ਨਵਾਂਸ਼ਹਿਰ/ਜਾਡਲਾ, 17 ਜੁਲਾਈ (ਦੀਦਾਰ ਸਿੰਘ ਸ਼ੇਤਰਾ, ਹਰਕੰਵਲ ਸਿੰਘ ਕੌਲਗੜ੍ਹ) - ਆਮ ਆਦਮੀ ਪਾਰਟੀ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ਼ਹੀਦ ਭਗਤ ਸਿੰਘ ਨਗਰ ਚੌਧਰੀ ਸੰਜੀਵ ਚੇਚੀ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਲੋਕਾਂ ਦੀਆਂ ਉਮੀਦਾਂ ਨੂੰ ਹਕੀਕਤ ਵਿੱਚ ਤਬਦੀਲ ਕਰਕੇ ਉਹਨਾਂ ਦਾ ਦਿਲ ਜਿੱਤ ਲਿਆ ਹੈ। ਪਾਰਟੀ ਵਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਰਬਪੱਖੀ ਵਿਕਾਸ ਨੂੰ ਤਰਜੀਹ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਵਿਕਾਸ ਕਾਰਜਾਂ ਕਾਰਨ ਅੱਜ ਜ਼ਿਲ੍ਹਾ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਨੂੰ ਛੋਹ ਰਿਹਾ ਹੈ। ਚੌਧਰੀ ਚੇਚੀ ਨੇ ਕਿਹਾ ਕਿ ਨਵਾਂਸ਼ਹਿਰ ਦੀ ਭੂਗੋਲਿਕ ਬਣਤਰ ਪੰਜਾਬ ਦੇ ਹੋਰਨਾਂ ਜ਼ਿਲ੍ਹਿਆਂ ਨਾਲੋਂ ਵੱਖਰੀ ਹੈ। ਜ਼ਿਲ੍ਹੇ ਵਿੱਚ ਕੰਢੀ, ਬੇਟ ਅਤੇ ਮੈਦਾਨੀ ਖੇਤਰ ਸ਼ਾਮਲ ਹਨ। ਜਿਨ੍ਹਾਂ ਦੀਆਂ ਲੋੜਾਂ ਅਤੇ ਉਹਨਾਂ ਨੂੰ ਵੱਖੋ ਵਖਰੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਹਕੀਕਤ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਵਲੋਂ ਹਰ ਖੇਤਰ ਲਈ ਵੱਖੋ ਵੱਖਰੇ ਢੰਗਾਂ ਨਾਲ ਵਿਕਾਸ ਕਾਰਜ ਕਰਵਾਏ ਗਏ ਹਨ। ਕੰਢੀ ਖੇਤਰ ਵਿੱਚ ਸਿੰਚਾਈ ਲਈ ਪਾਣੀ ਦੀ ਸਮੱਸਿਆ ਦੇ ਹੱਲ ਲਈ ਕੀਤੇ ਕੰਮ ਇਤਿਹਾਸਕ ਹੋ ਨਿਬੜੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿਰਫ਼ ਵਾਅਦੇ ਨਹੀਂ ਕੀਤੇ, ਸਗੋਂ ਉਨ੍ਹਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਕੇ ਲੋਕਾਂ ਦਾ ਭਰੋਸਾ ਵੀ ਜਿੱਤਿਆ ਹੈ। ਚੇਚੀ ਨੇ ਕਿਹਾ ਕਿ ਸੜਕਾਂ, ਪੀਣ ਵਾਲੇ ਪਾਣੀ, ਲੋਕ ਭਲਾਈ ਯੋਜਨਾਵਾਂ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਹੋਏ ਕੰਮਾਂ ਨੇ ਨਵਾਂਸ਼ਹਿਰ ਨੂੰ ਵਿਕਾਸ ਦਾ ਮਾਡਲ ਬਣਾਉਣ ਦੀ ਦਿਸ਼ਾ ਵਿੱਚ ਅੱਗੇ ਵਧਾਇਆ ਹੈ। ਉਨ੍ਹਾਂ ਕਿਹਾ ਕਿ ਸਾਡਾ ਇਹ ਜ਼ਿਲ੍ਹਾ ਸੂਬੇ ਭਰ ਵਿੱਚ ਵਿਕਾਸ ਲਈ ਮਾਡਲ ਵਜੋਂ ਸਾਹਮਣੇ ਆਵੇਗਾ।