11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਮਜ਼ਦੂਰ ਦਿਹਾੜੇ 'ਤੇ ਕਾਨਫ਼ਰੰਸ ਅਤੇ ਮੁਜ਼ਾਹਰਾ

Ad Position 21
No active advertisement
ਅਜੀਤ ਡੈਸਕ 02-05-2026
ਨਵਾਂਸ਼ਹਿਰ, 1 ਮਈ (ਜਸਬੀਰ ਸਿੰਘ ਨੂਰਪੁਰ, ਦੀਦਾਰ ਸਿੰਘ ਸ਼ੇਤਰਾ) - ਜ਼ਿਲ੍ਹੇ ਦੀਆਂ ਸਮੂਹ ਟਰੇਡ ਯੂਨੀਅਨਾਂ, ਫੈਡਰੇਸ਼ਨਾਂ, ਪੈਨਸ਼ਨਰਾਂ, ਵਿਭਾਗੀ ਜਥੇਬੰਦੀਆਂ, ਕਿਸਾਨ, ਮਜ਼ਦੂਰ, ਨੌਜਵਾਨ ਅਤੇ ਵਿਦਿਆਰਥੀ ਜਥੇਬੰਦੀਆਂ ਵਲੋਂ ਬੱਸ ਅੱਡਾ ਨਵਾਂਸ਼ਹਿਰ ਵਿਖੇ ਮਈ ਦਿਵਸ ਸਾਂਝੇ ਤੌਰ 'ਤੇ ਸਾਮਰਾਜ ਵਿਰੋਧੀ ਦਿਵਸ ਵਜੋਂ ਮਨਾਇਆ ਗਿਆ | ਇਸ ਮੌਕੇ ਕੀਤੀ ਗਈ ਕਾਨਫਰੰਸ ਦੀ ਪ੍ਰਧਾਨਗੀ ਕਮਲਜੀਤ ਸਾਨਾਵਾ, ਬਲਜੀਤ ਕੌਰ ਮੱਲਪੁਰੀ, ਹਰਪਾਲ ਸਿੰਘ ਜਗਤਪੁਰ ਅਤੇ ਰਾਮ ਆਸਰਾ ਆਗੂਆਂ ਨੇ ਕੀਤੀ | ਜਥੇਬੰਦੀਆਂ ਦੇ ਲਾਲ ਝੰਡਿਆਂ ਨਾਲ ਸਜੇ ਪੰਡਾਲ ਵਿੱਚ ਮਜ਼ਦੂਰਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸੀਟੂ ਦੇ ਸੂਬਾ ਜਨਰਲ ਸਕੱਤਰ ਮਹਾਂ ਸਿੰਘ ਰੌੜੀ, ਇਫਟੂ ਦੇ ਸੂਬਾ ਸਕੱਤਰ ਅਵਤਾਰ ਸਿੰਘ ਤਾਰੀ, ਟਰੇਡ ਯੂਨੀਅਨ ਆਗੂ ਕੁਲਦੀਪ ਸਿੰਘ ਦੌੜਕਾ, ਏਟਕ ਦੇ ਆਗੂ ਹਸਮਤ ਅਲੀ, ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਮਈ ਦਿਵਸ ਦੇ ਸ਼ਹੀਦ ਪੂੰਜੀਵਾਦ ਨੂੰ ਨਫ਼ਰਤ ਕਰਦੇ ਸਨ ਕਿਉਂਕਿ ਇਹ ਕੁਝ ਲੋਕਾਂ ਦੁਆਰਾ ਬਹੁਤ ਸਾਰੇ ਲੋਕਾਂ ਦੇ ਸ਼ੋਸ਼ਣ 'ਤੇ ਅਧਾਰਤ ਹੈ ਅਤੇ ਸਮਾਜਵਾਦ ਦੀ ਵਕਾਲਤ ਕਰਦੇ ਸਨ ਕਿਉਂਕਿ ਇਹ ਹਰੇਕ ਮਨੁੱਖ ਦੀ ਭਲਾਈ ਨੂੰ ਸੁਰੱਖਿਅਤ ਕਰ ਸਕਦਾ ਹੈ | ਇਹਨਾਂ ਸ਼ਹੀਦਾਂ ਵੱਲੋਂ ਪੂੰਜੀਵਾਦ ਦੇ ਬਦਲ ਵਜੋਂ ਸਮਾਜਵਾਦ ਲਈ ਦਿੱਤਾ ਗਿਆ ਸੱਦਾ ਅਜੋਕੇ ਪੂੰਜੀਵਾਦ ਦੇ ਸੰਸਾਰ ਵਿੱਚ ਬਹੁਤ ਸਾਰਥਕ ਹੈ | ਚਾਰ ਲੇਬਰ ਕੋਡ ਬਾਰੇ ਬੋਲਦਿਆਂ ਆਗੂਆਂ ਨੇ ਕਿਹਾ ਕਿ ਦੇਖਿਆ ਜਾਵੇ ਤਾਂ, ਚਾਰ ਲੇਬਰ ਕੋਡ, ਜੇਕਰ ਲਾਗੂ ਕੀਤੇ ਜਾਂਦੇ ਹਨ, ਤਾਂ ਬੇਰੁਜ਼ਗਾਰੀ ਵਧੇਗੀ ਅਤੇ ਨੌਕਰੀਆਂ ਦੇ ਨੁਕਸਾਨ ਵਿੱਚ ਹੋਰ ਵਾਧਾ ਕਰਨਗੇ | ਆਰ.ਐਸ.ਐਸ-ਭਾਜਪਾ ਸਰਕਾਰ ਜਨਤਕ ਜਾਇਦਾਦ ਨੂੰ ਨਿੱਜੀ ਹੱਥਾਂ ਵਿੱਚ ਵੇਚਣ ਦੀ ਆਪਣੀ ਵਚਨਬੱਧਤਾ ਦਾ ਐਲਾਨ ਕਰਦੀ ਰਹੀ ਹੈ | ਜਨਤਕ ਖੇਤਰ ਦੇ ਉਦਯੋਗ ਅਤੇ ਜਨਤਕ ਖੇਤਰ ਦੇ ਬੈਂਕ ਪਹਿਲਾਂ ਹੀ ਨਿੱਜੀਕਰਨ ਦੀ ਤਲਵਾਰ ਹੇਠ ਹਨ | ਸਰਕਾਰ ਨੂੰ ਇਸ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਕਈ ਜਨਤਕ ਖੇਤਰ ਮੁਨਾਫਾ ਕਮਾ ਰਹੇ ਹਨ ਅਤੇ ਸਰਕਾਰ ਨੂੰ ਟੈਕਸ ਅਤੇ ਲਾਭਅੰਸ਼ ਦੀ ਵੱਡੀ ਰਕਮ ਅਦਾ ਕਰ ਰਹੇ ਹਨ | ਸਰਕਾਰ ਨਿੱਜੀਕਰਨ ਨੂੰ ਉਸੇ ਤਰ੍ਹਾਂ ਪਿਆਰ ਕਰਦੀ ਹੈ ਜਿਵੇਂ ਉਹ ਅਡਾਨੀਆਂ ਅਤੇ ਅੰਬਾਨੀਆਂ ਨੂੰ ਪਿਆਰ ਕਰਦੀ ਹੈ | ਇਹ ਮਈ ਦਿਵਸ ਅਜਿਹੇ ਸਮੇਂ ਆਇਆ ਹੈ ਜਦੋਂ ਕਿਰਤੀ ਵਰਗ ਅਤੇ ਆਮ ਲੋਕ ਡੀਜ਼ਲ, ਗੈਸ ਵਰਗੀਆਂ ਤੇਲ ਦੀਆਂ ਕੀਮਤਾਂ ਸਮੇਤ ਹੋਰ ਵਸਤੂਆਂ ਦੀਆਂ ਵਧਦੀਆਂ ਕੀਮਤਾਂ ਹੇਠ ਦੱਬੇ ਜਾ ਰਹੇ ਹਨ | ਇਨ੍ਹਾਂ ਵਸਤਾਂ ਦੀ ਕੀਮਤ ਦਾ ਵੱਡਾ ਹਿੱਸਾ ਟੈਕਸਾਂ ਦਾ ਹੈ ਜੋ ਕੇਂਦਰ ਅਤੇ ਰਾਜ ਸਰਕਾਰਾਂ ਦੀਆਂ ਜੇਬਾਂ ਵਿੱਚ ਜਾਂਦਾ ਹੈ | ਟਰਾਂਸਪੋਰਟ ਕਾਮਿਆਂ, ਆਟੋ ਵਰਕਰਾਂ ਨੂੰ ਭਾਰੀ ਤਣਾਅ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਹਨਾਂ ਨੇ ਕਿਹਾ ਕਿ ਅੱਜ ਕੌਮੀ ਪੱਧਰ ਅਤੇ ਕੌਮਾਂਤਰੀ ਪੱਧਰ ਉੱਤੇ ਕਿਰਤੀ ਵਰਗ ਅੱਗੇ ਬੜੀਆਂ ਵੱਡੀਆਂ ਚਣੌਤੀਆਂ ਹਨ | ਮੋਦੀ ਸਰਕਾਰ ਨੇ ਪਹਿਲੇ ਮਜਦੂਰ ਪੱਖੀ ਕਿਰਤ ਕਾਨੂੰਨ ਰੱਦ ਕਰਕੇ ਮਜਦੂਰ ਵਿਰੋਧੀ ਅਤੇ ਪੂੰਜੀਪਤੀ ਪੱਖੀ ਚਾਰ ਲੇਬਰ ਕੋਡ ਲਿਆਂਦੇ ਹਨ ਜੋ ਕਿਰਤੀ ਵਰਗ ਉੱਤੇ ਮੋਦੀ ਸਰਕਾਰ ਦਾ ਬਹੁਤ ਵੱਡਾ ਹਮਲਾ ਹੈ | ਇਹ ਸਰਕਾਰਾਂ ਕਿਰਤੀਆਂ, ਕਿਸਾਨਾਂ, ਮੁਲਾਜਮਾ ਦੇ ਪੁਰਅਮਨ ਰੈਲੀਆਂ, ਧਰਨਿਆਂ ਅਤੇ ਮੁਜਾਹਰਿਆਂ ਉੱਤੇ ਫਾਸ਼ੀਵਾਦੀ ਹੱਲੇ ਬੋਲ ਰਹੀਆਂ ਹਨ | ਇਸ ਮੌਕੇ ਡੀ.ਐਲ.ਏ ਪੰਜਾਬ ਦੇ ਸੂਬਾ ਕਨਵੀਨਰ ਦਲਜੀਤ ਸਿੰਘ ਐਡਵੋਕੇਟ, ਜਸਬੀਰ ਦੀਪ, ਕੁਲਦੀਪ ਸਿੰਘ ਸੁੱਜੋਂ, ਜਸਵਿੰਦਰ ਸਿੰਘ ਭੰਗਲ, ਨਰਿੰਦਰ ਕੁਮਾਰ ਪੰਡੋਰੀ, ਮਾਸਟਰ ਪ੍ਰੇਮ ਰੱਕੜ, ਰਘਵੀਰ ਚੰਦ, ਗੁਰਦਿਆਲ ਰੱਕੜ, ਪੁਨੀਤ ਕੁਮਾਰ ਕਲੇਰ,ਪਰਵੀਨ ਕੁਮਾਰ ਨਿਰਾਲਾ, ਸੁਰਿੰਦਰ ਭੱਟੀ, ਵਿਜੈ ਕੁਮਾਰ, ਸੋਮ ਨਾਥ ਤਕਲਾ,ਸੁਰਿੰਦਰ ਸਿੰਘ ਬੈਂਸ,ਚਰਨਜੀਤ ਸਿੰਘ ਦੌਲਤਪੁਰ, ਸ਼ਕੁੰਤਲਾ ਸਰੋਏ, ਸੁਨੀਤਾ ਤਲਵੰਡੀ, ਨੇ ਵੀ ਸੰਬੋਧਨ ਕੀਤਾ | ਉਹਨਾਂ ਮਈ ਦਿਵਸ 'ਤੇ ਮਜ਼ਦੂਰ ਜਮਾਤ 'ਤੇ ਹੋ ਰਹੇ ਹਮਲਿਆਂ ਦਾ ਟਾਕਰਾ ਕਰਨ ਅਤੇ ਹੱਕਾਂ ਦੀ ਰਾਖੀ ਅਤੇ ਨੌਕਰੀਆਂ ਦੀ ਰਾਖੀ ਲਈ ਜਨਤਕ ਸੰਘਰਸ਼ ਵਿੱਢਣ ਦਾ ਸੱਦਾ ਦਿੱਤਾ | ਜਸਵੀਰ ਮੋਰੋਂ,ਅਲੀਸ਼ਾ ਕਾਠਗੜ੍ਹ ਅਤੇ ਸਤਪਾਲ ਰਾਹੀਂ ਨੇ ਇਨਕਲਾਬੀ ਗੀਤ ਪੇਸ਼ ਕੀਤੇ |
Ad Position 22
No active advertisement
ਪਿਛਲੀ ਖ਼ਬਰ ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ 'ਚ ਮਜ਼ਦੂਰ ਦਿਵਸ ਮਨਾਇਆ ਅਗਲੀ ਖ਼ਬਰ ਮੰਡੀਆਂ ਵਿਚੋਂ ਲਿਫਟਿੰਗ ਨਾ ਹੋਣ ਕਾਰਨ ਆੜ੍ਹਤੀਆ ਅਤੇ ਮਜ਼ਦੂਰ ਵਰਗ ਖਫ਼ਾ ਮੁਕੰਦਪੁਰ ਮੰਡੀ ਵਿੱਚ 1 ਲੱਖ 70 ਹਜ਼ਾਰ ਗੱਟ...
Ad Position 24