ਪੱਲੀ ਝਿੱਕੀ, 11 ਮਈ (ਕੁਲਦੀਪ ਸਿੰਘ ਪਾਬਲਾ)-ਪੰਜਾਬ ਸਰਕਾਰ ਵਲੋਂ ਸਹਿਕਾਰੀ ਸੇਵਾਵਾਂ ਦੀਆਂ ਨਵੀਆਂ ਵਧੀਆਂ ਹੋਈਆਂ ਕਰਜ਼ਾ ਹੱਦਾਂ ਦਾ ਨੋਟੀਫਿਕੇਸ਼ਨ ਵਾਪਸ ਲੈਣ ਦੇ ਫੈਸਲੇ ਦਾ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਸਖ਼ਤ ਵਿਰੋਧ ਕਰਦੀ ਹੈ | ਇਸ ਕਾਰਵਾਈ ਨਾਲ ਕਿਸਾਨਾਂ ਦੇ ਹੱਕਾਂ 'ਤੇ ਸਿੱਧਾ ਡਾਕਾ ਵੱਜ ਰਿਹਾ ਹੈ | ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਬੱਲੋਵਾਲ ਵਲੋਂ ਪ੍ਰੈੱਸ ਬਿਆਨ ਵਿਚ ਆਖਿਆ ਗਿਆ ਕਿ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਨੂੰ ਵਾਪਸ ਲੈਣਾ ਕਿਸਾਨਾਂ ਤੇ ਸਹਿਕਾਰੀ ਸੇਵਾਵਾਂ ਦੇ ਮੁਲਾਜ਼ਮਾਂ ਦੇ ਅਧਿਕਾਰਾਂ ਨੂੰ ਕੁਚਲਣ ਦੇ ਬਰਾਬਰ ਹੈ | ਇਸ ਸਮੇਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ | ਉਨ੍ਹਾਂ ਕਿਹਾ ਕਿ ਮਹਿੰਗਾਈ ਤੇ ਵਧ ਰਹੇ ਖੇਤੀ ਖਰਚਿਆਂ ਨੂੰ ਦੇਖਦੇ ਹੋਏ ਕਿਸਾਨਾਂ ਦਾ ਕਰਜ਼ਾ ਹੱਦ ਵਧਾਉਣਾ ਸਮੇਂ ਦੀ ਮੁੱਖ ਲੋੜ ਹੈ | ਸੁਖਵਿੰਦਰ ਸਿੰਘ ਬੱਲੋਵਾਲ ਨੇ ਕਿਹਾ ਕਿ ਸਰਕਾਰ ਨੇ ਜੇਕਰ ਵਧੀ ਹੋਈ ਕਰਜ਼ਾ ਹੱਦ ਨੂੰ ਮੁੜ ਬਹਾਲ ਨਾ ਕੀਤਾ ਗਿਆ ਤਾਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰੇਗੀ |