ਕਟਾਰੀਆਂ, 21 ਅਪ੍ਰੈਲ (ਪ੍ਰੇਮੀ ਸੰਧਵਾਂ)-ਮਹਿਲਾ ਸੀਨੀਅਰ ਕਾਂਗਰਸੀ ਆਗੂ ਚੌਧਰੀ ਮੀਨਾ ਸੂੰਢ ਪਤਨੀ ਸਾਬਕਾ ਵਿਧਾਇਕ ਸਵ: ਚੌਧਰੀ ਤਰਲੋਚਨ ਸਿੰਘ ਸੂੰਢ ਨੇ ਸੀਨੀਅਰ ਕਾਂਗਰਸੀ ਆਗੂ ਤੇ ਮਾਰਕੀਟ ਕਮੇਟੀ ਬੰਗਾ ਦੇ ਸਾਬਕਾ ਚੇਅਰਮੈਨ ਹਰਬੰਤ ਸਿੰਘ ਮਕਸੂਦਪੁਰ ਅਤੇ ਹੋਰ ਸੀਨੀਅਰ ਕਾਂਗਰਸੀ ਆਗੂਆਂ ਦੀ ਅਗਵਾਈ ਵਿੱਚ ਕਟਾਰੀਆਂ ਦੀ ਦਾਣਾ ਮੰਡੀ ਵਿੱਚ ਕਿਸਾਨਾਂ ਤੇ ਮਜ਼ਦੂਰਾਂ ਨੂੰ ਮਾਨ ਸਰਕਾਰ ਸਮੇਂ ਆ ਰਹੀਆਂ ਗੰਭੀਰ ਸਮੱਸਿਆਵਾਂ ਸਬੰਧੀ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਸਮੇਂ ਕਿਸਾਨ ਆਪਣੀ ਪੁੱਤਾਂ ਵਾਂਗ ਪਾਲੀ ਗਈ ਕਣਕ ਦੀ ਫਸਲ ਲਈ ਮੰਡੀਆਂ ਵਿੱਚ ਧੱਕੇ ਖਾ ਰਿਹਾ ਹੈ ਅਤੇ ਮਜ਼ਦੂਰ ਕਣਕ ਦੀ ਚੁਕਾਈ ਦਾ ਕੰਮ ਸ਼ੁਰੂ ਨਾ ਹੋਣ ਕਰਕੇ ਦੋ ਵਕਤ ਦੀ ਰੋਟੀ ਨੂੰ ਤਰਸ ਰਿਹਾ ਹੈ, ਜੋ ਮਾਨ ਸਰਕਾਰ ਦੇ ਮੱਥੇ 'ਤੇ ਵੱਡਾ ਕਲੰਕ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜਦੋਂ ਜਦੋਂ ਵੀ ਕਾਂਗਰਸ ਪਾਰਟੀ ਦੀ ਸਰਕਾਰ ਬਣੀ ਤਾਂ ਇਸ ਸਰਕਾਰ ਨੇ ਕਿਸਾਨਾਂ ਦੀ ਬਿਨਾ ਕਿਸੇ ਸ਼ਰਤ 'ਤੇ ਫਸਲ ਖਰੀਦਣ ਨੂੰ ਤਰਜੀਹ ਦਿੱਤੀ | ਜਦ ਕਿ ਮੌਜੂਦਾ ਪੰਜਾਬ ਸਰਕਾਰ ਦੇ ਅਧਿਕਾਰੀ ਕਿਸਾਨਾਂ ਦੀ ਫ਼ਸਲ ਵਿੱਚ ਵੱਧ ਨਮੀ ਹੋਣ ਦਾ ਬਹਾਨਾ ਲਾ ਕੇ ਕਿਸਾਨਾਂ ਨੂੰ ਮੰਡੀਆਂ ਵਿੱਚ ਰੁਲਣ ਲਈ ਮਜ਼ਬੂਰ ਕਰ ਰਹੇ ਹਨ | ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੰਡੀਆਂ ਵਿੱਚ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਨਾ ਹੋਇਆ ਤਾਂ ਕਾਂਗਰਸ ਪਾਰਟੀ ਸੰਘਰਸ਼ ਕਰਨ ਨੂੰ ਮਜ਼ਬੂਰ ਹੋਵੇਗੀ |