ਟਾਂਡਾ ਉੜਮੁੜ, 12 ਮਾਰਚ (ਭਗਵਾਨ ਸਿੰਘ ਸੈਣੀ)-ਕਾਂਗਰਸ ਦੇ ਜ਼ਿਲ੍ਹਾ ਹੁਸ਼ਿਆਰਪੁਰ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ ਨੇ ਪੰਜਾਬ ਦੀ 'ਆਪ' ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਮੁਲਾਜ਼ਮ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਇਸ ਬਜਟ ਵਿਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਉਮੀਦਾਂ 'ਤੇ ਪਾਣੀ ਫਿਰ ਗਿਆ ਹੈ | ਉਨ੍ਹਾਂ ਆਖਿਆ ਕਿ ਪੁਰਾਣੀ ਪੈਨਸ਼ਨ ਨੂੰ ਬਹਾਲ ਨਾ ਕਰਕੇ ਆਪ ਸਰਕਾਰ ਨੇ ਕਰਮਚਾਰੀਆਂ ਨਾਲ ਧੋਖਾ ਕੀਤਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੇ ਬਜਟ ਵਿਚ ਮੁਲਾਜ਼ਮ ਵਰਗ ਲਈ ਕੋਈ ਵੱਡੀ ਰਾਹਤ ਨਹੀਂ ਦਿੱਤੀ ਤੇ ਨਾ ਹੀ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਦਾ ਕੋਈ ਹੱਲ ਪੇਸ਼ ਕੀਤਾ ਹੈ | ਗਿਲਜੀਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਵੱਲ ਜਲਦੀ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿਚ ਮੁਲਾਜ਼ਮ ਵਰਗ ਦੇ ਨਾਲ ਨਾਲ ਕਾਂਗਰਸ ਪਾਰਟੀ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ | ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਗੁਰਸੇਵਕ ਮਾਰਸ਼ਲ ਅਤੇ ਕੌਂਸਲਰ ਰਾਜੇਸ਼ ਲਾਡੀ ਵੀ ਮੌਜੂਦ ਸਨ |