ਨਵਾਂਸ਼ਹਿਰ, 4 ਮਈ (ਜਸਬੀਰ ਸਿੰਘ ਨੂਰਪੁਰ)-ਸੂਬੇ ਅੰਦਰ ਖੇਡ ਸੱਭਿਆਚਾਰ ਪੈਦਾ ਕਰਕੇ ਰੰਗਲਾ ਪੰਜਾਬ ਬਣਾਉਣ ਵੱਲ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਰੱਖਣ ਲਈ ਖੇਡਾਂ ਤੇ ਯੁਵਕ ਸੇਵਾਵਾਂ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਰਾਹੀਂ ਉਸਾਰੇ ਜਾ ਰਹੇ 3100 ਖੇਡ ਮੈਦਾਨਾਂ ਦੇ ਪਹਿਲੇ ਚਰਨ ਅਧੀਨ ਤਿਆਰ ਕੀਤੇ ਗਏ ਮਾਡਰਨ ਖੇਡ ਮੈਦਾਨ ਸੂਬਾ ਵਾਸੀਆਂ ਨੂੰ ਸਮਰਪਿਤ ਕੀਤੇ ਗਏ | ਇਸ ਮੌਕੇ ਉਨ੍ਹਾਂ ਦੇ ਨਾਲ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੀ ਮੌਜੂਦ ਸਨ | ਇਸੇ ਕੜੀ ਤਹਿਤ ਜ਼ਿਲ੍ਹਾ ਨਵਾਂਸ਼ਹਿਰ ਦੀ ਗ੍ਰਾਮ ਪੰਚਾਇਤ ਲੰਗੜੋਆ ਵਿਖੇ ਉਪ ਚੇਅਰਮੈਨ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਲਲਿਤ ਮੋਹਨ ਪਾਠਕ ਵਲੋਂ ਮਾਡਰਨ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕਰਨ ਦਾ ਸਵਾਗਤ ਕੀਤਾ | ਇਸ ਮੌਕੇ ਲੋਕਾਂ ਨਾਲ ਗੱਲਬਾਤ ਕਰਦਿਆਂ ਉਪ ਚੇਅਰਮੈਨ ਪਾਠਕ ਨੇ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਨਵਾਂਸ਼ਹਿਰ ਜ਼ਿਲ੍ਹੇ ਵਿੱਚ 3792.29 ਲੱਖ ਰੁਪਏ ਦੀ ਲਾਗਤ ਨਾਲ 94 ਮਾਡਰਨ ਖੇਡ ਮੈਦਾਨ ਬਣਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸੰਜੀਦਾ ਉਪਰਾਲੇ ਕੀਤੇ ਜਾ ਰਹੇ ਹਨ | ਇਸ ਮੌਕੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮਨਜੀਤ ਕੌਰ, ਸਰਪੰਚ ਸੁਖਵਿੰਦਰ ਸਿੰਘ, ਪੰਚਾਇਤ ਮੈਂਬਰ, ਖੇਡ ਵਿਭਾਗ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਤੇ ਖਿਡਾਰੀ ਹਾਜ਼ਰ ਸਨ |