ਕਾਠਗੜ੍ਹ, 3 ਜੁਲਾਈ (ਹਰਸਿਮਰਨ ਜੋਤ ਸਿੰਘ ਕਲੇਰ) - ਇੱਕ ਪਾਸੇ ਤਾਂ ਪੰਜਾਬ ਸਰਕਾਰ ਢਿੰਡੋਰਾ ਪਿੱਟ ਰਹੀ ਹੈ ਕਿ ਅਸੀਂ ਪਿੰਡਾਂ ਦੇ ਵਿੱਚ ਵਿਕਾਸ ਕਾਰਜਾਂ ਦੀ ਤੇਜ਼ੀ ਲਿਆ ਰਹੇ ਹਾਂ। ਜਾਣਕਾਰੀ ਮੁਤਾਬਕ ਪਿੰਡ ਭੋਲੇਵਾਲ ਦੇ ਸਰਕਾਰੀ ਸਮਾਰਟ ਸਕੂਲ ਅੱਗੇ ਗੰਦੇ ਪਾਣੀ ਦੀ ਸਮੱਸਿਆ ਕਾਫੀ ਲੰਬੇ ਸਮੇਂ ਤੋਂ ਚਲਦੀ ਆ ਰਹੀ ਹੈ। ਇਸ ਦੀ ਸਫਾਈ ਆਰਜੀ ਤੌਰ ’ਤੇ ਕਰਵਾ ਦਿੱਤੀ ਜਾਂਦੀ ਹੈ ਪਰ ਇਸ ਦਾ ਕੋਈ ਪੱਕਾ ਹੱਲ ਨਹੀਂ ਕੀਤਾ ਜਾਂਦਾ। ਜਿੱਥੇ ਸਕੂਲ ਆਉਣ ਜਾਣ ਵਿੱਚ ਛੋਟੇ-ਛੋਟੇ ਬੱਚਿਆਂ ਅਤੇ ਸਕੂਲ ਅਧਿਆਪਕਾਂ ਨੂੰ ਕਾਫੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਾਣਕਾਰੀ ਮੁਤਾਬਕ ਪਿੰਡ ਦੇ ਗੰਦੇ ਦੂਸ਼ਿਤ ਪਾਣੀ ਦੇ ਕਾਰਨ ਮੱਖੀਆਂ ਮੱਛਰਾਂ ਦੀ ਭਰਮਾਰ ਲੱਗੀ ਹੋਈ ਹੈ। ਜਿਸ ਕਾਰਨ ਸਕੂਲੀ ਬੱਚੇ ਵੀ ਕਿਸੀ ਗੰਭੀਰ ਬਿਮਾਰੀ ਦੀ ਲਪੇਟ ਵਿੱਚ ਆ ਸਕਦੇ ਹਨ। ਸਕੂਲ ’ਚ ਪੜ੍ਹ ਰਹੇ ਬੱਚਿਆਂ ਦੇ ਮਾਪਿਆਂ ਨੇ ਸਬੰਧਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਸਕੂਲ ਦੇ ਅੱਗਿਓਂ ਲੰਘ ਰਹੇ ਗੰਦੇ ਪਾਣੀ ਦੇ ਨਿਕਾਸੀ ਵਾਲੇ ਨਾਲੇ ਨੂੰ ਚੰਗੀ ਤਰ੍ਹਾਂ ਸਾਫ ਕਰਾਇਆ ਜਾਵੇ ਤੇ ਨਕਾਸੀ ਪਾਣੀ ਦਾ ਪੱਕਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਸਕੂਲ ਜਾਣ ਲਈ ਬੱਚਿਆਂ ਨੂੰ ਕਿਸੀ ਵੀ ਤਰਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।