07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਪੰਜਾਬ ਦੇ ਆਰਮੀ ਸਕੂਲਾਂ 'ਚ ਪੰਜਾਬੀ ਦੀ ਥਾਂ ਸੰਸਕਿ੍ਤ ਥੋਪਣ ਦੇ ਯਤਨਾਂ ਦੀ ਕੀਤੀ ਨਿੰਦਾ

Ad Position 21
No active advertisement
ਅਜੀਤ ਡੈਸਕ 12-05-2026
ਨਵਾਂਸ਼ਹਿਰ, 11 ਮਈ (ਦੀਦਾਰ ਸਿੰਘ ਸ਼ੇਤਰਾ)-ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਨੇ ਪੰਜਾਬ ਵਿਚ ਸਥਿਤ ਆਰਮੀ ਪਬਲਿਕ ਸਕੂਲਾਂ ਵਿਚ ਪੰਜਾਬੀ ਭਾਸ਼ਾ ਦੀ ਪੜ੍ਹਾਈ ਨੂੰ ਹਾਸ਼ੀਏ 'ਤੇ ਧੱਕਣ ਦੇ ਫ਼ੈਸਲੇ ਦਾ ਤਿੱਖਾ ਵਿਰੋਧ ਕਰਦਿਆਂ ਆਰਮੀ ਐਜੁਕਸ਼ਨ ਸੁਸਾਇਟੀ ਨੂੰ ਪੰਜਾਬੀ ਨੂੰ ਵਾਧੂ ਵਿਸ਼ੇ ਵਜੋਂ ਅਤੇ ਉਸਦੀ ਥਾਂ ਸੰਸਕਿ੍ਤ ਨੂੰ ਲਾਜ਼ਮੀ ਵਿਸ਼ਾ ਵਜੋਂ ਪੜ੍ਹਾਉਣ ਦਾ ਸਰਕੁਲਰ ਵਾਪਸ ਲੈਣ ਦੀ ਮੰਗ ਕੀਤੀ ਹੈ | ਪਾਰਟੀ ਦੀ ਪੰਜਾਬ ਇਕਾਈ ਦੇ ਸੀਨੀਅਰ ਆਗੂਆਂ ਕਾਮਰੇਡ ਅਜਮੇਰ ਸਿੰਘ ਸਮਰਾ ਤੇ ਕਾਮਰੇਡ ਕੁਲਵਿੰਦਰ ਸਿੰਘ ਵੜੈਚ ਨੇ ਇਸ ਸਬੰਧੀ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਇਹ ਨਾ ਸਿਰਫ਼ ਪੰਜਾਬੀ ਭਾਸ਼ਾ ਤੇ ਪੰਜਾਬ ਦੇ ਭਾਸ਼ਾ ਕਾਨੂੰਨ-2008 ਦੀ ਉਲੰਘਣਾ ਹੈ, ਸਗੋਂ ਸਿੱਖਿਆ ਨੀਤੀ-2020 ਅਤੇ ਨੈਸ਼ਨਲ ਪਾਠਕ੍ਰਮ ਢਾਂਚੇ ਦੀਆਂ ਭਾਵਨਾਵਾਂ ਦੇ ਵੀ ਖ਼ਿਲਾਫ਼ ਹੈ | ਪੰਜਾਬ ਦੇ ਬੱਚਿਆਂ ਨੂੰ ਪੰਜਾਬੀ ਭਾਸ਼ਾ ਤੋਂ ਵਾਂਝਾ ਕਰਨਾ ਬਹੁਤ ਹੀ ਚਿੰਤਾਜਨਕ ਤੇ ਮੰਦਭਾਗਾ ਹੈ | ਆਗੂਆਂ ਨੇ ਕਿਹਾ ਕਿ ਜਿਹੜੇ ਵਿਦਿਆਰਥੀ ਨਵੀਂ ਸਿੱਖਿਆ ਨੀਤੀ ਅਨੁਸਾਰ ਪੰਜਾਬੀ ਪੜ੍ਹਨਾ ਚਾਹੁੰਦੇ ਹਨ, ਉਨ੍ਹਾਂ ਨੂੰ ਵੀ ਸੰਸਕਿ੍ਤ ਵਿਸ਼ਾ ਲਾਜ਼ਮੀ ਤੌਰ 'ਤੇ ਪੜ੍ਹਨ ਬਾਰੇ ਕਿਹਾ ਜਾ ਰਿਹਾ ਹੈ | ਇਹ ਯਤਨ ਬੱਚਿਆਂ ਦੀ ਮਨੋਵਿਗਿਆਨਕ ਆਜ਼ਾਦੀ, ਸਿੱਖਣ ਦੇ ਅਧਿਕਾਰਾਂ ਤੇ ਉਨ੍ਹਾਂ ਦੀ ਭਾਸ਼ਾ ਦੀ ਪਸੰਦ ਨਾਲ ਸਿੱਧਾ ਟਕਰਾਅ ਹੈ | ਉਨ੍ਹਾਂ ਕਿਹਾ ਕਿ ਸਰਕੂਲਰ ਅਨੁਸਾਰ ਪੰਜਾਬੀ ਭਾਸ਼ਾ ਨੂੰ ਚੌਥੇ ਵਿਕਲਪ ਵਜੋਂ ਰੱਖਿਆ ਗਿਆ ਹੈ ਅਤੇ ਜੇਕਰ 15 ਤੋਂ ਘੱਟ ਵਿਦਿਆਰਥੀ ਪੰਜਾਬੀ ਚੁਣਦੇ ਹਨ ਤਾਂ ਸਕੂਲ ਪੰਜਾਬੀ ਅਧਿਆਪਕ ਦੀ ਨਿਯੁਕਤੀ ਵੀ ਨਹੀਂ ਕਰੇਗਾ | ਅਜਿਹੇ ਹਾਲਾਤ ਵਿਚ ਪੰਜਾਬੀ ਦੇ ਵਿਦਿਆਰਥੀਆਂ ਨੂੰ ਪੰਜਾਬੀ ਘਰ ਬੈਠ ਕੇ ਪੜ੍ਹਨ ਲਈ ਮਜਬੂਰ ਹੋਣਾ ਪਵੇਗਾ | ਸਪੱਸ਼ਟ ਹੈ ਕਿ ਇਹ ਫ਼ੈਸਲਾ ਵਿਦਿਆਰਥੀਆਂ ਲਈ ਭਾਸ਼ਾਈ ਵਿਕਲਪ ਵਾਲੀ ਸਿੱਖਿਆ ਨੀਤੀ ਦੇ ਵੀ ਵਿਰੁੱਧ ਹੈ | ਉਨ੍ਹਾਂ ਕਿਹਾ ਕਿ ਸੀ. ਬੀ. ਐਸ. ਈ. ਸਾਰੇ ਸਕੂਲਾਂ 'ਚ ਭਾਸ਼ਾ ਨੀਤੀ ਤੇ ਸਿੱਖਿਆ ਨੀਤੀ ਦੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਏ | ਉਨ੍ਹਾਂ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਨੂੰ ਪੰਜਾਬੀ ਭਾਸ਼ਾ ਦੀ ਰੱਖਿਆ ਲਈ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ ਹੈ |
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਦੇ ਹੱਦ ਕਰਜ਼ਿਆਂ ਦੇ ਨਵੇਂ ਸਕੇਲ ਸਰਕਾਰ ਲਾਗੂ ਕਰੇ-ਸਾਹਦੜਾ ਅਗਲੀ ਖ਼ਬਰ ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ ਨੇ ਮਾਵਾਂ ਤੇ ਬੱਚਿਆਂ ਲਈ ਪੋਸ਼ਣ ਜਾਗਰੂਕਤਾ ਕੈਂਪ ਲਗਾਇਆ
Ad Position 24