ਨਵਾਂਸ਼ਹਿਰ/ਉਸਮਾਨਪੁਰ, 9 ਮਾਰਚ (ਜਸਬੀਰ ਸਿੰਘ ਨੂਰਪੁਰ, ਸੰਦੀਪ ਮਝੂਰ)-ਪੰਜਾਬ ਰਾਜ ਬਿਜਲੀ ਬੋਰਡ, ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰ ਗਰਿਡ ਸਬ ਸਟੇਸ਼ਨ, ਇੰਪਲਾਈਜ਼ ਯੂਨੀਅਨ ਪਾਵਰਕਾਮ ਐਂਡ ਟਰਾਂਸਕੋ ਪੈਨਸ਼ਰ ਯੂਨੀਅਨ ਅਤੇ ਪੈਨਸ਼ਨਰ ਵੈਲਫੇਅਰ ਫੈਡਰੇਸ਼ਨ ਪੰਜਾਬ ਦੇ ਸੱਦੇ 'ਤੇ ਸਰਕਲ ਨਵਾਂਸ਼ਹਿਰ ਦੇ ਮੁਲਾਜ਼ਮ ਤੇ ਪੈਨਸ਼ਨਰ ਵੱਡੀ ਗਿਣਤੀ ਵਿੱਚ ਮੋਹਾਲੀ ਵਿਖੇ ਲਾਈਟਾਂ ਵਾਲੇ ਚੌਂਕ ਵਿਚ 11 ਮਾਰਚ ਦਿਨ ਬੁੱਧਵਾਰ ਨੂੰ ਰੋਸ ਧਰਨਾ ਦੇਣਗੇ | ਇਹ ਜਾਣਕਾਰੀ ਦਿੰਦਿਆਂ ਮੋਹਣ ਸਿੰਘ ਬੂਟਾ ਉਟਾਲਾਂ ਪ੍ਰਧਾਨ ਇੰਪਲਾਈਜ਼ ਫੈਡਰੇਸ਼ਨ ਸਰਕਲ ਨਵਾਂਸ਼ਹਿਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਾਰੀ ਬਜਟ ਵਿਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਕੁੱਝ ਵੀ ਨਹੀਂ ਰੱਖਿਆ ਗਿਆ | ਜਦਕਿ ਕੇਂਦਰ ਸਰਕਾਰ ਦੇ ਮੁਲਾਜ਼ਮ ਅਤੇ ਪੈਨਸ਼ਨਰਾਂ ਨੂੰ 16 ਫੀਸਦੀ ਡੀ. ਏ ਘੱਟ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਵੱਲਅਜੇ ਤੱਕ 4 ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਕੋਈ ਧਿਆਨ ਨਹੀਂ ਦਿੱਤਾ | ਉਨ੍ਹਾਂ ਕਿਹਾ ਕਿ ਪੰਜਾਬ ਰਾਜ ਬਿਜਲੀ ਕਾਰਪੋਰੇਸ਼ਨ ਦੇ ਸਮੁੱਚੇ ਮੁਲਾਜ਼ਮ ਅਤੇ ਪੈਨਸ਼ਨਰ ਲਾਈਟਾਂ ਵਾਲੇ ਚੌਂਕ ਮੁਹਾਲੀ ਵਿਖੇ ਵਿਸ਼ਾਲ ਇਕੱਠ ਕਰਕੇ ਪੰਜਾਬ ਵਿਧਾਨ ਸਭਾ ਵੱਲ ਰੋਸ ਮਾਰਚ ਕਰਨਗੇ |