ਜਾਡਲਾ, 3 ਜੁਲਾਈ (ਹਰਕੰਵਲ ਸਿੰਘ ਕੌਲਗੜ੍ਹ)- ਸ਼ਹੀਦ ਬੱਬਰ ਕਰਮ ਸਿੰਘ ਦੇ ਜਨਮ ਅਸਥਾਨ ਪਿੰਡ ਦੌਲਤਪੁਰ ਵਿਖੇ ਸਮਾਜਿਕ ਏਕਤਾ, ਆਪਸੀ ਭਾਈਚਾਰੇ ਅਤੇ ਪਿਆਰ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸਰਬ ਧਰਮ ਸਾਂਝਾ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਵੱਖ-ਵੱਖ ਧਾਰਮਿਕ ਸੰਸਥਾਵਾਂ, ਸਮਾਜਿਕ ਅਤੇ ਸਮਾਜ ਸੇਵੀ ਜਥੇਬੰਦੀਆਂ, ਸਟੂਡੈਂਟ ਜਥੇਬੰਦੀਆਂ ਅਤੇ ਸਮਾਜ ਨੂੰ ਸੇਧ ਦੇਣ ਵਾਲੀਆਂ ਹੋਰ ਸੰਸਥਾਵਾਂ ਨੂੰ ਸ਼ਾਮਲ ਹੋਣ ਲਈ ਸੱਦਾ ਦਿੱਤਾ ਜਾ ਰਿਹਾ ਹੈ। ਸਮਾਜ ਸੇਵੀ ਰਜੇਸ਼ ਪਾਲ ਸਿੰਘ ਖੰਨਾ ਨੇ ਦੱਸਿਆ ਕਿ ਸਮਾਗਮ ਦਾ ਮੁੱਖ ਮਕਸਦ ਧਰਮ, ਨਸਲ, ਜਾਤ-ਪਾਤ, ਰੰਗ ਤੇ ਹੋਰ ਹਰ ਤਰ੍ਹਾਂ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਆਪਸੀ ਪਿਆਰ, ਸਦਭਾਵਨਾ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਹੈ। ਇਸ ਸਬੰਧੀ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ ਤਾਂ ਜੋ ਹਰ ਧਰਮ ਅਤੇ ਹਰ ਵਰਗ ਦੇ ਲੋਕ ਇਸ ਮੁਹਿੰਮ ਦਾ ਹਿੱਸਾ ਬਣ ਸਕਣ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਮਾਜ ਨੂੰ ਵੰਡਣ ਵਾਲੀਆਂ ਤਾਕਤਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਛੋਟੀਆਂ-ਛੋਟੀਆਂ ਗੱਲਾਂ ਨੂੰ ਲੈ ਕੇ ਆਪਸੀ ਮਨਮੁਟਾਅ ਪੈਦਾ ਕਰਨ ਦੀ ਬਜਾਏ ਆਪਸੀ ਵਿਸ਼ਵਾਸ, ਸਹਿਯੋਗ ਤੇ ਸਤਿਕਾਰ ਦੀ ਭਾਵਨਾ ਨੂੰ ਪ੍ਰਫੁੱਲਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਸਮਾਜ ਵਿਰੋਧੀ ਅਨਸਰਾਂ ਨੂੰ ਇਕਜੁੱਟ ਹੋ ਕੇ ਨਕਾਰਨਾ ਤੇ ਆਪਸੀ ਪਿਆਰ ਤੇ ਭਾਈਚਾਰੇ ਨੂੰ ਹੋਰ ਮਜ਼ਬੂਤ ਕਰਨਾ ਹੀ ਇਸ ਸਮਾਗਮ ਦਾ ਮੁੱਖ ਸੰਦੇਸ਼ ਹੋਵੇਗਾ। ਪ੍ਰਬੰਧਕਾਂ ਨੇ ਦੱਸਿਆ ਕਿ ਮੀਟਿੰਗਾਂ ਤੋਂ ਬਾਅਦ ਸਮਾਗਮ ਜੁਲਾਈ ਦੇ ਆਖਰੀ ਹਫ਼ਤੇ ਕਰਵਾਇਆ ਜਾਵੇਗਾ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਅਜਿਹੇ ਸਾਂਝੇ ਉਪਰਾਲੇ ਸਮਾਜ ਵਿੱਚ ਏਕਤਾ, ਅਮਨ, ਭਾਈਚਾਰੇ ਤੇ ਆਪਸੀ ਸਦਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਨਵੀਂ ਪੀੜ੍ਹੀ ਨੂੰ ਵੀ ਇਕਜੁੱਟ ਤੇ ਸਾਂਝੇ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਨਗੇ।