ਨਵਾਂਸ਼ਹਿਰ, 12 ਮਾਰਚ (ਜਸਬੀਰ ਸਿੰਘ ਨੂਰਪੁਰ)-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼ਹੀਦ ਭਗਤ ਸਿੰਘ ਨਗਰ ਬਲਬੀਰ ਰਾਜ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਭਰੋਸਾ ਦੁਆਇਆ ਕਿ ਜ਼ਿਲ੍ਹੇ ਵਿਚ ਐੱਲ.ਪੀ.ਜੀ. ਸੈਲੰਡਰ, ਪੈਟਰੋਲ ਜਾਂ ਡੀਜ਼ਲ ਦੀ ਕੋਈ ਕਮੀ ਨਹੀਂ ਹੈ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜ਼ਿਲ੍ਹੇ ਵਿੱਚ ਜਰੂਰੀ ਵਸਤਾਂ ਦੀ ਉਪਲਬੱਧਤਾ ਬਾਰੇ ਡਰਨ ਦੀ ਕੋਈ ਲੋੜ ਨਹੀਂ ਹੈ | ਵਧੀਕ ਡਿਪਟੀ ਕਮਿਸ਼ਨਰ ਨੇ ਦੁਹਾਰਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡੀਜ਼ਲ ਤੇ ਪੈਟਰੋਲ ਅਤੇ ਐੱਲ.ਪੀ.ਜੀ. ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਲਈ ਸਥਿਤੀ 'ਤੇ ਬਾਰੀਕੀ ਨਾਲ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਐੱਲ. ਪੀ. ਜੀ ਅਤੇ ਪੈਟਰੋਲੀਅਮ ਡੀਲਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਬਲਬੀਰ ਰਾਜ ਸਿੰਘ ਨੇ ਜ਼ਿਲ੍ਹੇ ਵਿਚ ਜ਼ਰੂਰੀ ਚੀਜਾਂ ਦੇ ਸਟਾਕ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਲੋੜੀਂਦੀ ਮਾਤਰਾ ਵਿੱਚ ਐਲ.ਪੀ.ਜੀ. ਅਤੇ ਪੈਟਰੋਲੀਅਮ ਪਦਾਰਥ ਉਪਲਬੱਧ ਹਨ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਡਰਨ ਦੀ ਲੋੜ ਨਹੀਂ ਹੈ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਘਬਰਾ ਕੇ ਪੈਟਰੋਲ, ਡੀਜ਼ਲ ਤੇ ਐਲ.ਪੀ.ਜੀ.ਸਿਲੰਡਰ ਖ਼ਰੀਦ ਕਰਨ ਦੀ ਲੋੜ ਨਹੀਂ ਹੈ | ਉਨ੍ਹਾਂ ਕਿਹਾ ਕਿ ਅਜਿਹਾ ਵਤੀਰਾ ਬੇਲੋੜੀ ਪ੍ਰੇਸ਼ਾਨੀ ਅਤੇ ਸਪਲਾਈ ਚੇਨ ਦੇ ਪ੍ਰਬੰਧ ਨੂੰ ਪ੍ਰਭਾਵਿਤ ਕਰਦਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪਹਿਲਾਂ ਹੀ ਜ਼ਰੂਰੀ ਚੀਜਾਂ ਦੀ ਦੁਰਵਰਤੋਂ ਨੂੰ ਰੋਕਣ ਲਈ ਜ਼ਰੂਰੀ ਸੇਵਾਵਾਂ ਪ੍ਰਬੰਧਨ ਕਾਨੂੰਨ (ਈ.ਐੱਸ.ਐੱਮ.ਏ.) ਨੂੰ ਲਾਗੂ ਕੀਤਾ ਗਿਆ ਹੈ | ਉਨ੍ਹਾਂ ਤਾੜਨਾ ਕੀਤੀ ਜਰੂਰੀ ਚੀਜਾਂ ਜਿਵੇਂ ਐਲ.ਪੀ.ਜੀ. ਸਿਲੰਡਰ ਅਤੇ ਪੈਟਰੋਲੀਅਮ ਪਦਾਰਥਾਂ ਦੀ ਕਾਲਾ ਬਜਾਰੀ ਕਰਨ ਵਾਲਿਆਂ ਖਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ |