ਸੜੋਆ, 18 ਜੁਲਾਈ (ਹਰਮੇਲ ਸਹੂੰਗੜਾ) - ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸੜੋਆ ਨੇ ਦੱਸਿਆ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਕੱਚੇ ਮੁਲਾਜ਼ਮਾਂ ਨੂੰ ਦਰ-ਦਰ ਦੀਆਂ ਠੋਕਰਾਂ ਖਾਣੀਆਂ ਪੈ ਰਹੀਆਂ ਹਨ। ਸਰਕਾਰ ਵੱਲੋਂ ਵਾਰ-ਵਾਰ ਸਮਾਂ ਦੇਣ ’ਤੇ ਵਾਰ-ਵਾਰ ਮੀਟਿੰਗਾਂ ਨੂੰ ਪੋਸਟਪੋਨ ਕਰਨਾ ਮੁਲਾਜ਼ਮਾਂ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਐਨ.ਐਸ.ਕਿਊ.ਐਫ ਵੋਕੇਸ਼ਨਲ ਟੀਚਰਜ਼ ਫਰੰਟ ਪੰਜਾਬ ਦੀ ਸਬ-ਕਮੇਟੀ ਦੀ ਇੱਕ ਅਹਿਮ ਮੀਟਿੰਗ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ। ਇਸ ਪੈਨਲ ਮੀਟਿੰਗ ਵਿੱਚ ਡਿਪਟੀ ਸਕੱਤਰ ਸਿੱਖਿਆ ਵਿਭਾਗ ਹਰਪ੍ਰੀਤ ਸਿੰਘ ਵੀ ਮੌਜੂਦ ਰਹੇ। ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਸਪੱਸ਼ਟ ਕੀਤਾ ਕਿ ਐਨ.ਐਸ.ਕਿਊ.ਐਫ. ਵੋਕੇਸ਼ਨਲ ਅਧਿਆਪਕਾਂ ਨੂੰ ਹਾਲੇ ਤੱਕ ਬਣ ਰਹੀ ਆਊਟਸੋਰਸ ਨੀਤੀ ਵਿੱਚ ਸ਼ਾਮਲ ਨਹੀਂ ਕੀਤਾ ਗਿਆ। ਇਸ ’ਤੇ ਫਰੰਟ ਵੱਲੋਂ ਸਖ਼ਤ ਇਤਰਾਜ਼ ਪ੍ਰਗਟ ਕੀਤਾ ਗਿਆ ਅਤੇ ਮੰਗ ਕੀਤੀ ਗਈ ਕਿ ਐਨ.ਐਸ.ਕਿਊ.ਐਫ. ਵੋਕੇਸ਼ਨਲ ਅਧਿਆਪਕਾਂ ਨੂੰ ਵੀ ਇਸ ਨੀਤੀ ਦਾ ਹਿੱਸਾ ਬਣਾਇਆ ਜਾਵੇ। ਵਿੱਤ ਮੰਤਰੀ ਨੇ ਮੌਕੇ ’ਤੇ ਹੀ ਡਿਪਟੀ ਸਕੱਤਰ ਹਰਪ੍ਰੀਤ ਸਿੰਘ ਨੂੰ ਹਦਾਇਤ ਕੀਤੀ ਕਿ ਐਨ.ਐਸ.ਕਿਊ.ਐਫ ਵੋਕੇਸ਼ਨਲ ਅਧਿਆਪਕਾਂ ਦਾ ਲੋੜੀਂਦਾ ਡਾਟਾ ਜਲਦੀ ਤੋਂ ਜਲਦੀ ਪਰਸੋਨਲ ਵਿਭਾਗ ਨੂੰ ਭੇਜਿਆ ਜਾਵੇ ਤਾਂ ਜੋ ਬਣ ਰਹੀ ਆਊਟਸੋਰਸ ਨੀਤੀ ਵਿੱਚ ਉਨ੍ਹਾਂ ਨੂੰ ਵੀ ਸ਼ਾਮਲ ਕੀਤਾ ਜਾ ਸਕੇ। ਮੀਟਿੰਗ ਤੋਂ ਬਾਅਦ ਫਰੰਟ ਦੀ ਸਟੇਟ ਕਮੇਟੀ ਨੇ ਵਿਚਾਰ-ਵਟਾਂਦਰਾ ਕਰਦਿਆਂ ਫ਼ੈਸਲਾ ਲਿਆ ਕਿ ਸਰਕਾਰ ਨੂੰ ਇਸ ਪ੍ਰਕਿਰਿਆ ਨੂੰ ਪੂਰਾ ਕਰਨ ਲਈ ਕੁਝ ਦਿਨਾਂ ਦਾ ਸਮਾਂ ਦਿੱਤਾ ਜਾਵੇਗਾ ਪਰ ਜਦੋਂ ਤੱਕ ਐਨ.ਐਸ.ਕਿਊ.ਐਫ ਵੋਕੇਸ਼ਨਲ ਅਧਿਆਪਕਾਂ ਨੂੰ ਆਊਟਸੋਰਸ ਨੀਤੀ ਵਿੱਚ ਸ਼ਾਮਲ ਕਰਨ ਸਬੰਧੀ ਠੋਸ ਤੇ ਲਿਖਤੀ ਕਾਰਵਾਈ ਨਹੀਂ ਹੁੰਦੀ, ਤਦ ਤੱਕ ਸੰਘਰਸ਼ ਜਾਰੀ ਰਹੇਗਾ। ਫਰੰਟ ਨੇ ਪੰਜਾਬ ਭਰ ਦੇ ਸਮੂਹ ਐਨ.ਐਸ.ਕਿਊ.ਐਫ. ਵੋਕੇਸ਼ਨਲ ਅਧਿਆਪਕਾਂ, ਸਮੂਹ ਭਰਾਤਰੀ ਜਥੇਬੰਦੀਆਂ, ਮੁਲਾਜ਼ਮ ਤੇ ਅਧਿਆਪਕ ਸੰਗਠਨਾਂ ਨੂੰ ਅਪੀਲ ਕੀਤੀ ਕਿ ਇਸ ਪੱਕੇ ਧਰਨੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ, ਆਪਣੇ ਪਰਿਵਾਰਾਂ ਸਮੇਤ, ਸ਼ਮੂਲੀਅਤ ਕਰਕੇ ਸੰਘਰਸ਼ ਨੂੰ ਮਜ਼ਬੂਤ ਕਰਨ।