ਬੰਗਾ, 15 ਜੂਨ (ਧਰਮਵੀਰ ਪਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਅਦਾਰੇ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਿਖੇ ਪ੍ਰਿੰਸੀਪਲ ਡਾ. ਰਣਜੀਤ ਸਿੰਘ ਦੀ ਯੋਗ ਅਗਵਾਈ ਤੇ ਕੋਆਰਡੀਨੇਟਰ ਪ੍ਰੋ. ਗੁਲਬਹਾਰ ਸਿੰਘ, ਪ੍ਰੋ. ਸੰਦੀਪ ਕੌਰ ਤੇ ਪ੍ਰੋ. ਪ੍ਰਿਯਾ ਦੀ ਦੇਖ ਰੇਖ ਅਧੀਨ ਕਰਵਾਏ ‘ਸੰਗੀਤਕ ਦੁਪਹਿਰ’ ਪ੍ਰੋਗਰਾਮ ਉਤਸ਼ਾਹ, ਸ਼ਾਨੋ ਸ਼ੌਕਤ ਤੇ ਸੱਭਿਆਚਾਰਕ ਰੰਗਤ ਨਾਲ ਕਰਵਾਇਆ ਗਿਆ। ਇਹ ਪ੍ਰੋਗਰਾਮ ਵਿਦਿਆਰਥੀਆਂ ਦੀਆਂ ਯਾਦਾਂ ਵਿਚ ਇਕ ਵਿਸ਼ੇਸ਼ ਸਥਾਨ ਬਣਾਉਂਦਿਆਂ ਯਾਦਗਾਰੀ ਹੋ ਨਿੱਬੜਿਆ। ਪ੍ਰੋਗਰਾਮ ਦੀ ਆਰੰਭਤਾ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਕਰਕੇ ਕੀਤੀ। ਉਪਰੰਤ ਵਿਦਿਆਰਥੀਆਂ ਨੇ ਲੋਕ ਗੀਤਾਂ, ਭੰਗੜਾਂ, ਗਿੱਧਾ ਤੇ ਹੋਰ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਆਪਣੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਰੰਗ ਬਿਰੰਗੇ ਪਹਿਰਾਵਿਆਂ ਤੇ ਜੋਸ਼ ਭਰੀਆਂ ਪੇਸ਼ਕਾਰੀਆਂ ਨੇ ਪੂਰੇ ਮਾਹੌਲ ਨੂੰ ਪੰਜਾਬੀ ਸੱਭਿਆਚਾਰ ਦੀ ਸੁਗੰਧ ਨਾਲ ਮਹਿਕਾ ਦਿੱਤਾ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਨੇ ਸਭ ਦਾ ਮਨ ਮੋਹ ਲਿਆ। ਪੰਜਾਬੀ ਲੋਕ ਗੀਤਾਂ ਨੇ ਪੰਜਾਬ ਦੇ ਅਮੀਰ ਵਿਰਸੇ ਦੀ ਝਲਕ ਪੇਸ਼ ਕੀਤੀ, ਜਦ ਕਿ ਭੰਗੜੇ ਤੇ ਗਿੱਧੇ ਦੀਆਂ ਪੇਸ਼ਕਾਰੀਆਂ ਨੇ ਦਰਸ਼ਕਾਂ ਨੂੰ ਤਾੜੀਆਂ ਵਜਾਉਣ ਲਈ ਮਜਬੂਰ ਕਰ ਦਿੱਤਾ। ਇਸ ਮੌਕੇ ਪ੍ਰਿੰਸੀਪਲ ਡਾ. ਰਣਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਲਜ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਪੰਜਾਬੀ ਸੱਭਿਆਚਾਰ, ਵਿਰਸੇ, ਨੈਤਿਕ ਕਦਰਾ ਕੀਮਤਾਂ ਤੇ ਖੇਡਾਂ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਇਲਾਕੇ ਦੀ ਇਕ ਪ੍ਰਮੁੱਖ ਵਿਦਿਅਕ ਸੰਸਥਾ ਹੈ ਜੋ ਘੱਟ ਫੀਸਾਂ ਵਿਚ ਉੱਚ ਸਿੱਖਿਆ ਪ੍ਰਦਾਨ ਕਰਨ ਲਈ ਵਚਨਵੱਧ ਹੈ। ਸੰਸਥਾ ਵਲੋਂ ਐਸ. ਸੀ., ਬੀ. ਸੀ., ਘੱਟ ਗਿਣਤੀ ਵਰਗ, ਅੰਮ੍ਰਿਤਧਾਰੀ ਵਿਦਿਆਰਥੀਆਂ ਤੇ ਖਿਡਾਰੀਆਂ ਲਈ ਵਿਸ਼ੇਸ਼ ਰਿਆਇਤਾਂ ਤੇ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾਂਦੀਆਂ ਹਨ ਜਿਸ ਦਾ ਵੱਡੀ ਗਿਣਤੀ ਵਿੱਚ ਵਿਦਿਆਰਥੀ ਲਾਭ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਲਜ ਵਿਚ ਨਵੇਂ ਵਿੱਦਿਅਕ ਸੈਸ਼ਨ ਦੀ ਦਾਖਲਾ ਪ੍ਰਕਿਰਿਆ ਸ਼ੁਰੂ ਹੋ ਚੁੱਕੀ। ਉਨ੍ਹਾਂ ਇਲਾਕੇ ਦੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਦਾਖਲਾ ਲੈ ਕੇ ਕਾਲਜ ਵਲੋਂ ਦਿੱਤੀਆਂ ਜਾ ਰਹੀਆਂ ਵਿਦਿਅਕ, ਖੇਡ ਤੇ ਸੱਭਿਆਚਾਰਕ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਮੌਕੇ ਸੀਨੀਅਰ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਸਨਮਾਨਿਤ ਕੀਤਾ ਤੇ ਅਰਸ਼ਦੀਪ ਕੌਰ ਨੂੰ ਮਿਸ ਫੇਅਰਵੈਲ ਤੇ ਅਰਸ਼ਦੀਪ ਸਿੰਘ ਨੂੰ ਮਿਸਟਰ ਫੇਅਰਵੈਲ ਦੇ ਖਿਤਾਬ ਨਾਲ ਨਿਵਾਜਿਆ। ਇਸ ਮੌਕੇ ਕਾਲਜ ਦਾ ਸਮੂਹ ਸਟਾਫ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।
ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਿਖੇ ‘ਸੰਗੀਤਕ ਦੁਪਹਿਰ’ ਪ੍ਰੋਗਰਾਮ ਯਾਦਗਾਰੀ ਹੋ ਨਿੱਬੜਿਆ
ਅਜੀਤ ਡੈਸਕ
16-06-2026