਹਾਂ ਸੁਰੱਖਿਆ, ਪਾਰਕਿੰਗ, ਬੈਰੀਕੇਡਿੰਗ, ਪੰਡਾਲ, ਸਟੇਜ, ਆਰਜ਼ੀ ਵਾਸ਼ਰੂਮ, ਸਾਫ-ਸਫਾਈ, ਡਾਕਟਰੀ ਸਹਾਇਤਾ, ਸਜਾਵਟ, ਸਾਊਾਡ ਸਿਸਟਮ, ਪੀਣ ਵਾਲੇ ਪਾਣੀ, ਫਾਇਰ ਬਿ੍ਗੇਡ, ਨਿਰਵਿਘਨ ਬਿਜਲੀ ਸਪਲਾਈ, ਰਿਫਰੈਸ਼ਮੈਂਟ, ਪ੍ਰਚਾਰ-ਪ੍ਰਸਾਰ ਅਤੇ ਹੋਰਨਾਂ ਪ੍ਰਬੰਧਾਂ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ | ਉਨ੍ਹਾਂ ਅਧਿਕਾਰੀਆਂ ਨੂੰ ਆਪਣੀਆਂ ਡਿਊਟੀਆਂ ਮਿਹਨਤ, ਤਨਦੇਹੀ ਅਤੇ ਸੇਵਾ ਭਾਵਨਾ ਨਾਲ ਨਿਭਾਉਣ ਦੀ ਤਾਕੀਦ ਕੀਤੀ ਤਾਂ ਜੋ ਇਸ ਸਮਾਗਮ ਨੂੰ ਵਧੀਆ ਢੰਗ ਨਾਲ ਨੇਪਰੇ ਚਾੜਿ੍ਹਆ ਜਾ ਸਕੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਬਲਵੀਰ ਰਾਜ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿ) ਅਵਨੀਤ ਕੌਰ, ਐਸ.ਡੀ.ਐਮ ਬੰਗਾ ਵਿਪਨ ਭੰਡਾਰੀ, ਸਹਾਇਕ ਕਮਿਸ਼ਨਰ (ਜ) ਜਗਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ |