ਹਰਿਆਣਾ, 17 ਜੁਲਾਈ (ਹਰਮੇਲ ਸਿੰਘ ਖੱਖ)-ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦਿਆਂ ਭਲਾਈ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪਿੰਡ ਭਾਗੋਵਾਲ ਵਿਖੇ ਕਰਵਾਈ ਗਈ ‘ ਲੋਕ ਮਿਲਣੀ’ ਦੌਰਾਨ ਕੀਤਾ। ਇਸ ਲੋਕ ਮਿਲਣੀ ਮੌਕੇ ਮੁੱਖ ਮੰਤਰੀ ਮੇਰੀ ਰਸੋਈ ਸਕੀਮ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ ਤੇ ਪਿੰਡ ਪੱਧਰ ‘ਤੇ ਵੀ ਨੌਜਵਾਨਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਲੋਕ ਮਿਲਣੀ ਦਾ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਮੌਕੇ ‘ਤੇ ਸੁਣ ਕੇ ਉਨ੍ਹਾਂ ਦਾ ਤੁਰੰਤ ਨਿਪਟਾਰਾ ਕਰਨਾ ਹੈ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਮਾਮਲਿਆਂ ਦੀ ਸਮੀਖਿਆ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਲੋਕਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕਰਨ ਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀ ਸੇਵਾ ਲਈ ਪੂਰੀ ਇਮਾਨਦਾਰੀ ਅਤੇ ਜਵਾਬਦੇਹੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਭਾਗੋਵਾਲ ਸਮੇਤ ਪੂਰੇ ਹਲਕੇ ਵਿਚ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ ਤੇ ਲੋਕਾਂ ਦੀ ਹਰ ਜਾਇਜ਼ ਮੰਗ ਨੂੰ ਤਰਜੀਹ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ। ਇਸ ਮੌਕੇ ਸਰਪੰਚ ਅਮਰਜੀਤ ਸਿੰਘ, ਹਰਜੀਤ ਸਿੰਘ ਪੰਚ, ਗੁਰਪ੍ਰੀਤ ਸਿੰਘ ਪੰਚ, ਪ੍ਰਿਆ ਹਾਂਡਾ, ਸੁਖਜਿੰਦਰ ਸਿੰਘ ਪੰਚ, ਗੁਰਬਚਨ ਸਿੰਘ ਨੰਬਰਦਾਰ, ਬਲਵੰਤ ਸਿੰਘ, ਗੁਰਜੀਤ ਸਿੰਘ, ਸੁਰਿੰਦਰ ਸਿੰਘ, ਬਲਜਿੰਦਰ ਸਿੰਘ ਆਦਿ ਮੌਜੂਦ ਸਨ।