ਜਾਡਲਾ, 9 ਜੁਲਾਈ (ਹਰਕੰਵਲ ਸਿੰਘ ਕੌਲਗੜ੍ਹ) - ਨਗਰ ਨਿਗਮ ਅਤੇ ਨਗਰ ਪੰਚਾਇਤ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਸ਼ਾਨਦਾਰ ਜਿੱਤ ਤੋਂ ਬਾਅਦ ਪਾਰਟੀ ਆਗੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸੇ ਲੜੀ ਤਹਿਤ ਆਮ ਆਦਮੀ ਪਾਰਟੀ ਦੇ ਨਵਾਂਸ਼ਹਿਰ ਵਿਧਾਨ ਸਭਾ ਹਲਕੇ ਦੇ ਇੰਚਾਰਜ ਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਰੌਬੀ ਕੰਗ ਨੇ ਕਿਹਾ ਕਿ ਚੋਣ ਨਤੀਜਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੀ ਜਨਤਾ ਦਾ ਭਰੋਸਾ ਅੱਜ ਵੀ ਆਮ ਆਦਮੀ ਪਾਰਟੀ ਤੇ ਉਸ ਦੀਆਂ ਲੋਕ-ਪੱਖੀ ਨੀਤੀਆਂ ’ਤੇ ਕਾਇਮ ਹੈ। ਅਜੀਤ ਨਾਲ ਗੱਲਬਾਤ ਕਰਦਿਆਂ ਰੌਬੀ ਕੰਗ ਨੇ ਕਿਹਾ ਕਿ ਨਗਰ ਨਿਗਮਾਂ ਤੇ ਨਗਰ ਪੰਚਾਇਤਾਂ ’ਚ ਮਿਲੀ ਇੱਕਤਰਫ਼ਾ ਜਿੱਤ ਨੇ ਵਿਰੋਧੀ ਪਾਰਟੀਆਂ ਦੇ ਸਾਰੇ ਦਾਅਵਿਆਂ ਅਤੇ ਸੁਪਨਿਆਂ ਨੂੰ ਚਕਨਾਚੂਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਨਤੀਜੇ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ, ਲੋਕ-ਭਲਾਈ ਦੀਆਂ ਨੀਤੀਆਂ ਤੇ ਪਾਰਦਰਸ਼ੀ ਪ੍ਰਸ਼ਾਸਨ ’ਤੇ ਲੋਕਾਂ ਦੀ ਮੋਹਰ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਦੇ ਹਿੱਤਾਂ ਨੂੰ ਪਹਿਲ ਦਿੱਤੀ ਹੈ ਜਿਸ ਕਾਰਨ ਲੋਕਾਂ ਦਾ ਵਿਸ਼ਵਾਸ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਤਾਜ਼ਾ ਚੋਣ ਨਤੀਜੇ ਸਪੱਸ਼ਟ ਸੰਕੇਤ ਹਨ ਕਿ ਪੰਜਾਬ ਦੀ ਜਨਤਾ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਨੂੰ ਮੁੜ ਸੱਤਾ ਦੀ ਕਮਾਨ ਸੌਂਪਣ ਦਾ ਮਨ ਬਣਾ ਚੁੱਕੀ ਹੈ।
ਨਗਰ ਨਿਗਮ ਤੇ ਨਗਰ ਪੰਚਾਇਤ ਚੋਣਾਂ ’ਚ ‘ਆਪ’ ਦੀ ਇਕਤਰਫ਼ਾ ਜਿੱਤ- ਰੌਬੀ ਕੰਗ
ਅਜੀਤ ਡੈਸਕ
10-07-2026