ਨਵਾਂਸ਼ਹਿਰ, 24 ਮਈ (ਦੀਦਾਰ ਸਿੰਘ ਸ਼ੇਤਰਾ)-ਜ਼ਿਲ੍ਹਾ ਸਿਹਤ ਵਿਭਾਗ ਲੋਕਾਂ ਨੂੰ ਬਿਹਤਰ ਤੇ ਪ੍ਰਭਾਵਸ਼ਾਲੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਯਤਨਸ਼ੀਲ ਹੈ | ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਨੇ ਜ਼ਿਲ੍ਹੇ ਅੰਦਰ ਚੱਲ ਰਹੇ ਨੈਸ਼ਨਲ ਰੇਬੀਜ਼ ਕੰਟਰੋਲ ਪ੍ਰੋਗਰਾਮ ਤੇ ਨੈਸ਼ਨਲ ਵੈਕਟਰ ਬੌਰਨ ਡਿਜੀਜ਼ ਕੰਟਰੋਲ ਪ੍ਰੋਗਰਾਮ ਅਧੀਨ ਸਿਹਤ ਸੇਵਾਵਾਂ ਦੀ ਗੁਣਵੱਤਾ ਅਤੇ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਆਮ ਆਦਮੀ ਕਲੀਨਿਕਾਂ ਦਾ ਦੌਰਾ ਕੀਤਾ | ਦੌਰੇ ਦੌਰਾਨ ਉਨ੍ਹਾਂ ਨੇ ਸਿਹਤ ਕੇਂਦਰਾਂ ਵਿਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ, ਦਵਾਈਆਂ ਦੀ ਉਪਲੱਬਧਤਾ ਅਤੇ ਸਟਾਫ਼ ਦੀ ਕਾਰਗੁਜ਼ਾਰੀ ਦਾ ਬਰੀਕੀ ਨਾਲ ਜਾਇਜ਼ਾ ਲਿਆ | ਉਨ੍ਹਾਂ ਨੇ ਵਿਸ਼ੇਸ਼ ਤੌਰ 'ਤੇ ਰੇਬੀਜ਼ ਦੀ ਰੋਕਥਾਮ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕੀਤੀ | ਉਨ੍ਹਾਂ ਇਹ ਵੀ ਦੱਸਿਆ ਕਿ ਕੁੱਤੇ ਦੇ ਵੱਢਣ ਦੇ ਪਹਿਲੇ ਦਿਨ, ਤੀਸਰੇ, 7ਵੇਂ ਤੇ 28ਵੇਂ ਦਿਨ ਟੀਕਾਕਰਨ ਬਹੁਤ ਜ਼ਰੂਰੀ ਹੈ | ਡਾ. ਪਾਲ ਦਾ ਕਹਿਣਾ ਹੈ ਕਿ ਐਂਟੀ-ਰੇਬੀਜ਼ ਵੈਕਸੀਨ (ਏ.ਆਰ.ਵੀ.) ਇਕ ਮਹੱਤਵਪੂਰਨ ਵੈਕਸੀਨ ਹੈ ਜੋ ਰੇਬੀਜ਼ ਨੂੰ ਰੋਕਦੀ ਹੈ | ਇਹ ਰੋਗ 100 ਫੀਸਦੀ ਰੋਕਥਾਮਯੋਗ ਹੈ ਜੇ ਜਲਦੀ ਇਲਾਜ ਕੀਤਾ ਜਾਵੇ | ਆਮ ਆਦਮੀ ਕਲੀਨਿਕਾਂ ਵਿਚ ਲੋੜੀਂਦੇ ਟੀਕੇ ਦਾ ਪੂਰਾ ਭੰਡਾਰ ਤੇ ਸਿਖਲਾਈ ਪ੍ਰਾਪਤ ਮੈਡੀਕਲ ਸਟਾਫ ਤਾਇਨਾਤ ਹੈ ਤਾਂ ਜੋ ਸੁਚਾਰੂ, ਤੇਜ਼ ਅਤੇ ਪ੍ਰਭਾਵਸ਼ਾਲੀ ਇਲਾਜ ਡਿਲੀਵਰੀ ਨੂੰ ਯਕੀਨੀ ਬਣਾਇਆ ਜਾ ਸਕੇ | ਇਸ ਦੇ ਨਾਲ ਹੀ ਜਾਨਵਰ ਦੇ ਕੱਟਣ ਦੀ ਸਥਿਤੀ ਵਿਚ ਘਰੇਲੂ ਇਲਾਜ ਦੀ ਬਜਾਏ ਤੁਰੰਤ ਨਜ਼ਦੀਕੀ ਸਿਹਤ ਸੰਸਥਾ ਵਿਚ ਜਾ ਕੇ ਵੈਕਸੀਨੇਸ਼ਨ ਕਰਵਾਉਣ ਦੀ ਸਲਾਹ ਦਿੱਤੀ ਗਈ |