ਬਲਾਚੌਰ, 26 ਅਪ੍ਰੈਲ (ਨਰੇਸ਼ ਧੌਲ)-ਨੌਜਵਾਨ ਆਗੂ ਐਡਵੋਕੇਟ ਪ੍ਰਵੇਸ਼ ਖੋਸਲਾ ਵੱਲੋਂ ਪਿਛਲੇ ਦਿਨੀਂ ਅਕਾਲੀ ਦਲ ਵਾਰਿਸ ਪੰਜਾਬ 'ਚ ਸ਼ਮੂਲੀਅਤ ਕੀਤੀ ਗਈ ਸੀ, ਜਿਸ ਉਪਰੰਤ ਖੋਸਲਾ ਵੱਲੋਂ ਗੁਰਦੁਆਰਾ ਸਿੰਘ ਸਭਾ ਮਹਿੰਦੀਪੁਰ ਵਿਖੇ ਨਤਮਸਤਕ ਹੋ ਕੇ ਆਪਣੀ ਨਵੀਂ ਪਾਰਟੀ ਲਈ ਜਨ ਸੰਪਰਕ ਮੁਹਿੰਮਾਂ ਦੀ ਸ਼ੁਰੂਆਤ ਕੀਤੀ ਗਈ | ਐਡਵੋਕੇਟ ਖੋਸਲਾ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਹਲਕੇ ਦੇ ਹਰ ਪਿੰਡ ਅਤੇ ਬਲਾਕ ਤੱਕ ਪਹੁੰਚ ਕਰ ਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਅਤੇ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਜਾਣੂ ਕਰਵਾਉਣਾ ਹੈ | ਉਨ੍ਹਾਂ ਕਿਹਾ ਕਿ ਬਲਾਚੌਰ ਦੇ ਲੋਕਾਂ ਦੀ ਆਵਾਜ਼ ਬਣਨਾ ਅਤੇ ਇਲਾਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ ਮੇਰੀ ਪਹਿਲੀ ਪਹਿਲ ਹੋਵੇਗੀ | ਜ਼ਿਕਰਯੋਗ ਹੈ ਕਿ ਐਡਵੋਕੇਟ ਪ੍ਰਵੇਸ਼ ਖੋਸਲਾ ਨੇ ਆਪਣੇ ਸਿਆਸੀ ਸਫ਼ਰ ਦੀ ਸ਼ੁਰੂਆਤ ਆਮ ਆਦਮੀ ਪਾਰਟੀ ਤੋਂ ਕੀਤੀ ਸੀ ਅਤੇ ਉਹ ਹਲਕਾ ਯੂਥ ਇੰਚਾਰਜ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ | ਹੁਣ ਕੁੱਝ ਦਿਨ ਪਹਿਲਾਂ ਆਪਣੇ ਪੁਰਾਣੇ ਸਿਆਸੀ ਸੰਬੰਧਾਂ ਨੂੰ ਅਲਵਿਦਾ ਕਹਿ ਕੇ ਉਨ੍ਹਾਂ ਨੇ ਅਕਾਲੀ ਦਲ ਵਾਰਿਸ ਪੰਜਾਬ ਦਾ ਪੱਲਾ ਫੜਿਆ ਹੈ | ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਉਨ੍ਹਾਂ ਦੇ ਆਉਣ ਨਾਲ ਹਲਕੇ ਵਿੱਚ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੇਗੀ | ਇਸ ਮੌਕੇ ਪਾਰਟੀ ਵਰਕਰਾਂ ਅਤੇ ਇਲਾਕਾ ਨਿਵਾਸੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਇਸ ਮੌਕੇ ਬਲਦੇਵ ਸਿੰਘ ਖੋਸਲਾ ਸਾਬਕਾ ਸਰਪੰਚ, ਨਰਾਇਣ ਚੰਦ, ਸੁਖਬੀਰ ਸਿੰਘ, ਸੁਖਵਿੰਦਰ ਸਿੰਘ ਬਾਬਾ ਸਿਆਣਾ, ਸੱਤਪਾਲ ਤਾਜੋਵਾਲ, ਗੁਰਮੁੱਖ ਸਿੰਘ ਮਹਿਮੂਦਪੁਰ, ਕੁਲਵੰਤ ਸਿੰਘ, ਪਰਮਜੀਤ ਸਿੰਘ ਬੰਗਾ ਬੇਟ, ਬਲਵਿੰਦਰ ਸਿੰਘ ਰੱਤੇਵਾਲ ਅਤੇ ਹੋਰ ਵੱਖ-ਵੱਖ ਸ਼ਖ਼ਸੀਅਤਾਂ ਹਾਜ਼ਰ ਸਨ |