ਬੰਗਾ, 3 ਮਈ (ਧਰਮਵੀਰ ਪਾਲ)-ਖ਼ਾਲਸਾ ਕਾਲਜ ਦੇ ਪਿ੍ੰਸੀਪਲ ਡਾ. ਰਣਜੀਤ ਸਿੰਘ ਦੀ ਯੋਗ ਅਗਵਾਈ ਤੇ ਧਰਮ-ਅਧਿਐਨ ਦੇ ਮੁਖੀ ਮੈਡਮ ਕਮਲਜੀਤ ਕੌਰ ਦੀ ਦੇਖ-ਰੇਖ ਅਧੀਨ ਭਾਈ ਸੰਗਤ ਸਿੰਘ ਦਾ ਜਨਮ ਦਿਹਾੜਾ ਸ਼ਰਧਾਪੂਰਵਕ ਮਨਾਇਆ | ਧਾਰਮਿਕ ਸਮਾਗਮ ਦੀ ਸ਼ੁਰੂਆਤ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਸੰਗਤੀ ਰੂਪ ਵਿਚ ਗੁਰਦੁਆਰਾ ਚਰਨ ਕੰਵਲ ਸਾਹਿਬ ਪਾਤਿਸ਼ਾਹੀ ਛੇਵੀਂ ਜੀਦੋਂਵਾਲ ਬੰਗਾ ਵਿਖੇ ਸੁਖਮਨੀ ਸਾਹਿਬ ਦੀ ਬਾਣੀ ਦੇ ਜਾਪ ਕਰਕੇ ਕੀਤੀ ਗਈ | ਇਸ ਮੌਕੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਕਰਕੇ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਮੈਡਮ ਕਮਲਜੀਤ ਕੌਰ ਨੇ ਭਾਈ ਸੰਗਤ ਸਿੰਘ ਦੇ ਇਤਿਹਾਸ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਗੁਰਦੁਆਰਾ ਚਰਨ ਕੰਵਲ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਪਲਵਿੰਦਰ ਸਿੰਘ ਨੇ ਕੁਰਬਾਨੀਆਂ ਭਰੇ ਸਿੱਖ ਇਤਿਹਾਸ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਉਂਦਿਆ ਸਿੱਖੀ ਜੀਵਨ ਨੂੰ ਧਾਰਨ ਕਰਨ ਲਈ ਪ੍ਰੇਰਿਤ ਕੀਤਾ | ਅਰਦਾਸ ਦੀ ਸੇਵਾ ਭਾਈ ਦੇਸਾ ਸਿੰਘ ਵਲੋਂ ਕੀਤੀ ਗਈ | ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਸਮੂਹ ਪ੍ਰਬੰਧਕ, ਕਾਲਜ ਦਾ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ |