ਹੁਸ਼ਿਆਰਪੁਰ, 7 ਜੂਨ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਪ੍ਰਵਾਸੀ ਭਾਰਤੀ ਮਾਮਲੇ ਤੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਵਲੋਂ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਪਿੰਡ ਸ਼ੇਖੂਪੁਰ ਵਿਖੇ 900 ਮੀਟਰ ਲੰਬੀ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਸੜਕ ਪ੍ਰਤੀ ਪਿੰਡ ਵਾਸੀਆਂ ਵਲੋਂ ਪਿਛਲੇ ਕਰੀਬ 30 ਤੋਂ 35 ਸਾਲਾਂ ਤੋਂ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਤਰਜੀਹ ਦੇ ਆਧਾਰ 'ਤੇ ਮਨਜ਼ੂਰੀ ਦੇ ਕੇ ਅੱਜ ਕੰਮ ਦੀ ਸ਼ੁਰੂਆਤ ਕਰਵਾ ਦਿੱਤੀ ਹੈ | ਇਸ ਮੌਕੇ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਹਲਕਾ ਸ਼ਾਮਚੁਰਾਸੀ ਵਿਚ ਵੀ ਵਿਕਾਸ ਕਾਰਜ ਲਗਾਤਾਰ ਜਾਰੀ ਹਨ ਤੇ ਲੋਕਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ | ਇਸ ਮੌਕੇ ਪਿੰਡ ਦੇ ਕਈ ਪਰਿਵਾਰ ਤੇ ਨੌਜਵਾਨ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ | ਡਾ. ਰਵਜੋਤ ਸਿੰਘ ਨੇ ਪਾਰਟੀ 'ਚ ਸ਼ਾਮਿਲ ਹੋਣ ਵਾਲੇ ਸਾਰੇ ਸਾਥੀਆਂ ਦਾ ਸਵਾਗਤ ਕੀਤਾ |