ਬਲਾਚੌਰ, 10 ਮਾਰਚ (ਨਰੇਸ਼ ਧੌਲ)-ਆਮ ਆਦਮੀ ਪਾਰਟੀ ਦੇ ਹਲਕਾ ਬਲਾਚੌਰ ਤੋਂ ਯੂਥ ਵਿੰਗ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਸੈਣੀ ਨੇ ਕੇਂਦਰ ਸਰਕਾਰ ਵਲੋਂ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਦੀ ਕੜੀ ਨਿੰਦਾ ਕਰਦੇ ਹੋਏ ਕਿਹਾ ਕਿ ਇਹ ਫ਼ੈਸਲਾ ਆਮ ਜਨਤਾ ਦੀ ਜੇਬ 'ਤੇ ਸਿੱਧਾ ਡਾਕਾ ਮਾਰਨ ਦੇ ਬਰਾਬਰ ਸਾਬਤ ਹੋ ਰਿਹਾ ਹੈ | ਗੁਰਪ੍ਰੀਤ ਸਿੰਘ ਸੈਣੀ ਨੇ ਕਿਹਾ ਕਿ ਪਹਿਲਾਂ ਹੀ ਮਹਿੰਗਾਈ ਦੀ ਮਾਰ ਝੱਲ ਰਹੀ ਜਨਤਾ ਲਈ ਰਸੋਈ ਗੈਸ ਦੀ ਕੀਮਤ ਵਿਚ ਵਾਧਾ ਹੋਰ ਮੁਸ਼ਕਲਾਂ ਖੜ੍ਹੀਆਂ ਕਰੇਗਾ | ਖ਼ਾਸ ਕਰਕੇ ਮੱਧ ਵਰਗ ਅਤੇ ਗ਼ਰੀਬ ਪਰਿਵਾਰਾਂ ਲਈ ਘਰੇਲੂ ਖ਼ਰਚੇ ਚਲਾਉਣਾ ਹੋਰ ਵੀ ਔਖਾ ਹੋ ਜਾਵੇਗਾ | ਸੈਣੀ ਨੇ ਕਿਹਾ ਕਿ ਇੱਕ ਪਾਸੇ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਦੇ ਵਾਅਦੇ ਕੀਤੇ ਜਾਂਦੇ ਹਨ, ਦੂਜੇ ਪਾਸੇ ਲਗਾਤਾਰ ਰਸੋਈ ਗੈਸ, ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ ਆਮ ਲੋਕਾਂ 'ਤੇ ਬੋਝ ਪਾਇਆ ਜਾ ਰਿਹਾ ਹੈ | ਸੈਣੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਲਈ ਖੜ੍ਹੀ ਰਹੀ ਹੈ ਅਤੇ ਜਨਤਾ 'ਤੇ ਪੈ ਰਹੇ ਇਸ ਵਾਧੂ ਬੋਝ ਦੇ ਖ਼ਿਲਾਫ਼ ਆਪਣੀ ਆਵਾਜ਼ ਉਠਾਉਂਦੀ ਰਹੇਗੀ | ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਤੁਰੰਤ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਕੀਤਾ ਵਾਧਾ ਵਾਪਸ ਲਿਆ ਜਾਵੇ ਤਾਂ ਜੋ ਲੋਕਾਂ ਨੂੰ ਰਾਹਤ ਪ੍ਰਾਪਤ ਹੋ ਸਕੇ |
ਕੇਂਦਰ ਨੇ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਵਾਧਾ ਕਰ ਕੇ ਜਨਤਾ ਦੀ ਜੇਬ 'ਤੇ ਮਾਰਿਆ ਡਾਕਾ- ਸੈਣੀ <br/>
ਅਜੀਤ ਡੈਸਕ
11-03-2026