ਨਵਾਂਸ਼ਹਿਰ, 30 ਜੂਨ (ਜਸਬੀਰ ਸਿੰਘ ਨੂਰਪੁਰ) - ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ 1 ਜੁਲਾਈ ਤੋਂ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਬਦਲ ਕੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਰ ਦਿੱਤਾ ਗਿਆ ਹੈ। ਨਾਗਰਿਕਾਂ ਦੀ ਸਹੂਲਤ ਅਤੇ ਜਨਤਕ ਸੇਵਾਵਾਂ ਨੂੰ ਹੋਰ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਇਹ ਫੈਸਲਾ ਲਿਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਵੇਂ ਸਮੇਂ ਅਨੁਸਾਰ ਸੇਵਾ ਕੇਂਦਰਾਂ ਵਿੱਚ ਜਨਮ-ਮੌਤ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਫਰਦ, ਵਿਆਹ ਰਜਿਸਟ੍ਰੇਸ਼ਨ ਅਤੇ ਹੋਰ ਸਾਰੀਆਂ ਸੇਵਾਵਾਂ ਉਪਲਬਧ ਰਹਿਣਗੀਆਂ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਵੇਂ ਸਮੇਂ ਦਾ ਧਿਆਨ ਰੱਖਦੇ ਹੋਏ ਸੇਵਾ ਕੇਂਦਰਾਂ ਦਾ ਦੌਰਾ ਕਰਨ ਅਤੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਸੇਵਾ ਕੇਂਦਰਾਂ ਦੇ ਸਟਾਫ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਨਾਗਰਿਕਾਂ ਨੂੰ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ।
1 ਜੁਲਾਈ ਤੋਂ ਜ਼ਿਲ੍ਹੇ ਦੇ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਰਹਿਣਗੇ ਖੁੱਲ੍ਹੇ-ਡਿਪਟੀ ਕਮਿਸ਼ਨਰ
ਅਜੀਤ ਡੈਸਕ
01-07-2026