ਸੜੋਆ, 4 ਮਈ (ਹਰਮੇਲ ਸਹੂੰਗੜਾ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਰਣਜੀਤ ਸਿੰਘ ਸੜੋਆ ਨੇ ਦੱਸਿਆ ਕਿ ਜਦੋਂ ਦੀ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਤੇ ਜੋ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਵੱਖ-ਵੱਖ ਤਰ੍ਹਾਂ ਦੇ ਸੁਪਨੇ ਦਿਖਾ ਕੇ ਪੰਜਾਬ ਵਿਚ ਆਈ ਪਰ ਚਾਰ ਸਾਲ ਬੀਤ ਜਾਣ ਤੋਂ ਬਾਅਦ ਵੀ ਅਜੇ ਤੱਕ ਕਿਸੇ ਵੀ ਕੱਚੇ ਮੁਲਾਜ਼ਮ ਨੂੰ ਪੱਕਾ ਨਹੀਂ ਕੀਤਾ | ਸਰਕਾਰ ਨੇ ਸਰਕਾਰੀ ਸਕੂਲਾਂ ਵਿਚ ਲੱਗੇ 3670 ਵੋਕੇਸ਼ਨਲ ਟ੍ਰੇਨਰਾਂ ਨੂੰ ਪੱਕਾ ਕਰਨ ਦੀ ਥਾਂ ਦੁਬਾਰਾ ਲਾਰੇ ਤੇ ਢੰਗ ਟਪਾਊ ਨੀਤੀ ਅਪਣਾ ਰਹੀ ਹੈ | ਜਿਸ ਦੇ ਵਿਰੋਧ ਵਿਚ ਵੋਕੇਸ਼ਨਲ ਅਧਿਆਪਕਾਂ 'ਚ ਕਾਫ਼ੀ ਰੋਸ ਹੈ | ਅਧਿਆਪਕਾਂ ਵਲੋਂ ਸਿੱਖਿਆ ਵਿਭਾਗ, ਸਿੱਖਿਆ ਮੰਤਰੀ ਤੇ ਵਿੱਤ ਮੰਤਰੀ ਨਾਲ ਬੇਅੰਤ ਮੀਟਿੰਗਾਂ ਕਰਨ ਤੋਂ ਬਾਅਦ ਵੀ ਕੋਈ ਸਿੱਟਾ ਨਹੀਂ ਨਿਕਲਿਆ | ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਇਨ੍ਹਾਂ ਪ੍ਰਾਈਵੇਟ ਕੰਪਨੀਆਂ ਨੂੰ ਪੱਕੇ ਤੌਰ 'ਤੇ ਬਾਹਰ ਕੱਢ ਕੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ਼ ਕੀਤਾ ਜਾਵੇ | ਅਧਿਆਪਕਾਂ ਵਲੋਂ 9 ਮਈ ਨੂੰ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ ਅਤੇ ਸਰਕਾਰ ਦੇ ਝੂਠੇ ਵਾਅਦੇ ਅਤੇ ਸਿੱਖਿਆ ਵਿਭਾਗ ਦੇ ਅਫ਼ਸਰਾਂ ਦੀਆਂ ਨਲਾਇਕੀਆਂ ਕਰਕੇ ਪਾਲਿਸੀ ਬਣਾਉਣ ਦੀ ਦੇਰੀ, ਤਨਖ਼ਾਹ ਸਮੇਂ ਸਿਰ ਨਾ ਆਉਣਾ, ਕਿਤਾਬਾਂ ਨੂੰ ਸਮੇਂ ਸਿਰ ਸਕੂਲਾਂ ਤੱਕ ਨਾ ਪਹੁੰਚਾਉਣਾ, ਪੁਰਾਣੇ ਸਾਥੀਆਂ ਦੀ ਬਦਲੀ ਨੀਤੀ ਨਾ ਬਣਾਉਣਾ ਨੂੰ ਜੱਗ ਜ਼ਾਹਿਰ ਕੀਤਾ ਜਾਵੇਗਾ | ਇਸ ਮੌਕੇ ਸਟੇਟ ਕਮੇਟੀ ਮੈਂਬਰ ਰਣਜੀਤ ਸਿੰਘ ਬਰਨਾਲਾ, ਭੁਪਿੰਦਰ ਸਿੰਘ ਰੋਪੜ, ਰਣਜੀਤ ਸਿੰਘ ਨਵਾਂਸ਼ਹਿਰ, ਗੁਰਜੀਤ ਸਿੰਘ ਬਠਿੰਡਾ, ਸੁਖਰਾਜਵੀਰ ਸਿੰਘ ਤਰਨਤਾਰਨ, ਮਹਿਤਾਬ ਸਿੰਘ ਫ਼ਿਰੋਜ਼ਪੁਰ ਅਤੇ ਮਨਪ੍ਰੀਤ ਸਿੰਘ ਮੁਕਤਸਰ ਸਾਹਿਬ ਮੌਜੂਦ ਸਨ |