ਬਲਾਚੌਰ, 24 ਅਪ੍ਰੈ੍ਲ (ਨਰੇਸ਼ ਧੌਲ, ਦੀਦਾਰ ਸਿੰਘ ਬਲਾਚੌਰੀਆ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਬਣਾਏ ਗਏ ਸਖ਼ਤ ਕਾਨੂੰਨ ਦੀ ਪੂਰੀ ਦੁਨੀਆ ਵਿਚ ਵਸਦੇ ਪੰਜਾਬੀਆਂ ਵਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ | ਇਹ ਪ੍ਰਗਟਾਵਾ ਵਿਧਾਇਕਾ ਸੰਤੋਸ਼ ਕਟਾਰੀਆ ਵਿਧਾਨ ਸਭਾ ਹਲਕਾ ਬਲਾਚੌਰ ਨੇ ਬੇਅਦਬੀ ਕਾਨੂੰਨ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕੀਤਾ | ਉਨ੍ਹਾਂ ਕਿਹਾ ਕਿ ਇਹ ਕਦਮ ਇਤਿਹਾਸਕ ਹੈ ਅਤੇ ਇਸ ਲਈ ਸਮੁੱਚੀ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਵਧਾਈ ਦੀ ਪਾਤਰ ਹੈ | ਵਿਧਾਇਕਾ ਕਟਾਰੀਆ ਨੇ ਰਵਾਇਤੀ ਪਾਰਟੀਆਂ 'ਤੇ ਵਰ੍ਹਦਿਆਂ ਕਿਹਾ ਕਿ ਪੰਜਾਬ 'ਤੇ ਲੰਮਾ ਸਮਾਂ ਰਾਜ ਕਰਨ ਵਾਲੀਆਂ ਸਰਕਾਰਾਂ ਨੇ ਗੁਰੂ ਸਾਹਿਬ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਬਜਾਏ ਹਮੇਸ਼ਾ ਡਰਾਮੇਬਾਜ਼ੀ ਦਾ ਸਹਾਰਾ ਲਿਆ | ਉਨ੍ਹਾਂ ਕਿਹਾ, ਜਿੰਨੀ ਬੇਅਦਬੀ ਅਤੇ ਬੇਕਦਰੀ ਪਿਛਲੀਆਂ ਸਰਕਾਰਾਂ ਦੇ ਰਾਜ ਵਿਚ ਹੋਈ, ਉਨੀ ਤਾਂ ਸ਼ਾਇਦ ਮੁਗਲਾਂ ਦੇ ਰਾਜ ਵਿੱਚ ਵੀ ਨਹੀਂ ਸੀ ਹੋਈ | ਉਨ੍ਹਾਂ ਸਪੱਸ਼ਟ ਕੀਤਾ ਕਿ ਪਿਛਲੇ ਸ਼ਾਸਕਾਂ ਨੇ ਸਿਰਫ਼ ਆਪਣੀਆਂ ਸਿਆਸੀ ਰੋਟੀਆਂ ਸੇਕੀਆਂ ਹਨ | ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਨੇਕ ਕਾਰਜ ਦੀ ਸਫਲਤਾ ਲਈ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ ਹੈ | ਹੁਣ ਪੰਜਾਬ ਵਿੱਚ ਅਜਿਹਾ ਸਖ਼ਤ ਕਾਨੂੰਨੀ ਢਾਂਚਾ ਤਿਆਰ ਕਰ ਦਿੱਤਾ ਗਿਆ ਹੈ ਕਿ ਕਿਸੇ ਵੀ ਸ਼ਰਾਰਤੀ ਅਨਸਰ ਦੀ ਹਿੰਮਤ ਨਹੀਂ ਪਵੇਗੀ ਕਿ ਉਹ ਸਾਡੇ ਗੁਰੂ ਸਾਹਿਬ ਦੇ ਪਵਿੱਤਰ ਸਰੂਪ ਵੱਲ ਮਾੜੀ ਅੱਖ ਨਾਲ ਵੇਖ ਵੀ ਸਕੇ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਦੀ ਰੱਖਿਆ ਕਰਨਾ ਸਰਕਾਰ ਦੀ ਪਹਿਲੀ ਤਰਜੀਹ ਹੈ |