ਟਾਂਡਾ ਉੜਮੁੜ, 12 ਮਾਰਚ (ਕੁਲਬੀਰ ਸਿੰਘ ਗੁਰਾਇਆ)-ਐੱਮ. ਐੱਸ. ਕੇ. ਸਕੂਲ ਡੇ ਬੋਰਡਿੰਗ ਸਕੂਲ ਕੋਟਲੀ ਜੰਡ ਵਿਖੇ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ, ਅਧਿਆਪਕ ਵਰਗ ਅਤੇ ਵਿਦਿਆਰਥੀਆਂ ਵਲੋਂ ਨਵੇਂ ਸੈਸ਼ਨ ਦਾ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ | ਸਮਾਗਮ ਦੀ ਸ਼ੁਰੂਆਤ ਮੌਕੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ ਉਪਰੰਤ ਅਰਦਾਸ ਕੀਤੀ ਗਈ ਜਿਸ ਤੋਂ ਬਾਅਦ ਸਕੂਲ ਦੇ ਪਿ੍ੰਸੀਪਲ ਹਰਦੇਵ ਸਿੰਘ ਨੇ ਸਾਰੇ ਵਿਦਿਆਰਥੀਆਂ ਨੂੰ ਨਵੇਂ ਸੈਸ਼ਨ ਦੀਆਂ ਵਧਾਈਆਂ ਦਿੰਦਿਆਂ ਉਨ੍ਹਾਂ ਨੂੰ ਮਨ ਲਾ ਕੇ ਪੜ੍ਹਾਈ ਕਰਨ ਤੇ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਸਕੂਲ ਦਾ ਮਕਸਦ ਸਿਰਫ਼ ਕਿਤਾਬੀ ਗਿਆਨ ਹੀ ਨਹੀਂ, ਸਗੋਂ ਵਿਦਿਆਰਥੀਆਂ ਦੇ ਚਰਿੱਤਰ ਅਤੇ ਸ਼ਖ਼ਸੀਅਤ ਦਾ ਵਿਕਾਸ ਕਰਨਾ ਵੀ ਹੈ | ਇਸ ਮੌਕੇ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨੂੰ ਨਵੀਆਂ ਕਲਾਸਾਂ ਵਿਚ ਮਿਹਨਤ ਨਾਲ ਪੜ੍ਹਾਈ ਕਰਨ ਤੇ ਆਪਣੇ ਟੀਚੇ ਨਿਰਧਾਰਿਤ ਕਰਨ ਲਈ ਪ੍ਰੇਰਿਤ ਕੀਤਾ | ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਸੈਸ਼ਨ ਦੌਰਾਨ ਵਿਦਿਆਰਥੀਆਂ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ, ਸਭਿਆਚਾਰਕ ਗਤੀਵਿਧੀਆਂ ਅਤੇ ਨੈਤਿਕ ਸਿੱਖਿਆ ਉੱਤੇ ਵੀ ਖ਼ਾਸ ਧਿਆਨ ਦਿੱਤਾ ਜਾਵੇਗਾ | ਨਵੇਂ ਸੈਸ਼ਨ ਦੀ ਸ਼ੁਰੂਆਤ ਨਾਲ ਵਿਦਿਆਰਥੀਆਂ ਵਿਚ ਨਵਾਂ ਜੋਸ਼ ਅਤੇ ਉਤਸ਼ਾਹ ਵੇਖਣ ਨੂੰ ਮਿਲਿਆ | ਸਕੂਲ ਪ੍ਰਬੰਧਕ ਕਮੇਟੀ ਨੇ ਉਮੀਦ ਜਤਾਈ ਕਿ ਇਸ ਸਾਲ ਵੀ ਵਿਦਿਆਰਥੀ ਪੜ੍ਹਾਈ ਅਤੇ ਹੋਰ ਗਤੀਵਿਧੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕਰਨਗੇ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ |