ਨਵਾਂਸ਼ਹਿਰ, 16 ਜੁਲਾਈ (ਜਸਬੀਰ ਸਿੰਘ ਨੂਰਪੁਰ)- ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰਾਸ਼ਟਰੀ ਵੈਕਟਰ ਬੌਰਨ ਡਿਜ਼ੀਜ਼ ਕੰਟਰੋਲ ਪ੍ਰੋਗਰਾਮ ਤਹਿਤ ਡੇਂਗੂ, ਚਿਕਨਗੁਨੀਆ, ਮਲੇਰੀਆ ਅਤੇ ਹੋਰ ਵੈਕਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਸਬੰਧੀ ਇੰਟਰ-ਸੈਕਟੋਰਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸਿਹਤ ਵਿਭਾਗ, ਸਿੱਖਿਆ ਵਿਭਾਗ, ਸਥਾਨਕ ਸਰਕਾਰ ਵਿਭਾਗ, ਪੰਚਾਇਤ ਰਾਜ, ਖੇਤੀਬਾੜੀ ਵਿਭਾਗ, ਇੰਡੀਅਨ ਮੈਡੀਕਲ ਐਸੋਸੀਏਸ਼ਨ, ਟਰਾਂਸਪੋਰਟ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਕਿਹਾ ਕਿ ਡੇਂਗੂ ਨੂੰ ਫੈਲਣ ਤੋਂ ਪਹਿਲਾਂ ਹੀ ਕਾਬੂ ਕਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਹਾਈ ਰਿਸਕ ਏਰੀਆ ਦੀ ਵਿਸ਼ੇਸ਼ ਨਿਗਰਾਨੀ ਕਰਨ ਦੀ ਹਦਾਇਤ ਕਰਦੇ ਹੋਏ ਕਿਹਾ ਕਿ ਘਰ-ਘਰ ਲਾਰਵਾ ਸਰਵੇ ਅਤੇ ਤੁਰੰਤ ਸਰੋਤ ਨਸ਼ਟ ਕਰਨ ਦੀ ਕਾਰਵਾਈ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਯਕੀਨੀ ਬਣਾਇਆ ਜਾਏ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ ਲਾਰਵਾ ਸਰਵੇ, ਸਫ਼ਾਈ ਮੁਹਿੰਮਾਂ ਤੇ ਜਨ-ਜਾਗਰੂਕਤਾ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ। ਉਨ੍ਹਾਂ ਹਦਾਇਤ ਕੀਤੀ ਕਿ ‘ਹਰ ਸ਼ੁੱਕਰਵਾਰ–ਡੇਂਗੂ ‘ਤੇ ਵਾਰ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ ਤੇ ਲੋਕਾਂ ਨੂੰ ਹਰ ਹਫ਼ਤੇ ਕੂਲਰਾਂ, ਫਰਿੱਜ ਦੀਆਂ ਟਰੇਆਂ, ਗਮਲਿਆਂ ਤੇ ਹੋਰ ਪਾਣੀ ਇਕੱਠਾ ਕਰਨ ਵਾਲੀਆਂ ਥਾਵਾਂ ਦੀ ਸਫ਼ਾਈ ਲਈ ਪ੍ਰੇਰਿਤ ਕੀਤਾ ਜਾਵੇ। ਇਸ ਦੇ ਨਾਲ ਹੀ ਘਰਾਂ ਦੀਆਂ ਛੱਤਾਂ, ਪੁਰਾਣੇ ਟਾਇਰਾਂ, ਕਬਾੜ ਤੇ ਹੋਰ ਥਾਵਾਂ ‘ਤੇ ਪਾਣੀ ਖੜ੍ਹਾ ਨਾ ਹੋਣ ਦੇਣ ਲਈ ਵਿਸ਼ੇਸ਼ ਜਾਗਰੂਕਤਾ ਫੈਲਾਈ ਜਾਵੇ, ਕਿਉਂਕਿ ਡੇਂਗੂ ਦਾ ਮੱਛਰ ਸਾਫ਼ ਤੇ ਥੋੜ੍ਹੇ ਜਿਹੇ ਪਾਣੀ ਵਿੱਚ ਵੀ ਪੈਦਾ ਹੋ ਜਾਂਦਾ ਹੈ। ਉਨ੍ਹਾਂ ਸ਼ਹਿਰਾਂ ਵਿਚ ਸਥਾਨਕ ਸਰਕਾਰ ਵਿਭਾਗ ਤੇ ਪੇਂਡੂ ਖੇਤਰਾਂ ਵਿੱਚ ਪੰਚਾਇਤੀ ਵਿਭਾਗ ਨੂੰ ਹਦਾਇਤ ਕੀਤੀ ਗਈ ਕਿ ਜਿਨ੍ਹਾਂ ਘਰਾਂ ਜਾਂ ਅਦਾਰਿਆਂ ਵਿੱਚ ਵਾਰ-ਵਾਰ ਡੇਂਗੂ ਦਾ ਲਾਰਵਾ ਮਿਲੇ, ਉਨ੍ਹਾਂ ਖ਼ਿਲਾਫ਼ ਨਿਯਮਾਂ ਅਨੁਸਾਰ ਚੇਤਾਵਨੀ ਜਾਰੀ ਕਰਨ ਉਪਰੰਤ ਜੁਰਮਾਨੇ ਦੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਚੌਕਸ ਹੈ ਅਤੇ ਘਰ-ਘਰ ਲਾਰਵਾ ਸਰਵੇ, ਜਾਗਰੂਕਤਾ ਮੁਹਿੰਮਾਂ, ਐਂਟੀ-ਲਾਰਵਾ ਗਤੀਵਿਧੀਆਂ ਅਤੇ ਬਿਮਾਰੀ ਦੀ ਨਿਰੰਤਰ ਨਿਗਰਾਨੀ ਕੀਤੀ ਜਾ ਰਹੀ ਹੈ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਨੇ ਡੇਂਗੂ ਦੇ ਲੱਛਣਾਂ, ਬਚਾਅ, ਰੋਕਥਾਮ ਗਤੀਵਿਧੀਆਂ ਅਤੇ ਇਲਾਜ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਡਿਪਟੀ ਸਹਾਇਕ ਸਿਵਲ ਸਰਜਨ ਡਾ. ਬਲਜੀਤ ਕਮਲ, ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ, ਡਾ. ਸਤਿੰਦਰਜੀਤ ਕੌਰ, ਡਾ. ਨੀਨਾ ਸ਼ਾਂਤ, ਡਾ. ਜਸਵਿੰਦਰ ਸਿੰਘ, ਡਾ. ਚਰਨਜੀਤ ਕੁਮਾਰ, ਡਾ. ਸੋਨੀਆ ਤੇ ਵੱਖ-ਵੱਖ ਸਿਹਤ ਸੰਸਥਾਵਾਂ ਦੇ ਮੁਖੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ।