ਨਵਾਂਸ਼ਹਿਰ, 12 ਮਈ (ਜਸਬੀਰ ਸਿੰਘ ਨੂਰਪੁਰ)-ਨਵਾਂਸ਼ਹਿਰ ਵਿਖੇ ਮੀਟਿੰਗ ਦੌਰਾਨ ਮਲਵਿੰਦਰ ਸਿੰਘ ਕੰਗ ਮੈਂਬਰ ਲੋਕ ਸਭਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਜ਼ਿਲ੍ਹੇ ਵਿਚ ਹਰ ਯੋਗ ਲਾਭਪਾਤਰੀ ਨੂੰ ਬਿਨਾ ਕਿਸੇ ਦੇਰੀ ਜਾਂ ਵਿਤਕਰੇ ਦੇ ਇਨ੍ਹਾਂ ਦਾ ਲਾਭ ਮਿਲ ਸਕੇ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤਿਮਾਹੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੰਸਦ ਮੈਂਬਰ ਨੇ ਜ਼ਿਲ੍ਹੇ ਭਰ ਵਿਚ ਲਾਗੂ ਕੀਤੀਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਸਰਬਪੱਖੀ ਵਿਕਾਸ ਤੇ ਜ਼ਮੀਨੀ ਪੱਧਰ 'ਤੇ ਜਨਤਕ ਭਲਾਈ ਸੇਵਾਵਾਂ ਦੀ ਸਪਲਾਈ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ | ਕੰਗ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਾਰੀਆਂ ਚੱਲ ਰਹੀਆਂ ਸਕੀਮਾਂ ਦੀ ਨਿਯਮਤ ਨਿਗਰਾਨੀ ਕਰਨ ਅਤੇ ਉਨ੍ਹਾਂ ਦੇ ਲਾਗੂ ਕਰਨ ਵਿਚ ਪਾਰਦਰਸ਼ਤਾ ਬਰਕਰਾਰ ਰੱਖਣ | ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਕਿਰਿਆਸ਼ੀਲ ਰਹਿਣਾ ਚਾਹੀਦਾ ਹੈ ਤਾਂ ਜੋ ਹੱਕਦਾਰ ਲਾਭਪਾਤਰੀ ਉਨ੍ਹਾਂ ਲਈ ਮਿੱਥੀਆਂ ਸਹੂਲਤਾਂ ਤੋਂ ਵਾਂਝੇ ਨਾ ਰਹਿਣ | ਸੰਸਦ ਮੈਂਬਰ ਨੇ ਐਮ. ਪੀ. ਐਲ. ਏ. ਡੀ. ਸਕੀਮ ਤਹਿਤ ਚੱਲ ਰਹੇ ਕਈ ਪ੍ਰਾਜੈਕਟਾਂ ਦਾ ਵੀ ਜਾਇਜ਼ਾ ਲਿਆ ਅਤੇ ਸੰਬੰਧਤ ਵਿਭਾਗਾਂ ਨੂੰ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਸਾਰੇ ਪ੍ਰਾਜੈਕਟ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਜ਼ੋਰ ਦਿੱਤਾ ਕਿ ਪ੍ਰਾਜੈਕਟਾਂ ਦੀ ਸਮੇਂ ਸਿਰ ਮੁਕੰਮਲਤਾ ਜ਼ਰੂਰੀ ਹੈ | ਜਵਾਬਦੇਹੀ ਤੇ ਵਿਭਾਗਾਂ ਵਿਚ ਬਿਹਤਰ ਤਾਲਮੇਲ ਦੀ ਮੰਗ ਕਰਦਿਆਂ ਸੰਸਦ ਮੈਂਬਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਪਹਿਲਾਂ ਮਨਜ਼ੂਰ ਹੋ ਚੁੱਕੇ ਫੰਡਾਂ ਦੇ ਵਰਤੋਂ ਸਰਟੀਫਿਕੇਟ ਜਲਦੀ ਤੋਂ ਜਲਦੀ ਜਮ੍ਹਾਂ ਕਰਵਾਏ ਜਾਣ ਤਾਂ ਜੋ ਹੋਰ ਵਿਕਾਸ ਕਾਰਜਾਂ ਲਈ ਵਾਧੂ ਗ੍ਰਾਂਟਾਂ ਜਾਰੀ ਕੀਤੀਆਂ ਜਾ ਸਕਣ | ਮੀਟਿੰਗ ਦੌਰਾਨ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਲਈ ਰਿਹਾਇਸ਼ੀ ਸਹੂਲਤਾਂ, ਪੀਣ ਯੋਗ ਪਾਣੀ ਦੀ ਉਪਲਬਧਤਾ, ਸੈਨੀਟੇਸ਼ਨ ਅਤੇ ਸਫਾਈ ਉਪਾਵਾਂ ਦੇ ਨਾਲ-ਨਾਲ ਜ਼ਿਲ੍ਹੇ ਵਿਚ ਹੋਰ ਜਨਤਕ ਭਲਾਈ ਪਹਿਲਕਦਮੀਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਵੀ ਕੀਤਾ | ਸੰਸਦ ਮੈਂਬਰ ਨੇ ਕਿਹਾ ਕਿ ਜ਼ਿਲ੍ਹੇ ਭਰ ਵਿਚ ਭਲਾਈ ਸਕੀਮਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਤੇ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਿਮਾਹੀ ਸਮੀਖਿਆ ਮੀਟਿੰਗਾਂ ਨਿਯਮਤ ਤੌਰ 'ਤੇ ਕਰਵਾਈਆਂ ਜਾ ਰਹੀਆਂ ਹਨ | ਇਸ ਮੌਕੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਔਲਖ, ਅਵਨੀਤ ਕੌਰ ਵਧੀਕ ਡਿਪਟੀ ਕਮਿਸ਼ਨਰ, ਸੰਤੋਸ਼ ਕਟਾਰੀਆ ਵਿਧਾਇਕਾ ਬਲਾਚੌਰ, ਲਲਿਤ ਮੋਹਨ ਪਾਠਕ ਹਲਕਾ ਇੰਚਾਰਜ, ਕੁਲਜੀਤ ਸਿੰਘ ਸਰਹਾਲ ਵਾਈਸ ਚੇਅਰਮੈਨ ਜਲ ਸਰੋਤ ਵਿਭਾਗ, ਸਤਨਾਮ ਸਿੰਘ ਜਲਵਾਹਾ ਚੇਅਰਮੈਨ ਨਗਰ ਸੁਧਾਰ ਆਦਿ ਹਾਜ਼ਰ ਸਨ |
ਕੋਈ ਵੀ ਯੋਗ ਲਾਭਪਾਤਰੀ ਭਲਾਈ ਸਕੀਮਾਂ ਤੋਂ ਵਾਂਝਾ ਨਾ ਰਹੇ-ਮਲਵਿੰਦਰ ਸਿੰਘ ਕੰਗ
ਅਜੀਤ ਡੈਸਕ
13-05-2026