ਨਵਾਂਸ਼ਹਿਰ, 25 ਮਈ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤਾ ਹੈ ਕਿ ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਜਾਰੀ ਸਟੈਂਡਰਡ ਓਪਰੇਟਿੰਗ ਪ੍ਰੋਸੀਜਰ ਤਹਿਤ ਚੋਣ ਪ੍ਰਕਿਰਿਆ ਨੂੰ ਸ਼ਾਂਤਮਈ ਤਰੀਕੇ ਨਾਲ, ਨਿਰਵਿਘਨ ਕਰਵਾਉਣ ਤੇ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ, ਚੋਣਾਂ ਵਾਲੇ ਦਿਨ 26 ਮਈ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅੰਦਰ ਬਣੇ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਪੋਲਿੰਗ ਬੂਥਾਂ ਜਾਂ ਜਨਤਕ ਅਤੇ ਨਿੱਜੀ ਜਗ੍ਹਾ 'ਤੇ ਕਿਸੇ ਵੀ ਉਮੀਦਵਾਰ ਜਾਂ ਉਸ ਦੇ ਸਮਰਥਕ ਵਲੋਂ ਪ੍ਰਚਾਰ ਨਹੀਂ ਕੀਤਾ | ਜਾਵੇਗਾ | ਕਿਸੇ ਵੀ ਵਿਅਕਤੀ ਵਲੋਂ ਪੋਲਿੰਗ ਬੂਥਾਂ ਦੇ ਨਜ਼ਦੀਕ ਸ਼ੋਰ-ਸ਼ਰਾਬਾ, ਹੁੱਲੜਬਾਜ਼ੀ ਨਹੀਂ ਕੀਤੀ ਜਾਵੇਗੀ | ਜ਼ਿਲ੍ਹਾ ਮੈਜਿਸਟਰੇਟ ਨੇ ਆਪਣੇ ਹੁਕਮ ਵਿਚ ਸਪਸ਼ਟ ਕੀਤਾ ਹੈ ਕਿ ਕਿਸੇ ਵੀ ਵਿਅਕਤੀ ਵਲੋਂ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਸੈਲੂਲਰ ਫ਼ੋਨ, ਕੋਰਡਲੈਸ ਫੋਨ, ਵਾਇਰਲੈੱਸ ਸੈੱਟ, ਲਾਊਡ ਸਪੀਕਰ, ਮੈਗਾਫੋਨ ਆਦਿ ਦੀ ਵਰਤੋਂ ਨਹੀਂ ਕੀਤੀ ਜਾਵੇਗੀ | ਇਹ ਹੁਕਮ ਚੋਣ ਡਿਊਟੀ 'ਤੇ ਤਾਇਨਾਤ ਹੋਏ ਅਬਜ਼ਰਵਰ, ਪ੍ਰਸ਼ਾਸਨਿਕ, ਪੁਲਿਸ ਅਧਿਕਾਰੀ, ਡਿਊਟੀ 'ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ, ਪੋਲਿੰਗ ਤੇ ਕਾਊਟਿੰਗ ਨਾਲ ਸੰਬੰਧਿਤ ਸਰਕਾਰੀ ਕਰਮਚਾਰੀਆਂ 'ਤੇ ਲਾਗੂ ਨਹੀਂ ਹੋਵੇਗਾ | ਪ੍ਰਚਾਰ ਨਾਲ ਸੰਬੰਧਿਤ ਕਿਸੇ ਵੀ ਕਿਸਮ ਦਾ ਪੋਸਟਰ ਜਾਂ ਬੈਨਰ ਨਹੀਂ ਲਗਾਇਆ ਜਾਵੇਗਾ | ਇਸ ਤੋਂ ਇਲਾਵਾ ਉਨ੍ਹਾਂ ਆਪਣੇ ਹੁਕਮ ਵਿਚ ਦੱਸਿਆ ਹੈ ਕਿ ਕੋਈ ਵੀ ਰਾਜਨੀਤਿਕ ਪਾਰਟੀ, ਚੋਣ ਲੜ ਰਿਹਾ ਉਮੀਦਵਾਰ ਪੋਲਿੰਗ ਬੂਥ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪੋਲਿੰਗ ਬੂਥ ਜਾਂ ਟੈਂਟ ਨਹੀਂ ਲਗਾਏਗਾ | ਕੋਈ ਵੀ ਵਿਅਕਤੀ ਸਿਵਾਏ ਰਾਜ ਚੋਣ ਕਮਿਸ਼ਨ ਪੰਜਾਬ, ਅਬਜ਼ਰਵਰ ਚੋਣਾਂ, ਜ਼ਿਲ੍ਹਾ ਚੋਣਕਾਰ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਜਾਂ ਰਿਟਰਨਿੰਗ ਅਫ਼ਸਰ, ਨਗਰ ਕੌਂਸਲ ਨਵਾਂਸ਼ਹਿਰ, ਬੰਗਾ, ਰਾਹੋਂ ਵਲੋਂ ਅਧਿਕਾਰਤ ਵਿਅਕਤੀ, ਕਿਸੇ ਵੀ ਪੋਲਿੰਗ ਬੂਥ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪ੍ਰਾਈਵੇਟ ਵਹੀਕਲ ਨਹੀਂ ਲਿਜਾਏਗਾ | ਸੀਨੀਅਰ ਕਪਤਾਨ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਅਤੇ ਰਿਟਰਨਿੰਗ ਅਫ਼ਸਰ ਚੋਣਾਂ ਨਗਰ ਕੌਂਸਲ ਨਵਾਂਸ਼ਹਿਰ, ਬੰਗਾ, ਰਾਹੋਂ, ਇਸ ਹੁਕਮ ਦੀ ਇੰਨ-ਬਿੰਨ ਪਾਲਣਾ ਕਰਵਾਉਣ ਲਈ ਜ਼ਿੰਮੇਵਾਰ ਹੋਣਗੇ |