ਦਸੂਹਾ, 11 ਜੂਨ (ਕੌਸ਼ਲ)-ਹਲਕਾ ਦਸੂਹਾ ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਪਿੰਡ ਨਵੀਂ ਆਬਾਦੀ ਵਿਖੇ ਬਲਵਿੰਦਰ ਸਿੰਘ ਨੇ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿੰਦੇ ਹੋਏ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ | ਇਹ ਸ਼ਮੂਲੀਅਤ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਗਮੋਹਣ ਸਿੰਘ ਬੱਬੂ ਘੁੰਮਣ ਦੀ ਅਗਵਾਈ ਹੇਠ ਹੋਈ | ਇਸ ਮੌਕੇ ਜਗਮੋਹਣ ਸਿੰਘ ਬੱਬੂ ਘੁੰਮਣ ਨੇ ਨਵੇਂ ਸ਼ਾਮਿਲ ਹੋਏ ਆਗੂਆਂ ਅਤੇ ਵਰਕਰਾਂ ਦਾ ਪਾਰਟੀ 'ਚ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਤੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ | ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਹਰ ਵਰਕਰ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ | ਬਲਵਿੰਦਰ ਸਿੰਘ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸ ਪੱਖੀ ਸੋਚ ਤੋਂ ਪ੍ਰਭਾਵਿਤ ਹੋ ਕੇ ਪਾਰਟੀ 'ਚ ਸ਼ਾਮਿਲ ਹੋਏ ਹਨ | ਪਿੰਡ ਵਾਸੀਆਂ ਨੇ ਨਵੇਂ ਸਾਥੀਆਂ ਦੇ ਪਾਰਟੀ ਵਿਚ ਸ਼ਾਮਿਲ ਹੋਣ ਨੂੰ ਹਲਕੇ ਵਿਚ ਆਮ ਆਦਮੀ ਪਾਰਟੀ ਲਈ ਮਜ਼ਬੂਤੀ ਦਾ ਸੰਕੇਤ ਦੱਸਿਆ ਹੈ |