ਨਵਾਂਸ਼ਹਿਰ, 1 ਜੂਨ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਰਕਾਰ ਵਲੋਂ ਸਾਲ 2026 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਮੁਹਿੰਮ ਤੇਜ਼ੀ ਨਾਲ ਚੱਲ ਰਹੀ ਹੈ | ਇਸ ਸੰਬੰਧ 'ਚ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਗੁਲਪ੍ਰੀਤ ਸਿੰਘ ਔਲਖ (ਆਈ. ਏ. ਐਸ.) ਵਲੋਂ ਜਾਣਕਾਰੀ ਦਿੱਤੀ ਗਈ ਕਿ ਕਰਾਪ ਰੈਜ਼ਿਡਿਊ ਮੈਨੇਜਮੈਂਟ ਸਕੀਮ ਸਾਲ 2026 ਲਈ ਝੋਨੇ ਦੀ ਪਰਾਲੀ ਦੀਆਂ ਸਾਂਭ-ਸੰਭਾਲ ਵਾਲੀਆਂ ਮਸ਼ੀਨਾਂ 'ਤੇ ਸਬਸਿਡੀ ਦੇਣ ਲਈ ਬਿਨੈਕਾਰਾਂ ਦੀ ਚੋਣ 30 ਜੂਨ 2026 ਨੂੰ ਸਵੇਰੇ 11 ਵਜੇ ਡੀ. ਸੀ. ਦਫਤਰ ਵਿਖੇ ਕੀਤੀ ਜਾਣੀ ਹੈ | ਉਨ੍ਹਾਂ ਵਲੋਂ ਇਸ ਸਕੀਮ 'ਚ ਅਪਲਾਈ ਕੀਤੇ ਗਏ ਕਿਸਾਨਾਂ ਨੂੰ ਇਸ ਚੋਣ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ | ਇਸ ਸੰਬੰਧ 'ਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਮੁੱਖ ਖੇਤੀਬਾੜੀ ਅਫਸਰ ਡਾ. ਲੇਖ ਰਾਜ ਵਲੋਂ ਜਾਣਕਾਰੀ ਦਿੱਤੀ ਗਈ ਕਿ ਇਸ ਸਕੀਮ ਅਧੀਨ ਹਲੇ ਤੱਕ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਵਾਲੀਆਂ ਕੁਲ 2126 ਮਸ਼ੀਨਾਂ ਉਪਲੱਬਧ ਹਨ | ਜਿਸ ਵਿਚ ਇੰਨ-ਸੀਟੂ ਵਾਲੀਆਂ ਮਸ਼ੀਨਾਂ ਜਿਵੇਂ ਕਿ ਸੁਪਰ ਸੀਡਰ, ਸਰਫੇਸ ਸੀਡਰ, ਹੈਪੀ ਸੀਡਰ, ਮਲਚਰ, ਸਮਾਰਟ ਸੀਡਰ, ਜ਼ੀਰੋ ਟਿੱਲ ਡਰਿਲ ਆਦਿ ਅਤੇ ਐਕਸ ਸੀਟੂ ਵਾਲੀਆਂ ਮਸ਼ੀਨਾਂ ਬੇਲਰ, ਰੇਕ ਅਤੇ ਕਰਾਪ ਰੀਪਰ ਅਦਿ ਉਪਲੱਬਧ ਹਨ | ਉਨ੍ਹਾਂ ਵਲੋਂ ਸਮੂਹ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਪੀਲ ਕੀਤੀ ਗਈ |