ਨਵਾਂਸ਼ਹਿਰ, 21 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)-ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹੇ ਵਿੱਚ ਬਣਾਏ ਜਾ ਰਹੇ ਸਿਹਤ ਕਾਰਡਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ | ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿਖੇ ਸਿਹਤ ਵਿਭਾਗ ਅਤੇ ਸਬੰਧਿਤ ਏਜੰਸੀ ਦੇ ਅਧਿਕਾਰੀਆਂ ਨਾਲ ਹੋਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਕੋਈ ਵੀ ਯੋਗ ਲਾਭਪਾਤਰੀ ਸਿਹਤ ਕਾਰਡ ਤੋਂ ਵਾਂਝਾ ਨਾ ਰਹੇ | ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਵਾਰਡਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਬਾਕੀ ਰਹਿੰਦੇ ਲਾਭਪਾਤਰੀਆਂ ਦੇ ਕਾਰਡ ਮੌਕੇ 'ਤੇ ਹੀ ਬਣਾਏ ਜਾਣ | ਡੀ.ਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਯੋਜਨਾ ਤਹਿਤ ਲਾਭਪਾਤਰੀ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੀ ਸਾਲਾਨਾ ਕੈਸ਼ਲੈੱਸ ਮੁਫ਼ਤ ਇਲਾਜ ਸਹੂਲਤ ਦਿੱਤੀ ਜਾ ਰਹੀ ਹੈ | ਇਸ ਸਹੂਲਤ ਦਾ ਲਾਭ ਸੂਚੀਬੱਧ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਲਿਆ ਜਾ ਸਕਦਾ ਹੈ | ਉਨ੍ਹਾਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਪੰਚਾਇਤਾਂ ਦੇ ਸਹਿਯੋਗ ਨਾਲ ਘਰ-ਘਰ ਜਾ ਕੇ ਲੋਕਾਂ ਨੂੰ ਯੋਜਨਾ ਪ੍ਰਤੀ ਜਾਗਰੂਕ ਕਰਨ ਲਈ ਕਿਹਾ | ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਦੇ ਸਿਹਤ ਕਾਰਡ ਅਜੇ ਤੱਕ ਨਹੀਂ ਬਣੇ, ਉਹ ਆਧਾਰ ਕਾਰਡ ਅਤੇ ਰਾਸ਼ਨ ਕਾਰਡ ਤੇ ਵੋਟਰ ਕਾਰਡ ਲੈ ਕੇ ਨਜ਼ਦੀਕੀ ਸੇਵਾ ਕੇਂਦਰ, ਸੀ.ਐੱਸ.ਸੀ. ਜਾਂ ਸਿਹਤ ਕੇਂਦਰ 'ਤੇ ਸੰਪਰਕ ਕਰਨ | ਇਸ ਮੌਕੇ ਏ.ਡੀ.ਸੀ. ਅਵਨੀਤ ਕੌਰ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |
ਡੀ. ਸੀ. ਨੇ ਬਣ ਰਹੇ ਸਿਹਤ ਬੀਮਾ ਕਾਰਡਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਅਜੀਤ ਡੈਸਕ
22-04-2026