ਨਵਾਂਸ਼ਹਿਰ, 6 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)-ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ 10 ਅਪ੍ਰੈਲ ਨੂੰ ਬਜ਼ਾਜ ਪੈਲੇਸ, ਬੰਗਾ-ਮੁਕੰਦਪੁਰ ਰੋਡ, ਤਹਿਸੀਲ ਬੰਗਾ ਵਿਖੇ ਲਗਾਇਆ ਜਾਵੇਗਾ | ਇਹ ਜਾਣਕਾਰੀ ਡਾ. ਲੇਖ ਰਾਜ ਮੁੱਖ ਖੇਤੀਬਾੜੀ ਅਫ਼ਸਰ ਨੇ ਦਿੰਦਿਆ ਦੱਸਿਆ ਕਿ ਇਸ ਮੇਲੇ ਵਿਚ ਜ਼ਿਲ੍ਹੇ ਭਰ ਵਿੱਚੋਂ ਭਾਰੀ ਗਿਣਤੀ ਵਿਚ ਕਿਸਾਨ ਨਵੀਆਂ ਤਕਨੀਕਾਂ ਦੀ ਜਾਣਕਾਰੀ ਲੈਣ ਲਈ ਭਾਗ ਲੈਣਗੇ | ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਇਸ ਮੇਲੇ ਵਿੱਚ ਸਾਉਣੀ 2026 ਦੀਆਂ ਫਸਲਾਂ ਬਾਰੇ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਵਿਭਾਗ ਅਤੇ ਪੀ.ਏ.ਯੂ. ਲੁਧਿਆਣਾ ਦੇ ਮਾਹਿਰਾਂ ਦੀ ਟੀਮ ਵੱਲੋਂ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਮੇਲੇ ਵਿੱਚ ਮੁੱਖ ਮਹਿਮਾਨ ਡਾ. ਸੁਖਵਿੰਦਰ ਸੁੱਖੀ ਵਿਧਾਇਕ ਹਲਕਾ ਬੰਗਾ ਅਤੇ ਸ੍ਰੀਮਤੀ ਸੰਤੋਸ਼ ਕਟਾਰੀਆ ਵਿਧਾਇਕ ਹਲਕਾ ਬਲਾਚੌਰ ਸ਼ਾਮਲ ਹੋਣਗੇ | ਉਨ੍ਹਾਂ ਦੱਸਿਆ ਕਿ ਕਿਸਾਨ ਮੇਲੇ ਦਾ ਉਦਘਾਟਨ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵਲੋਂ ਕੀਤਾ ਜਾਵੇਗਾ |