ਨਵਾਂਸ਼ਹਿਰ, 16 ਮਈ (ਦੀਦਾਰ ਸਿੰਘ ਸ਼ੇਤਰਾ)-ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵਿੰਦਰਪਾਲ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਰਾਸ਼ਟਰੀ ਡੇਂਗੂ ਦਿਵਸ ਮਨਾਇਆ | ਇਸ ਮੌਕੇ ਹਸਪਤਾਲ ਵਿਚ ਆਏ ਮਰੀਜ਼ਾਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੇ ਆਮ ਲੋਕਾਂ ਨੂੰ ਡੇਂਗੂ ਬਿਮਾਰੀ ਤੋਂ ਬਚਾਅ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਨੇ ਕਿਹਾ ਕਿ ਡੇਂਗੂ ਸਿਰਫ਼ ਇਕ ਬਿਮਾਰੀ ਨਹੀਂ, ਸਗੋਂ ਲਾਪ੍ਰਵਾਹੀ ਨਾਲ ਪੈਦਾ ਹੋਣ ਵਾਲਾ ਖ਼ਤਰਾ ਹੈ, ਜਿਸ ਤੋਂ ਬਚਾਅ ਲਈ ਲੋਕਾਂ ਦਾ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਮੇਂ ਸਿਰ ਜਾਂਚ ਤੇ ਇਲਾਜ ਨਾਲ ਡੇਂਗੂ ਨੂੰ ਗੰਭੀਰ ਹੋਣ ਤੋਂ ਰੋਕਿਆ ਜਾ ਸਕਦਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ ਅਤੇ ਆਲੇ-ਦੁਆਲੇ ਸਾਫ਼-ਸਫਾਈ ਰੱਖਣੀ ਹੀ ਡੇਂਗੂ ਰੋਕਥਾਮ ਦੀ ਸਭ ਤੋਂ ਵੱਡੀ ਕੁੰਜੀ ਹੈ | ਇਸ ਮੌਕੇ ਮੈਡੀਕਲ ਅਫਸਰ ਡਾ. ਹਰਕੇਸ਼ ਕੁਮਾਰ, ਐੱਲ. ਐੱਚ. ਵੀ. ਗਗਨਦੀਪ ਕੌਰ, ਏ. ਐੱਨ. ਐੱਮ. ਸੁਰੇਖਾ ਰਾਣੀ, ਬਲਜੀਤ ਕੌਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ, ਕਰਮਚਾਰੀ ਤੇ ਵੱਡੀ ਗਿਣਤੀ ਵਿਚ ਆਮ ਲੋਕ ਹਾਜ਼ਰ ਸਨ |