ਨਵਾਂਸ਼ਹਿਰ, 1 ਮਈ (ਦੀਦਾਰ ਸਿੰਘ ਸ਼ੇਤਰਾ)-ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ ਨੇ ਡੇਂਗੂ ਦੀ ਬਿਮਾਰੀ 'ਤੇ ਸਮੇਂ ਸਿਰ ਕਾਬੂ ਪਾਉਣ ਤੇ ਕਮਿਊਨਿਟੀ ਦੀ ਭਾਗੀਦਾਰੀ ਨੂੰ ਹੋਰ ਵਧਾਉਣ ਲਈ ਡੇਂਗੂ ਵਿਰੋਧੀ ਮੈਗਾ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ | ਇਸੇ ਦੌਰਾਨ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਸਿਹਤ ਵਿਭਾਗ ਦੀਆਂ ਡੇਂਗੂ ਵਿਰੋਧੀ ਟੀਮਾਂ ਨਾਲ ਮਿਲ ਕੇ ਵੈਟਰਨੀ, ਹਸਪਤਾਲ ਨਵਾਂਸ਼ਹਿਰ ਸਮੇਤ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ਵਿੱਚ ਲਾਰਵਾ ਚੈੱਕ ਕੀਤਾ | ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਦਾ ਮੁੱਖ ਉਦੇਸ਼ ਡੇਂਗੂ ਨੂੰ ਕੰਟਰੋਲ ਕਰਨਾ ਹੈ | ਉਨ੍ਹਾਂ ਸਿਹਤ ਸਿੱਖਿਆ, ਬਿਮਾਰੀ ਦੇ ਆਮ ਲੱਛਣ, ਟੈੱਸਟ, ਇਲਾਜ ਅਤੇ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਦੀ ਜਾਣਕਾਰੀ ਦਿੱਤੀ | ਉਨ੍ਹਾਂ ਇਹ ਵੀ ਦੱਸਿਆ ਕਿ ਡੇਂਗੂ ਦਾ ਟੈਸਟ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿਚ ਮੁਫ਼ਤ ਹੁੰਦਾ ਹੈ | ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਨੇ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵਿਸਥਾਰਪੂਰਵਕ ਸਮਝਾਇਆ | ਉਨ੍ਹਾਂ ਦੱਸਿਆ ਕਿ ਸਾਨੂੰ ਆਪਣੇ ਆਲੇ-ਦੁਆਲੇ ਦੀ ਸਾਫ਼-ਸਫ਼ਾਈ ਦਾ ਖਾਸ ਖਿਆਲ ਰੱਖਣਾ ਚਾਹੀਦਾ ਹੈ | ਆਪਣੇ ਘਰਾਂ ਵਿਚ ਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਦਲਜੀਤ ਸਿੰਘ, ਹੈਲਥ ਇੰਸਪੈਕਟਰ ਜੋਗਿੰਦਰ ਪਾਲ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ |