ਔੜ, 23 ਅਪ੍ਰੈਲ (ਗੁਰਨਾਮ ਸਿੰਘ ਸੈਣੀ)-ਬਲਾਕ ਖੇਤੀਬਾੜੀ ਅਫ਼ਸਰ ਡਾ. ਰਾਜ ਕੁਮਾਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿੱਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ ਫਾਰਮਰ ਰਜਿਸਟਰੀ ਵਿਚ ਆਪਣੀ ਰਜਿਸਟੇਰਸ਼ਨ ਕਰਵਾਉਣੀ ਲਾਜ਼ਮੀ ਹੈ | ਡਾ. ਰਾਜ ਕੁਮਾਰ ਨੇ ਦੱਸਿਆ ਕਿ ਇਸ ਨਵੀ ਪ੍ਰਕਿਰਿਆ ਦਾ ਮੁੱਖ ਉਦੇਸ਼ ਕਿਸਾਨਾਂ ਦਾ ਇਕ ਕੇਂਦਰੀ ਡਾਟਾਬੇਸ ਤਿਆਰ ਕਰਨਾ ਹੈ ਤਾਂ ਜੋ ਸਰਕਾਰੀ ਸਹਾਇਤਾ ਸਿੱਧੀ ਅਤੇ ਪਾਰਦਰਸ਼ੀ ਤਰੀਕੇ ਨਾਲ ਅਸਲ ਲਾਭਪਾਤਰੀਆਂ ਤੱਕ ਪਹੁੰਚਾਈ ਜਾ ਸਕੇ | ਬਲਾਕ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਵਿਭਾਗ ਵਲੋਂ ਸ਼ਪੱਸ਼ਟ ਕੀਤਾ ਗਿਆ ਹੈ ਕਿ ਭਵਿੱਖ ਵਿਚ ਕੇਵਲ ਉਨ੍ਹਾਂ ਹੀ ਕਿਸਾਨਾਂ ਨੂੰ ਪੀ.ਐੱਮ. ਕਿਸਾਨ ਯੋਜਨਾ ਤਹਿਤ ਮਿਲਣ ਵਾਲੀਆਂ ਵਿੱਤੀ ਕਿਸ਼ਤਾਂ ਜਾਰੀ ਕੀਤੀਆਂ ਜਾਣਗੀਆਂ ਜਿਨ੍ਹਾਂ ਨੇ ਆਪਣੀ ਫਾਰਮਰ ਰਜਿਸਟਰੀ ਮੁਕੰਮਲ ਕਰ ਲਈ ਹੋਵੇਗੀ | ਉਨ੍ਹਾਂ ਦੱਸਿਆ ਕਿ ਇਸ ਰਜਿਸ਼ਟ੍ਰੇਸ਼ਨ ਪ੍ਰਕਿਰਿਆ ਦੇ ਦੌਰਾਨ ਹਰੇਕ ਲਾਭਪਾਤਰੀ ਕਿਸਾਨ ਦੀ ਇੱਕ ਵਿੱਲਖਣ ਕਿਸਾਨ ਆਈ.ਡੀ.ਤਿਆਰ ਕੀਤੀ ਜਾਵੇਗੀ | ਇਸ ਕਿਸਾਨ ਆਈ. ਡੀ. ਨੂੰ ਕਿਸਾਨ ਦੇ ਮੌਜੂਦਾ ਪੀ.ਐਮ. ਕਿਸਾਨ ਖਾਤੇ ਨਾਲ ਲਿੰਕ ਕੀਤਾ ਜਾਵੇਗਾ | ਜਿਸ ਨਾਲ ਕਿਸਾਨ ਦੀ ਪਹਿਚਾਣ ਅਤੇ ਜ਼ਮੀਨੀ ਰਿਕਾਰਡ ਨੂੰ ਤਸਦੀਕ ਕਰਨਾ ਸੌਖਾ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਵੱਲੋਂ ਇਹ ਰਜਿਸ਼ਟਰੇਸ਼ਨ ਨਹੀ ਕਰਵਾਈ ਜਾਵੇਗੀ, ਉਨ੍ਹਾਂ ਦੀਆਂ ਭਵਿੱਖ ਦੀਆਂ ਸਾਰੀਆਂ ਕਿਸ਼ਤਾਂ ਰੁੱਕ ਸਕਦੀਆਂ ਹਨ | ਉਨ੍ਹਾਂ ਕਿਸਾਨਾਂ ਨੂੰ ਪੁਰਜੋਰ ਅਪੀਲ ਕੀਤੀ ਹੈ ਕਿ ਉਹ ਬਿਨ੍ਹਾਂ ਕਿਸੇ ਦੇਰੀ ਦੇ ਆਪਣੀ ਰਜਿਸ਼ਟਰੇਸ਼ਨ ਪ੍ਰਕਿਰਿਆ ਕਰਵਾਉਣ | ਕਿਸਾਨ ਆਪਣੀ ਰਜਿਸ਼ਟੇਸ਼ਨ ਲਈ ਰਟੈਂਡਾ, ਗੁਣਾਚੌਰ, ਔੜ, ਸਰਹਾਲ ਕਾਜੀਆਂ, ਰਾਏਪੁਰ ਡੱਬਾ, ਰਟੈਂਡਾ, ਬਹਾਦਰਪੁਰ, ਬੱਜੋ, ਲਾਲੇਵਾਲ, ਗੜ੍ਹੀ ਅਜੀਤ ਸਿੰਘ ਤੇ ਹਕੀਮਪੁਰ ਆਦਿ ਪਿੰਡਾਂ ਵਿੱਚ ਆਪਣੇ ਨੇੜਲੇ ਕਾਮਨ ਸਰਵਿਸ ਸੈਂਟਰ ਜਾ ਸਕਦੇ ਹਨ ਜਾਂ ਆਪਣੇ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ | ਰਜਿਸਟ੍ਰੇਸ਼ਨ ਸਮੇਂ ਕਿਸਾਨ ਆਪਣਾ ਆਧਾਰ ਕਾਰਡ ਅਤੇ ਜਮ੍ਹਾਂਬੰਦੀ ਨਾਲ ਲੈ ਕੇ ਜਾਣ ਤਾਂ ਜੋ ਮੌਕੇ 'ਤੇ ਹੀ ਬਿਨਾ ਕਿਸੇ ਰੁਕਾਵਟ ਕਾਰਵਾਈ ਮੁਕੰਮਲ ਹੋ ਸਕੇ |