ਬਲਾਚੌਰ, 28 ਮਾਰਚ (ਨਰੇਸ਼ ਧੌਲ) - ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਦਿਲੋਂ ਧੰਨਵਾਦ ਕੀਤਾ ਗਿਆ | ਲੱਕੀ ਨੇ ਕਿਹਾ ਕਿ ਮੌਜੂਦਾ ਅੰਤਰਰਾਸ਼ਟਰੀ ਪਰਸਥਿਤੀਆਂ, ਖ਼ਾਸ ਕਰਕੇ ਅਮਰੀਕਾ ਅਤੇ ਇਰਾਨ ਵਿਚਕਾਰ ਤਣਾਅ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਆਏ ਵਾਧੇ ਨਾਲ ਸਾਰੀ ਦੁਨੀਆ ਪ੍ਰਭਾਵਿਤ ਹੋ ਰਹੀ ਹੈ | ਇਸ ਮੁਸ਼ਕਿਲ ਸਮੇਂ ਵਿੱਚ ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਉੱਤੇ ਐਕਸਾਇਜ਼ ਡਿਊਟੀ ਵਿੱਚ 10-10 ਰੁਪਏ ਦੀ ਕਟੌਤੀ ਕਰਕੇ ਆਮ ਜਨਤਾ ਨੂੰ ਵੱਡੀ ਰਾਹਤ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਇਹ ਫੈਸਲਾ ਲੋਕ ਹਿੱਤ 'ਚ ਲਿਆ ਗਿਆ ਅਤੇ ਇਹ ਇੱਕ ਸਰਾਹਣਯੋਗ ਕਦਮ ਹੈ, ਜਿਸ ਨਾਲ ਮਹਿੰਗਾਈ ਦੇ ਬੋਝ ਨੂੰ ਘਟਾਉਣ ਵਿੱਚ ਮਦਦ ਮਿਲੇਗੀ ਅਤੇ ਆਮ ਲੋਕਾਂ ਨੂੰ ਆਰਥਿਕ ਤੌਰ 'ਤੇ ਸਹੂਲਤ ਪ੍ਰਾਪਤ ਹੋਵੇਗੀ | ਇਸ ਨਾਲ ਨਾ ਸਿਰਫ਼ ਯਾਤਰਾ ਖਰਚ ਘਟੇਗਾ, ਬਲਕਿ ਰੋਜ਼ਾਨਾ ਵਰਤੋਂ ਵਾਲੀਆਂ ਵਸਤਾਂ ਦੀਆਂ ਕੀਮਤਾਂ 'ਤੇ ਵੀ ਸਕਾਰਾਤਮਕ ਅਸਰ ਪਵੇਗਾ | ਲੱਕੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਹਮੇਸ਼ਾਂ ਲੋਕ ਭਲਾਈ ਦੇ ਫੈਸਲੇ ਲੈਂਦੀ ਆ ਰਹੀ ਹੈ ਅਤੇ ਇਹ ਕਦਮ ਵੀ ਉਸਦੀ ਜਨਤਾ ਪ੍ਰਤੀ ਵਚਨਬੱਧਤਾ ਦਾ ਪ੍ਰਮਾਣ ਹੈ | ਅੰਤ ਵਿੱਚ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਦੂਰ ਅੰਦੇਸ਼ੀ ਸੋਚ ਹੇਠ ਦੇਸ਼ ਲਗਾਤਾਰ ਤਰੱਕੀ ਕਰ ਰਿਹਾ ਹੈ ਅਤੇ ਜਨਤਾ ਦੀ ਭਲਾਈ ਨੂੰ ਸਦਾ ਪ੍ਰਾਥਮਿਕਤਾ ਦਿੱਤੀ ਜਾ ਰਹੀ ਹੈ |