ਨਵਾਂਸ਼ਹਿਰ, 17 ਅਪ੍ਰੈਲ (ਦੀਦਾਰ ਸਿੰਘ ਸ਼ੇਤਰਾ)-ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਨੇ ਡੇਂਗੂ ਦੀ ਬਿਮਾਰੀ 'ਤੇ ਸਮੇਂ ਸਿਰ ਕਾਬੂ ਪਾਉਣ ਤੇ ਕਮਿਊਨਿਟੀ ਦੀ ਭਾਗੀਦਾਰੀ ਨੂੰ ਹੋਰ ਵਧਾਉਣ ਲਈ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੈਗਾ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ | ਇਸੇ ਦੌਰਾਨ ਸੰਧੂ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਦੇ ਸਹਿਯੋਗ ਨਾਲ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਤੋਂ ਬਾਰਾਂਦਰੀ ਗਾਰਡਨ, ਨਵਾਂਸ਼ਹਿਰ ਤੱਕ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਨੂੰ ਸਹਾਇਕ ਸਿਵਲ ਸਰਜਨ ਡਾ. ਬਲਜੀਤ ਕਮਲ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ | ਇਸ ਦੌਰਾਨ ਨਰਸਿੰਗ ਵਿਦਿਆਰਥੀਆਂ ਨੇ ਸਿਹਤ ਵਿਭਾਗ ਦੀਆਂ ਡੇਂਗੂ ਵਿਰੋਧੀ ਟੀਮਾਂ ਨਾਲ ਮਿਲ ਕੇ ਲੋਕਾਂ ਦੇ ਘਰਾਂ ਵਿੱਚ ਲਾਰਵਾ ਵੀ ਚੈੱਕ ਕੀਤਾ | ਸਹਾਇਕ ਸਿਵਲ ਸਰਜਨ ਡਾ. ਬਲਜੀਤ ਕਮਲ ਨੇ ਸੰਬੋਧਨ ਕਰਦੇ ਹੋਏ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਦਾ ਮੁੱਖ ਉਦੇਸ਼ ਡੇਂਗੂ ਨੂੰ ਕੰਟਰੋਲ ਕਰਨਾ ਹੈ | ਉਨ੍ਹਾਂ ਸਿਹਤ ਸਿੱਖਿਆ, ਬਿਮਾਰੀ ਦੇ ਆਮ ਲੱਛਣ, ਟੈਸਟ, ਇਲਾਜ ਅਤੇ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਦੀ ਜਾਣਕਾਰੀ ਦਿੱਤੀ | ਉਨ੍ਹਾਂ ਨੇ ਇਹ ਵੀ ਦੱਸਿਆ ਕਿ ਡੇਂਗੂ ਦੇ ਟੈਸਟ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੁਫ਼ਤ ਹੁੰਦਾ ਹੈ | ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਨੇ ਕਿਹਾ ਕਿ ਆਪਣੇ ਆਪ ਨੂੰ ਮੱਛਰਾਂ ਦੇ ਕੱਟਣ ਤੋਂ ਬਚਾਉਣ ਵਾਸਤੇ ਕੱਪੜੇ ਅਜਿਹੇ ਪਾਉਣੇ ਚਾਹੀਦੇ ਹਨ, ਜਿਨ੍ਹਾਂ ਨਾਲ ਸਰੀਰ ਪੂਰੀ ਤਰ੍ਹਾਂ ਢੱਕਿਆ ਰਹੇ ਅਤੇ ਮੱਛਰ ਨਾ ਕੱਟ ਸਕੇ | ਮੱਛਰਦਾਨੀ ਅਤੇ ਮੱਛਰ ਭਜਾਊ ਕਰੀਮਾਂ ਦੀ ਵਰਤੋਂ ਕੀਤੀ ਜਾਵੇ | ਇਸ ਮੌਕੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਦਲਜੀਤ ਸਿੰਘ, ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਰਣਜੀਤ ਕੌਰ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ, ਹੈਲਥ ਇੰਸਪੈਕਟਰ ਰਾਜੀਵ ਸ਼ਰਮਾ, ਜੋਗਿੰਦਰਪਾਲ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ |