ਨਵਾਂਸ਼ਹਿਰ, 16 ਮਈ (ਦੀਦਾਰ ਸਿੰਘ ਸ਼ੇਤਰਾ)-ਇਥੇ ਨਿਊ ਆਟੋ ਵਰਕਰ ਯੂਨੀਅਨ ਨਵਾਂਸ਼ਹਿਰ ਵਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਵਿਰੁੱਧ ਮੁਜ਼ਾਹਰਾ ਕੀਤਾ | ਇਸ ਮੌਕੇ ਆਟੋ ਵਰਕਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪੁਨੀਤ ਕੁਮਾਰ ਕਲੇਰ, ਗੁਰਪ੍ਰੀਤ ਸਿੰਘ ਗੋਪੀ, ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਆਗੂ ਕਮਲਜੀਤ ਸਨਾਵਾ, ਇਲਾਕਾ ਪ੍ਰਧਾਨ ਕਿਰਨਜੀਤ ਕੌਰ ਨੇ ਕਿਹਾ ਕਿ ਮੋਦੀ ਸਰਕਾਰ ਹਰ ਤੀਜੇ ਦਿਨ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਵਾਧਾ ਕਰਕੇ ਕਾਰਪੋਰੇਟਾਂ ਦੀਆਂ ਤਿਜੌਰੀਆਂ ਭਰਨ ਦਾ ਕੰਮ ਕਰ ਰਹੀ ਹੈ ਅਤੇ ਆਮ ਲੋਕਾਂ ਦੀਆਂ ਜੇਬਾਂ ਕੱਟ ਰਹੀ ਹੈ | ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਨਤਾ ਨੂੰ ਆਪਣੀਆਂ ਲੋੜਾਂ ਦੀ ਪੂਰਤੀ ਵਿਚ ਕਟੌਤੀ ਕਰਨ ਦੇ ਮਸ਼ਵਰੇ ਦੇ ਰਹੇ ਹਨ | ਉਨ੍ਹਾਂ ਕਿਹਾ ਕਿ ਤੇਲ ਦੀਆਂ ਕੀਮਤਾਂ ਵਿਚ ਵਾਧੇ ਨਾਲ ਨਿੱਤ ਵਰਤੋਂ ਦੀਆਂ ਚੀਜ਼ਾਂ ਦੀਆਂ ਕੀਮਤਾਂ ਹੋਰ ਵੀ ਅਸਮਾਨੀ ਚੜ੍ਹ ਰਹੀਆਂ ਹਨ, ਜਿਸ ਨਾਲ ਲੋਕਾਂ ਨੂੰ ਆਪਣਾ ਗੁਜ਼ਾਰਾ ਕਰਨਾ ਹੋਰ ਵੀ ਮੁਸ਼ਕਿਲ ਹੋ ਗਿਆ ਹੈ | ਤੇਲ ਦੀਆਂ ਕੀਮਤਾਂ ਵਧਣ ਨਾਲ ਟਰਾਂਸਪੋਰਟ ਧੰਦੇ ਨਾਲ ਜੁੜੇ ਲੋਕ ਹੋਰ ਵੀ ਪ੍ਰੇਸ਼ਾਨ ਹੋ ਰਹੇ ਹਨ | ਉਨ੍ਹਾਂ ਤੇਲ ਤੇ ਗੈਸ ਦੀਆਂ ਕੀਮਤਾਂ ਵਿਚ ਕੀਤਾ ਵਾਧਾ ਵਾਪਸ ਲੈਣ ਅਤੇ ਆਮ ਵਸਤਾਂ ਦੀਆਂ ਕੀਮਤਾਂ ਨੂੰ ਨੱਥ ਪਾਉਣ ਦੀ ਮੰਗ ਕੀਤੀ | ਇਸ ਮੌਕੇ ਕਮਲਜੀਤ ਸਿੰਘ, ਬਲਿਹਾਰ ਸਿੰਘ, ਪ੍ਰੇਮ ਸਿੰਘ ਸ਼ਹਾਬ ਪੁਰ ਤੇ ਸੁਰਿੰਦਰ ਮੀਰਪੁਰੀ ਆਗੂ ਵੀ ਮੌਜੂਦ ਸਨ |