ਨਵਾਂਸ਼ਹਿਰ, 9 ਮਈ (ਜਸਬੀਰ ਸਿੰਘ ਨੂਰਪੁਰ)-ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵਧੀਕ ਡਿਪਟੀ ਕਮਿਸ਼ਨਰ ਸੰਜੀਵ ਸ਼ਰਮਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਮਰਦਮਸ਼ੁਮਾਰੀ-2027 ਤਹਿਤ ਆਨਲਾਈਨ ਪੋਰਟਲ 'ਤੇ ਸਵੈ-ਗਣਨਾ ਸੰਬੰਧੀ ਜਾਣਕਾਰੀ ਭਰੀ ਗਈ | ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਰਮਨਜੀਤ ਵੀ ਹਾਜ਼ਰ ਸਨ | ਵਧੀਕ ਡਿਪਟੀ ਕਮਿਸ਼ਨਰ ਸੰਜੀਵ ਸ਼ਰਮਾ ਨੇ ਦੱਸਿਆ ਕਿ ਭਾਰਤ ਸਰਕਾਰ ਵਲੋਂ ਮਰਦਮਸ਼ੁਮਾਰੀ-2027 ਲਈ ਪਹਿਲੀ ਵਾਰ ਸਵੈ-ਗਣਨਾ ਦੀ ਸਹੂਲਤ ਦਿੱਤੀ ਗਈ ਹੈ | ਇਸ ਨਾਲ ਨਾਗਰਿਕ ਘਰ ਬੈਠੇ ਹੀ ਆਪਣੇ ਮੋਬਾਈਲ ਜਾਂ ਕੰਪਿਊਟਰ ਰਾਹੀਂ ਪਰਿਵਾਰ ਦੀ ਜਾਣਕਾਰੀ ਆਨਲਾਈਨ ਭਰ ਸਕਦੇ ਹਨ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁਰੂਆਤ ਕਰਕੇ ਆਮ ਲੋਕਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮਰਦਮਸ਼ੁਮਾਰੀ ਦੀ ਇਸ ਮੁਹਿੰਮ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ | ਮਰਦਮਸ਼ੁਮਾਰੀ ਦੇ ਅੰਕੜਿਆਂ ਦੇ ਆਧਾਰ 'ਤੇ ਹੀ ਸਰਕਾਰ ਵਲੋਂ ਵਿਕਾਸ ਨੀਤੀਆਂ, ਭਲਾਈ ਸਕੀਮਾਂ ਤੇ ਫੰਡਾਂ ਦੀ ਵੰਡ ਕੀਤੀ ਜਾਂਦੀ ਹੈ | ਇਸ ਲਈ ਹਰ ਨਾਗਰਿਕ ਵਲੋਂ ਸਹੀ ਤੇ ਪੂਰੀ ਜਾਣਕਾਰੀ ਦੇਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਦੱਸਿਆ ਕਿ ਲੋਕਾਂ ਦੀ ਨਿੱਜੀ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਤੇ ਇਸ ਦੀ ਵਰਤੋਂ ਸਿਰਫ ਅੰਕੜਿਆਂ ਦੇ ਵਿਸ਼ਲੇਸ਼ਣ ਲਈ ਕੀਤੀ ਜਾਵੇਗੀ | ਇਸ ਮੌਕੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ |