ਰਾਮਗੜ੍ਹ ਸੀਕਰੀ, 7 ਅਪ੍ਰੈਲ (ਕਟੋਚ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਹੁਸ਼ਿਆਰਪੁਰ ਫੇਰੀ ਦੌਰਾਨ ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਪੰਜਾਬ ਵਲੋਂ ਉਨ੍ਹਾਂ ਨੂੰ ਕਾਲੀਆਂ ਝੰਡੀਆਂ ਦਿਖਾਉਣ ਦੇ ਦਿੱਤੇ ਪ੍ਰੋਗਰਾਮ ਨੂੰ ਅਸਫਲ ਬਣਾਉਣ ਦੇ ਉਦੇਸ਼ ਨਾਲ ਪੰਜਾਬ ਪੁਲਿਸ ਤਲਵਾੜਾ ਵਲੋਂ ਅੱਜ ਸਵੇਰੇ ਕਰੀਬ 5 ਵਜੇ ਸੰਘਰਸ਼ ਕਮੇਟੀ ਦੇ ਸੂਬਾ ਕਨਵੀਨਰ ਜਸਵੀਰ ਤਲਵਾੜਾ ਨੂੰ ਉਨ੍ਹਾਂ ਦੀ ਰਿਹਾਇਸ਼ ਵਿਖੇ ਹਿਰਾਸਤ ਵਿਚ ਲੈ ਕੇ ਘਰ ਵਿਚ ਨਜ਼ਰਬੰਦ ਕਰ ਦਿੱਤਾ ਗਿਆ | ਜਾਣਕਾਰੀ ਅਨੁਸਾਰ ਸੂਬਾ ਪੱਧਰੀ ਆਗੂ ਜਸਵੀਰ ਤਲਵਾੜਾ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਭੀਖੋਵਾਲ ਵਿਖੇ ਨਿਰਧਾਰਿਤ ਪ੍ਰੋਗਰਾਮ ਦੇ ਸਮਾਪਨ ਤੋਂ ਬਾਅਦ ਕਰੀਬ 2 ਵਜੇ ਦੁਪਹਿਰ ਬਾਅਦ ਨਜ਼ਰਬੰਦੀ ਤੋਂ ਮੁਕਤ ਕੀਤਾ ਗਿਆ | ਇਸ ਉਪਰੰਤ ਸੂਬਾ ਕਨਵੀਨਰ ਜਸਵੀਰ ਤਲਵਾੜਾ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀ ਆਵਾਜ਼ ਨੂੰ ਨਹੀਂ ਦਬਾ ਸਕਦੀ | ਉਨ੍ਹਾਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ | ਉਨ੍ਹਾਂ ਰੋਸ ਪ੍ਰਗਟਾਇਆ ਕਿ ਕਈ ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ਸਰਕਾਰ ਗੱਲਬਾਤ ਕਰਨ ਤੋਂ ਭੱਜ ਰਹੀ ਹੈ | ਉਕਤ ਆਗੂਆਂ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਸੰਘਰਸ਼ ਕਮੇਟੀ ਹੁਣ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜੇਗੀ |