ਨਵਾਂਸ਼ਹਿਰ, 8 ਜੁਲਾਈ (ਜਸਬੀਰ ਸਿੰਘ ਨੂਰਪੁਰ)- ਸਬ-ਡਵੀਜ਼ਨਲ ਮੈਜਿਸਟ੍ਰੇਟ ਨਵਾਂਸ਼ਹਿਰ ਅਨਮਜੋਤ ਕੌਰ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐੱਸ.ਆਈ.ਆਰ) ਪ੍ਰਕਿਰਿਆ ਤਹਿਤ ਇਨਿਊਮਰੇਸ਼ਨ ਫਾਰਮ ਵੰਡਣ ਅਤੇ ਭਰੇ ਹੋਏ ਫਾਰਮ ਇਕੱਤਰ ਕਰਨ ਦਾ ਕੰਮ ਨਿਰਧਾਰਤ ਸਮਾਂ-ਸਾਰਣੀ ਅਨੁਸਾਰ ਪੂਰੇ ਜ਼ੋਰਾਂ ਨਾਲ ਚੱਲ ਰਿਹਾ ਹੈ। ਉਨ੍ਹਾਂ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 24 ਜੁਲਾਈ ਤੋਂ ਪਹਿਲਾਂ ਆਪਣਾ ਇਨਿਊਮਰੇਸ਼ਨ ਫਾਰਮ ਭਰ ਕੇ ਸਬੰਧਤ ਬੂਥ ਲੈਵਲ ਅਫ਼ਸਰ (ਬੀ.ਐੱਲ.ਓ) ਕੋਲ ਜ਼ਰੂਰ ਜਮ੍ਹਾਂ ਕਰਵਾਉਣ। ਐੱਸ.ਡੀ.ਐੱਮ ਦਫ਼ਤਰ ਨਵਾਂਸ਼ਹਿਰ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਹਰ ਯੋਗ ਵੋਟਰ ਲਈ ਇਨਿਊਮਰੇਸ਼ਨ ਫਾਰਮ ਭਰਨਾ ਲਾਜ਼ਮੀ ਹੈ। ਜਿਨ੍ਹਾਂ ਵੋਟਰਾਂ ਜਾਂ ਉਨ੍ਹਾਂ ਦੇ ਮਾਤਾ-ਪਿਤਾ ਦਾ ਨਾਮ ਸਾਲ 2003 ਦੀ ਵੋਟਰ ਸੂਚੀ ਵਿੱਚ ਦਰਜ ਹੈ, ਉਹ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਿਰਧਾਰਤ ਪ੍ਰਕਿਰਿਆ ਦੀ ਪਾਲਣਾ ਕਰਦਿਆਂ ਆਪਣਾ ਫਾਰਮ ਜ਼ਰੂਰ ਭਰਨ। ਐੱਸ.ਡੀ.ਐੱਮ ਨੇ ਕਿਹਾ ਕਿ ਐੱਸ.ਆਈ.ਆਰ ਦਾ ਉਦੇਸ਼ ਸ਼ੁੱਧ, ਅਪਡੇਟ ਤੇ ਭਰੋਸੇਯੋਗ ਵੋਟਰ ਸੂਚੀ ਤਿਆਰ ਕਰਨਾ ਹੈ ਤਾਂ ਜੋ ਜ਼ਿਲ੍ਹੇ ਦਾ ਇੱਕ ਵੀ ਯੋਗ ਵੋਟਰ ਇਸ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਪੂਰੀ ਪ੍ਰਕਿਰਿਆ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪਾਰਦਰਸ਼ੀ, ਨਿਰਪੱਖ ਤੇ ਸਮੇਂਬੱਧ ਢੰਗ ਨਾਲ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਭਾਰਤੀ ਪਾਸਪੋਰਟ ਰੱਖਣ ਵਾਲੇ ਵਿਦੇਸ਼ ਵੱਸਦੇ ਭਾਰਤੀ ਵੀ ਆਨਲਾਈਨ ਜਾਂ ਆਪਣੇ ਪਰਿਵਾਰਕ ਮੈਂਬਰਾਂ ਰਾਹੀਂ ਇਨਿਊਮਰੇਸ਼ਨ ਫਾਰਮ ਜਮ੍ਹਾਂ ਕਰਵਾ ਸਕਦੇ ਹਨ। ਐੱਸ.ਡੀ.ਐੱਮ. ਨੇ ਦੱਸਿਆ ਕਿ ਜਿਨ੍ਹਾਂ ਵੋਟਰਾਂ ਨੂੰ ਆਪਣੇ ਬੀ.ਐੱਲ.ਓ ਬਾਰੇ ਜਾਣਕਾਰੀ ਨਹੀਂ ਹੈ, ਉਹ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਸਥਾਪਤ ਹੈਲਪ ਡੈਸਕ, ਐੱਸ.ਡੀ.ਐੱਮ ਦਫ਼ਤਰ ਜਾਂ ਟੋਲ-ਫ੍ਰੀ ਹੈਲਪਲਾਈਨ 1950 ‘ਤੇ ਸੰਪਰਕ ਕਰ ਸਕਦੇ ਹਨ। ਇਨਿਊਮਰੇਸ਼ਨ ਫਾਰਮ ਆਨਲਾਈਨ ਭਰਨ ਦੀ ਸੁਵਿਧਾ ਵੀ ਉਪਲਬਧ ਹੈ। ਵੱਧ ਵੋਟਰਾਂ ਵਾਲੇ ਪੋਲਿੰਗ ਸਟੇਸ਼ਨਾਂ ‘ਤੇ ਲੋੜ ਅਨੁਸਾਰ ਵਿਸ਼ੇਸ਼ ਕੈਂਪ ਵੀ ਲਗਾਏ ਜਾਣਗੇ, ਤਾਂ ਜੋ ਹਰ ਯੋਗ ਵੋਟਰ ਤੱਕ ਪਹੁੰਚ ਯਕੀਨੀ ਬਣਾਈ ਜਾ ਸਕੇ।