ਬਲਾਚੌਰ, 21 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ) - ਇਲਾਕੇ ਦੇ ਹਰ ਪਿੰਡ ਦੇ ਸਰਬਪੱਖੀ ਵਿਕਾਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਤਤਪਰ ਹੈ ਅਤੇ ਹਰ ਪਿੰਡ ਕਸਬੇ ਅਤੇ ਸ਼ਹਿਰਾਂ ਲਈ ਗ੍ਰਾਟਾਂ ਦੀ ਕਿਸੇ ਵੀ ਕਿਸਮ ਦੀ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ ਵੱਲੋਂ ਪਿੰਡ ਗੜ੍ਹੀ ਕਾਨੂੰਗੋ ਵਿਖੇ ਜੰਝ ਘਰ ਦੀ ਉਸਾਰੀ ਅਤੇ ਰੱਖ-ਰਖਾਅ ਲਈ 2 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਸੌਂਪਣ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ | ਇਸ ਮੌਕੇ ਮਾਰਕੀਟ ਕਮੇਟੀ ਬਲਾਚੌਰ ਦੇ ਚੇਅਰਮੈਨ ਸੇਠੀ ਉਧਨੋਵਾਲ ਅਤੇ ਪੰਜਾਬ ਰਾਜ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ?ਇਸ ਮੌਕੇ ਚੇਅਰਮੈਨ ਜਲਾਲਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਪਿੰਡਾਂ ਵਿੱਚ ਸਾਂਝੀਆਂ ਥਾਵਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਜੰਝ ਘਰ ਬਣਨ ਨਾਲ ਪਿੰਡ ਵਾਸੀਆਂ ਨੂੰ ਆਪਣੇ ਸਮਾਜਿਕ ਸਮਾਗਮਾਂ ਲਈ ਵੱਡੀ ਸਹੂਲਤ ਮਿਲੇਗੀ | ਇਸ ਮੌਕੇ ਪਿੰਡ ਦੀ ਪੰਚਾਇਤ ਅਤੇ ਪਤਵੰਤੇ ਸੱਜਣਾਂ ਨੇ ਚੇਅਰਮੈਨ ਸਤਨਾਮ ਜਲਾਲਪੁਰ ਅਤੇ ਹੋਰਨਾਂ ਸ਼ਖਸੀਅਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸਰਪੰਚ ਮੋਹਣ ਸਿੰਘ, ਬਹਾਦਰ ਸਿੰਘ ਗੜੀ, ਚਰਨਜੀਤ ਸਿੰਘ ਗੜੀ, ਪਿ੍ੰਸੀਪਲ ਭਾਗ ਰਾਮ ਬੰਗੜ, ਪ੍ਰਧਾਨ ਹੁਸਨ ਲਾਲ, ਪ੍ਰਕਾਸ਼ ਰਾਮ, ਗੁਰਦਿਆਲ ਸਿੰਘ, ਜਰਨੈਲ ਚੰਦ ਅਤੇ ਪਵਨ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਗ੍ਰਾਮ ਨਿਵਾਸੀ ਹਾਜ਼ਰ ਸਨ |