ਸਾਹਲੋਂ, 8 ਮਈ (ਜਰਨੈਲ ਸਿੰਘ ਨਿੱਘ੍ਹਾ)-ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕਿ੍ਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵਲੋਂ ਦੋਆਬਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਾਹਲੋਂ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ | ਇਸ ਮੌਕੇ ਚਮਨ ਸਿੰਘ ਪ੍ਰਾਜੈਕਟ ਡਾਇਰੈਕਟਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਰੈੱਡ ਕਰਾਸ ਸੰਸਥਾ ਬਾਰੇ ਜਾਣਕਾਰੀ ਦਿੱਤੀ ਤੇ ਦੱਸਿਆ ਕਿ ਨਸ਼ੇ ਦੇ ਨਾਲ ਪੀੜਤ ਲੋਕਾਂ ਦਾ ਇਲਾਜ ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰਾਂ ਤੇ ਸਰਕਾਰੀ ਹਸਪਤਾਲਾਂ/ਕੇਂਦਰਾਂ ਵਿਚ ਬਿਲਕੁੱਲ ਮੁਫਤ ਕੀਤਾ ਜਾਂਦਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਸੰਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਕਾਰ ਦੁਆਰਾ ਸ਼ੁਰੂ ਕੀਤੀ ਗਈ 'ਯੁੱਧ ਨਸ਼ਿਆਂ ਵਿਰੁੱਧ' ਸਕੀਮ ਨਾਲ ਵੀ ਵਧੀਆਂ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ | ਉਨ੍ਹਾਂ ਨੇ ਕਿਹਾ ਕਿ ਨਸ਼ਾ ਇਕ ਅਜਿਹੀ ਚੀਜ ਹੈ, ਜੋ ਹੌਲੀ-ਹੌਲੀ ਤੁਹਾਡੇ ਲਈ ਤੇ ਤੁਹਾਡੇ ਪਰਿਵਾਰ ਲਈ ਜ਼ਹਿਰ ਬਣ ਜਾਂਦਾ ਹੈ | ਉਨ੍ਹਾਂ ਨੇ ਵਿੱਦਿਆਰਥੀਆਂ ਨੂੰ ਅਪੀਲ ਕੀਤੀ ਕਿ ਜੇਕਰ ਤੁਹਾਨੂੰ ਕਿਸੇ ਵੀ ਤਰਾਂ ਦੀ ਕੋਈ ਸਮੱਸਿਆ ਆਉਦੀ ਹੈ ਤਾਂ ਸਭ ਤੋਂ ਪਹਿਲਾ ਆਪਣੇ ਅਧਿਆਪਕਾਂ ਜਾਂ ਮਾਤਾ-ਪਿਤਾ ਨਾਲ ਸਾਝਾਂ ਕਰੋਂ | ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਦੀ ਸ਼ੁਰੂਆਤ ਸਾਨੂੰ ਆਪਣੇ ਘਰ ਤੋਂ ਸ਼ੁਰੂ ਕਰਨੀ ਚਾਹੀਦੀ ਹੈ | ਇਸ ਮੌਕੇ ਵਿਜੇ ਕੁਮਾਰ ਕੌਂਸਲਰ ਤੇ ਕਮਲਜੀਤ ਕੌਰ ਕੌਂਸਲਰ ਨੇ ਕੇਂਦਰ ਦੇ ਕੰਮਾਂ ਅਤੇ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ | ਇਸ ਮੌਕੇ ਮਨਦੀਪ ਸਿੰਘ (ਪਿ੍ੰਸੀਪਲ) ਨੇ ਵਿਦਿਆਰਥੀਆਂ ਨੂੰ ਨਸ਼ੇ ਦੇ ਪ੍ਰਤੀ ਜਾਗਰੂਕ ਕੀਤਾ | ਉਨ੍ਹਾਂ ਰੈੱਡ ਕਰਾਸ ਟੀਮ ਦਾ ਧੰਨਵਾਦ ਕਰਦਿਆ ਟੀਮ ਨੂੰ ਸਨਮਾਨਿਤ ਕੀਤਾ | ਇਸ ਮੌਕੇ ਸਕੂਲ ਸਟਾਫ ਮੈਂਬਰ ਗੁਰਬਖਸ਼ ਕੌਰ ਸੋਢੀ (ਸਕੱਤਰ, ਸਕੂਲ), ਅਲੀਸ਼ਾ ਸਰੀਨ, ਆਰਤੀ ਦੇਵੀ, ਨਰੇਸ਼ ਕੁਮਾਰ, ਗੁਰਪ੍ਰੀਤ ਸਿੰਘ ਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ |