ਨਵਾਂਸ਼ਹਿਰ, 28 ਮਈ (ਦੀਦਾਰ ਸਿੰਘ ਸ਼ੇਤਰਾ)-ਸਿਹਤ ਵਿਭਾਗ ਦੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਨੇ ਸਰਕਾਰੀ ਨਸ਼ਾ ਮੁਕਤੀ ਕੇਂਦਰ ਨਵਾਂਸ਼ਹਿਰ ਵਿਖੇ ਅਚਨਚੇਤ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਵਲੋਂ ਕੇਂਦਰ 'ਚ ਦਾਖਲ ਮਰੀਜ਼ਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ, ਇਲਾਜ ਪ੍ਰਬੰਧਨ ਤੇ ਕਾਊਾਸਲਿੰਗ ਪ੍ਰਕਿਰਿਆ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ | ਦੌਰੇ ਦੌਰਾਨ ਡੀ. ਐੱਮ. ਸੀ. ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਸਟਾਫ਼ ਨਾਲ ਮੀਟਿੰਗ ਕਰਦੇ ਹੋਏ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਮੁਹਿੰਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਕਿਹਾ | ਉਨ੍ਹਾਂ ਕਿਹਾ ਕਿ ਨਸ਼ਾ ਪੀੜਤ ਵਿਅਕਤੀਆਂ ਨੂੰ ਮਿਆਰੀ ਇਲਾਜ ਦੇ ਨਾਲ-ਨਾਲ ਮਨੋਵਿਗਿਆਨਕ ਸਹਿਯੋਗ ਅਤੇ ਸਕਾਰਾਤਮਕ ਮਾਹੌਲ ਮੁਹੱਈਆ ਕਰਵਾਉਣਾ ਸਮੇਂ ਦੀ ਅਹਿਮ ਲੋੜ ਹੈ, ਤਾਂ ਜੋ ਉਹ ਸਮਾਜ ਦੀ ਮੁੱਖ ਧਾਰਾ ਨਾਲ ਮੁੜ ਜੁੜ ਸਕਣ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਸ਼ਾ ਪੀੜਤ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿਚ ਵਾਪਸ ਲਿਆਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ | ਉਨ੍ਹਾਂ ਕੇਂਦਰ 'ਚ ਦਾਖਲ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦਾ ਹੌਸਲਾ ਵਧਾਇਆ ਤੇ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਲਈ ਪ੍ਰੇਰਿਤ ਕੀਤਾ | ਇਸ ਮੌਕੇ ਮੈਡੀਕਲ ਅਫਸਰ ਡਾ. ਰਮਨ ਕੁਮਾਰ ਤੇ ਦੀਪਕ ਕੁਮਾਰ ਸਮੇਤ ਸਿਹਤ ਵਿਭਾਗ ਦੇ ਅਧਿਕਾਰੀ ਤੇ ਸਟਾਫ਼ ਮੈਂਬਰ ਵੀ ਹਾਜ਼ਰ ਸਨ |