14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਸਰਕਾਰ ਨੇ ਨਹੀਂ ਲਈ ਕੋਈ ਸਾਰ, ਸਿਹਤ ਸੇਵਾਵਾਂ ਹੋ ਰਹੀਆਂ ਪ੍ਰਭਾਵਿਤ

Ad Position 21
No active advertisement
ਅਜੀਤ ਡੈਸਕ 26-06-2026

ਨਵਾਂਸ਼ਹਿਰ, 25 ਜੂਨ (ਜਸਬੀਰ ਸਿੰਘ ਨੂਰਪੁਰ)-ਕਮਿਊਨਟੀ ਹੈਲਥ ਅਫ਼ਸਰਾਂ ਤੇ ਐਨ. ਐਚ. ਐਮ. ਮੁਲਾਜ਼ਮਾਂ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਜਾਇਜ਼ ਮੰਗਾਂ ਦੇ ਹੱਲ ਲਈ ਬੀਤੀ 22 ਜੂਨ ਤੋਂ ਸ਼ੁਰੂ ਕੀਤੀ ਗਈ ਹੜਤਾਲ ਜਾਰੀ ਰਹੀ। ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵਲੋਂ ਕੋਈ ਸਕਾਰਾਤਮਕ ਪਹਿਲ ਨਾ ਕੀਤੇ ਜਾਣ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਕਰਦਿਆਂ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਧਾਨ ਡਾ. ਦਿਲਜੀਤ ਕੁਮਾਰ ਨੇ ਕਿਹਾ ਕਿ ਕਮਿਊਨਟੀ ਹੈਲਥ ਅਫ਼ਸਰਾਂ ਤੇ ਐਨ. ਐਚ. ਐਮ. ਮੁਲਾਜ਼ਮਾਂ ਵਲੋਂ ਪਿਛਲੇ ਕਈ ਸਾਲਾਂ ਤੋਂ ਆਪਣੀਆਂ ਜਾਇਜ਼ ਮੰਗਾਂ ਦੇ ਹੱਲ ਲਈ ਸਰਕਾਰ ਤੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਅਨੇਕਾਂ ਮੰਗ-ਪੱਤਰ ਦਿੱਤੇ ਗਏ ਅਤੇ ਵਾਰ-ਵਾਰ ਮੰਗਾਂ ਵੱਲ ਧਿਆਨ ਦਿਵਾਇਆ ਗਿਆ, ਪਰ ਅੱਜ ਤੱਕ ਕਿਸੇ ਵੀ ਮੰਗ ਦਾ ਕੋਈ ਠੋਸ ਹੱਲ ਨਹੀਂ ਕੀਤਾ। ਆਗੂਆਂ ਨੇ ਕਿਹਾ ਕਿ 22 ਜੂਨ ਤੋਂ ਸ਼ੁਰੂ ਕੀਤੀ ਗਈ ਹੜਤਾਲ ਦੇ ਬਾਵਜੂਦ ਸਰਕਾਰ ਵਲੋਂ ਅਜੇ ਤੱਕ ਕੋਈ ਗੰਭੀਰਤਾ ਨਹੀਂ ਦਿਖਾਈ ਗਈ ਅਤੇ ਨਾ ਹੀ ਯੂਨੀਅਨਾਂ ਨਾਲ ਕੋਈ ਅਰਥਪੂਰਨ ਗੱਲਬਾਤ ਕੀਤੀ ਗਈ ਹੈ। ਇਸ ਕਾਰਨ ਪੰਜਾਬ ਭਰ ਵਿਚ ਆਯੁਸ਼ਮਾਨ ਅਰੋਗਿਆ ਕੇਂਦਰਾਂ, ਐਨ. ਸੀ. ਡੀ. ਸਕ੍ਰੀਨਿੰਗ, ਟੀ. ਬੀ. ਪ੍ਰੋਗਰਾਮ, ਓ. ਪੀ. ਡੀ. ਸੇਵਾਵਾਂ ਤੇ ਹੋਰ ਸਿਹਤ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ। ਆਗੂਆਂ ਨੇ ਕਿਹਾ ਕਿ ਕਮਿਊਨਟੀ ਹੈਲਥ ਅਫ਼ਸਰ ਤੇ ਐਨ. ਐਚ. ਐਮ. ਮੁਲਾਜ਼ਮ ਆਪਣੇ ਹੱਕਾਂ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰੱਖਣਗੇ। ਉਨ੍ਹਾਂ ਦੱਸਿਆ ਕਿ ਜੇਕਰ ਸਰਕਾਰ ਨੇ ਜਲਦ ਮੰਗਾਂ ਦਾ ਹੱਲ ਨਾ ਕੀਤਾ ਤਾਂ 2 ਜੁਲਾਈ 2026 ਨੂੰ ਮੁੱਖ ਮੰਤਰੀ ਪੰਜਾਬ ਜੀ ਦੀ ਰਿਹਾਇਸ਼ ਸੰਗਰੂਰ ਵਿਖੇ ਸੂਬਾ ਪੱਧਰੀ ਵਿਸ਼ਾਲ ਧਰਨਾ ਦਿੱਤਾ ਜਾਵੇਗਾ, ਜਿਸ ਵਿਚ ਪੰਜਾਬ ਭਰ ਤੋਂ ਹਜ਼ਾਰਾਂ ਮੁਲਾਜ਼ਮ ਸ਼ਮੂਲੀਅਤ ਕਰਨਗੇ। ਆਗੂਆਂ ਨੇ ਕਿਹਾ ਕਿ ਹੜਤਾਲ ਕਾਰਨ ਸਿਹਤ ਸੇਵਾਵਾਂ ’ਤੇ ਪੈ ਰਹੇ ਪ੍ਰਭਾਵ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੀ ਹੈ, ਕਿਉਂਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਲੰਬੇ ਸਮੇਂ ਤੋਂ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਤੁਰੰਤ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਮਸਲਿਆਂ ਦਾ ਹੱਲ ਕੀਤਾ ਜਾਵੇ। ਇਸ ਮੌਕੇ ਜ਼ਿਲ੍ਹਾ ਤੇ ਬਲਾਕ ਪੱਧਰ ਦੇ ਕਮਿਊਨਟੀ ਹੈਲਥ ਅਫ਼ਸਰ ਅਤੇ ਐਨ. ਐਚ. ਐਮ. ਮੁਲਾਜ਼ਮ ਵੱਡੀ ਗਿਣਤੀ ਵਿਚ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਭੂਪੇ ਸ਼ਾਹ ਦਰਬਾਰ ’ਤੇ ਜੋੜ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ ਅਗਲੀ ਖ਼ਬਰ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਮੈਰਿਟ ’ਚ ਆਏ ਵਿਦਿਆਰਥੀਆਂ ਦਾ ਸਨਮਾਨ
Ad Position 24