ਨਵਾਂਸ਼ਹਿਰ, 24 ਅਪ੍ਰੈਲ (ਦੀਦਾਰ ਸਿੰਘ ਸ਼ੇਤਰਾ)-ਜ਼ਿਲ੍ਹੇ ਵਿੱਚ ਲਿੰਗ ਚੋਣ ਵਿਰੁੱਧ ਕਾਰਵਾਈ ਨੂੰ ਹੋਰ ਤੇਜ਼ ਕਰਦਿਆਂ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਅਗਵਾਈ ਹੇਠ ਸਿਵਲ ਸਰਜਨ ਦਫਤਰ ਵਿਖੇ ਜ਼ਿਲ੍ਹਾ ਪੀ.ਸੀ.ਪੀ.ਐੱਨ.ਡੀ.ਟੀ. ਸਲਾਹਕਾਰ ਕਮੇਟੀ ਦੀ ਅਹਿਮ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਸਪੱਸ਼ਟ ਸੰਦੇਸ਼ ਦਿੱਤਾ ਗਿਆ ਕਿ ਪੀ.ਸੀ.ਪੀ.ਐੱਨ.ਡੀ.ਟੀ. ਐਕਟ ਦੀ ਉਲੰਘਣਾ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਸ਼ੁਰੂ ਵਿਚ ਹੀ ਕਾਰਜਕਾਰੀ ਪੀ.ਐੱਨ.ਡੀ.ਟੀ. ਕੋਆਰਡੀਨੇਟਰ ਡਾ. ਹਰਨੇਕ ਸਿੰਘ ਵਲੋਂ ਕਮੇਟੀ ਮੈਂਬਰਾਂ ਨੂੰ ਨਵੇਂ ਅਲਟਰਾਸਾਊਾਡ ਸਕੈਨ ਸੈਂਟਰ ਖੋਲ੍ਹਣ ਸਮੇਤ ਹੋਰ ਮਹੱਤਵਪੂਰਨ ਮੁੱਦਿਆਂ ਬਾਰੇ ਜਾਣਕਾਰੀ ਦਿੱਤੀ ਗਈ | ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਅਲਟਰਾਸਾਊਾਡ ਕੇਂਦਰਾਂ ਦੀ ਕਾਰਗੁਜ਼ਾਰੀ, ਰਿਕਾਰਡ ਰੱਖ-ਰਖਾਅ ਅਤੇ ਨਿਗਰਾਨੀ ਪ੍ਰਣਾਲੀ ਦੀ ਵਿਸਥਾਰ ਨਾਲ ਸਮੀਖਿਆ ਕੀਤੀ | ਉਨ੍ਹਾਂ ਵਲੋਂ ਸਖ਼ਤ ਨਿਰਦੇਸ਼ ਜਾਰੀ ਕਰਦਿਆਂ ਕਿਹਾ ਗਿਆ ਕਿ ਸਾਰੇ ਕੇਂਦਰ ਨਿਯਮਾਂ ਅਨੁਸਾਰ ਫਾਰਮ ਭਰਨ ਤੇ ਡਿਸਪਲੇ ਬੋਰਡ ਲਗਾਉਣ ਨੂੰ ਯਕੀਨੀ ਬਣਾਉਣ | ਉਨ੍ਹਾਂ ਨੇ ਦੋ ਟੁਕ ਸ਼ਬਦਾਂ ਵਿੱਚ ਕਿਹਾ ਕਿ ਗ਼ੈਰ-ਕਾਨੂੰਨੀ ਲਿੰਗ ਜਾਂਚ ਕਰਨ ਵਾਲਿਆਂ ਨਾਲ ਕੋਈ ਰਿਆਇਤ ਨਹੀਂ ਵਰਤੀ ਜਾਵੇਗੀ | ਜ਼ਿਲ੍ਹੇ ਵਿੱਚ ਲਿੰਗ ਅਨੁਪਾਤ ਸੁਧਾਰਨਾ ਸਿਖਰਲੀ ਪ੍ਰਾਥਮਿਕਤਾ ਹੈ ਅਤੇ ਇਸ ਲਈ ਅਚਾਨਕ ਜਾਂਚਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਉਲੰਘਣਾ ਸਾਹਮਣੇ ਆਉਣ 'ਤੇ ਤੁਰੰਤ ਅਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਸਿਵਲ ਸਰਜਨ ਨੇ ਕਮੇਟੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ, ਤਾਂ ਜੋ ਭਰੂਣ ਹੱਤਿਆ ਵਿਰੁੱਧ ਸਮਾਜ ਵਿੱਚ ਸਕਾਰਾਤਮਕ ਸੋਚ ਨੂੰ ਉਤਸ਼ਾਹ ਮਿਲੇ | ਮੀਟਿੰਗ ਦੌਰਾਨ ਇਹ ਵੀ ਫੈਸਲਾ ਲਿਆ ਗਿਆ ਕਿ ਸਾਰੇ ਰਜਿਸਟਰਡ ਕੇਂਦਰਾਂ ਦੇ ਰਿਕਾਰਡਾਂ ਦੀ ਨਿਯਮਿਤ ਜਾਂਚ ਕੀਤੀ ਜਾਵੇਗੀ ਅਤੇ ਰਿਪੋਰਟਿੰਗ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ | ਕਿਸੇ ਵੀ ਸ਼ੱਕੀ ਗਤੀਵਿਧੀ ਸਬੰਧੀ ਮਿਲਣ ਵਾਲੀ ਜਾਣਕਾਰੀ 'ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ ਨੇ ਕਿਹਾ ਕਿ ਪੀ.ਸੀ.ਪੀ.ਐੱਨ.ਡੀ.ਟੀ. ਐਕਟ ਦੀਆਂ ਕਾਨੂੰਨੀ ਪ੍ਰਾਵਧਾਨਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਵਚਨਬੱਧ ਹੈ | ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਵੱਲੋਂ ਆਪਣੇ ਕੀਮਤੀ ਸੁਝਾਅ ਵੀ ਦਿੱਤੇ ਗਏ | ਇਸ ਮੌਕੇ ਡਾ. ਮੋਨਿਕਾ ਜੈਨ, ਡਾ. ਊਸ਼ਾ ਕਿਰਨ, ਡਾ. ਪਿ੍ਯੰਕਾ, ਡਾ. ਵਿਕਰਮਾਦਿਤਿਆ ਸਿੰਘ, ਦਿਲਪ੍ਰੀਤ ਸਿੰਘ, ਸੁਰਜੀਤ ਸਿੰਘ, ਰਤਨ ਜੈਨ, ਬੀਰਬਲ ਤੱਖੀ ਸਮੇਤ ਹੋਰ ਕਮੇਟੀ ਮੈਂਬਰ ਹਾਜ਼ਰ ਸਨ |